Friday, November 22, 2024

ਜ਼ਿਲ੍ਹਾ ਸੰਗਰੂਰ ਦੇ ਵੱਖ-ਵੱਖ ਵਿਧਾਨ ਸਭਾ ਸੈਗਮੈਂਟਾਂ ‘ਚ ਚੋਣ ਅਮਲੇ ਦੀ ਪਹਿਲੀ ਰਿਹਰਸਲ ਹੋਈ

ਸੰਗਰੂਰ, 5 ਮਈ (ਜਗਸੀਰ ਲੌਂਗੋਵਾਲ) – 1 ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲੋਕ ਸਭਾ ਹਲਕਾ 12-ਸੰਗਰੂਰ ਅਧੀਨ ਆਉਂਦੇ ਜ਼ਿਲ੍ਹਾ ਸੰਗਰੂਰ ਦੇ ਪੰਜ ਵਿਧਾਨ ਸਭਾ ਸੈਗਮੈਂਟਾਂ ਵਿੱਚ ਚੋਣ ਅਮਲੇ ਦੀ ਪਹਿਲੀ ਰਿਹਰਸਲ ਅੱਜ ਸਹਾਇਕ ਰਿਟਰਨਿੰਗ ਅਧਿਕਾਰੀਆਂ ਦੀ ਨਿਗਰਾਨੀ ਹੇਠ ਕਰਵਾਈ ਗਈ।ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਮੂਹ ਸਹਾਇਕ ਰਿਟਰਨਿੰਗ ਅਧਿਕਾਰੀਆਂ ਨੇ ਸਬੰਧਤ ਚੋਣ ਅਮਲੇ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਨਾਲ ਨਿਭਾਉਣ ਦੀ ਹਦਾਇਤ ਕੀਤੀ।ਪਹਿਲੀ ਰਿਹਰਸਲ ਦੌਰਾਨ 1426 ਪ੍ਰੀਜਾਈਡਿੰਗ ਅਧਿਕਾਰੀਆਂ, 1426 ਸਹਾਇਕ ਪ੍ਰੀਜਾਈਡਿੰਗ ਅਧਿਕਾਰੀਆਂ ਅਤੇ 3304 ਪੋਲਿੰਗ ਅਫਸਰਾਂ ਨੇ ਹਿੱਸਾ ਲਿਆ।
ਰਿਹਰਸਲ ਦੌਰਾਨ ਮਾਸਟਰ ਟਰੇਨਰਾਂ ਵਲੋਂ ਚੋਣ ਅਮਲੇ ਨਾਲ ਸਬੰਧਤ ਪ੍ਰੀਜਾਈਡਿੰਗ ਅਧਿਕਾਰੀਆਂ, ਸਹਾਇਕ ਪ੍ਰੀਜਾਈਡਿੰਗ ਅਧਿਕਾਰੀਆਂ ਤੇ ਪੋਲਿੰਗ ਅਫ਼ਸਰਾਂ ਨੂੰ ਵੋਟਿੰਗ ਪ੍ਰਕਿਰਿਆ ਦੀਆਂ ਬਾਰੀਕੀਆਂ ਬਾਰੇ ਤਕਨੀਕੀ ਜਾਣਕਾਰੀ ਦਿੱਤੀ ਗਈ।ਪੋਸਟਲ ਬੈਲੇਟ ਅਤੇ ਈ.ਡੀ.ਸੀ ਬਾਰੇ ਵੀ ਵਿਸਥਾਰ ਵਿੱਚ ਜਾਣੂ ਕਰਵਾਇਆ ਗਿਆ ਅਤੇ ਦੱਸਿਆ ਗਿਆ ਕਿ ਚੋਣ ਡਿਉਟੀ `ਤੇ ਸੇਵਾਵਾਂ ਨਿਭਾਅ ਰਹੇ ਅਮਲੇ ਦਾ ਮਤਦਾਨ ਪੋਸਟਲ ਬੈਲੇਟ ਅਤੇ ਈ.ਡੀ.ਸੀ ਰਾਹੀਂ ਕਰਵਾਉਣ ਲਈ ਇਸ ਵਾਰ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼਼ਾਂ ਹੇਠ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ।
ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕ ਸਭਾ ਚੋਣਾਂ ਦਾ ਸਮੁੱਚਾ ਅਮਲ ਸ਼ਾਂਤੀਪੂਰਵਕ, ਸੁਰੱਖਿਅਤ ਤੇ ਪਾਰਦਰਸ਼ੀ ਢੰਗ ਨਾਲ ਮੁਕੰਮਲ ਕਰਨ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ।ਵੋਟਰਾਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਬਿਨਾਂ ਕਿਸੇ ਡਰ, ਦਬਾਅ ਜਾਂ ਲਾਲਚ ਤੋਂ ਆਪਣੀ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ।
ਅੱਜ ਹੋਈ ਪਹਿਲੀ ਰਿਹਰਸਲ ਦੌਰਾਨ ਸਹਾਇਕ ਰਿਟਰਨਿੰਗ ਅਫਸਰ 99-ਲਹਿਰਾ ਸੂਬਾ ਸਿੰਘ, ਸਹਾਇਕ ਰਿਟਰਨਿੰਗ ਅਫ਼ਸਰ 100-ਦਿੜ੍ਹਬਾ ਰਾਜੇਸ਼ ਸ਼ਰਮਾ, ਸਹਾਇਕ ਰਿਟਰਨਿੰਗ ਅਫ਼ਸਰ 101-ਸੁਨਾਮ ਪਰਮੋਦ ਸਿੰਗਲਾ, ਸਹਾਇਕ ਰਿਟਰਨਿੰਗ ਅਫ਼ਸਰ 107-ਧੂਰੀ ਅਮਿਤ ਗੁਪਤਾ, ਸਹਾਇਕ ਰਿਟਰਨਿੰਗ ਅਫ਼ਸਰ 108-ਸੰਗਰੂਰ ਚਰਨਜੋਤ ਸਿੰਘ ਵਾਲੀਆ ਨੇ ਜਾਇਜ਼ਾ ਲਿਆ ਅਤੇ ਸਬੰਧਤ ਅਮਲੇ ਨੂੰ ਆਪਣੀ ਜਿੰਮੇਵਾਰੀ ਪੂਰੀ ਲਗਨ ਤੇ ਇਮਾਨਦਾਰੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ।

 

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …