ਅੰਮ੍ਰਿਤਸਰ, 11 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹਰ ਸਾਲ ਲਈ ਜਾਂਦੀ ਧਾਰਮਿਕ ਪ੍ਰੀਖਿਆ ਦਰਜ਼ਾ ਤੀਜਾ ਦੇ ਐਲਾਨੇ ਨਤੀਜੇ ’ਚ ਚੰਗੇ ਅੰਕ ਪ੍ਰਾਪਤ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਦੇ 42 ਵਿਦਿਆਰਥੀਆਂ ਨੇ ਚੰਗੇ ਅੰਕ ਪ੍ਰਾਪਤ ਕਰਕੇ ਸਫ਼ਲਤਾ ਹਾਸਲ ਕੀਤੀ ਅਤੇ ਇਨ੍ਹਾਂ ਵਿਦਿਆਰਥੀਆਂ ’ਚੋਂ 70% ਤੋਂ ਵਧੇਰੇ ਨੰਬਰ ਪ੍ਰਾਪਤ ਕਰਨ ਵਾਲੇ 14 ਵਿਦਿਆਰਥੀਆਂ ਨੇ ਵਜ਼ੀਫ਼ਾ ਵੀ ਹਾਸਲ ਕੀਤਾ ਹੈ।
ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਉਕਤ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ ਹਰੇਕ ਸਾਲ ਲਈ ਜਾਂਦੀ ਧਾਰਮਿਕ ਪ੍ਰੀਖਿਆ ਦਰਜ਼ਾ ਤੀਜਾ (ਫਰਵਰੀ 2024) ਦਾ ਨਤੀਜ਼ਾ ਐਲਾਨਿਆ ਗਿਆ, ਜਿਸ ’ਚੋਂ ਕਾਲਜ ਦੇ ਬੀ.ਏ ’ਚ ਪੜ੍ਹਦੇ ਵਿਦਿਆਰਥੀ ਨੇ ਪ੍ਰੀਖਿਆ ’ਚ ਭਾਗ ਲਿਆ।ਉਨ੍ਹਾਂ ’ਚੋਂ 42 ਵਿਦਿਆਰਥੀਆਂ ਨੇ ਚੰਗੇ ਅੰਕ ਪ੍ਰਾਪਤ ਕਰਕੇ ਕਾਮਯਾਬੀ ਪ੍ਰਾਪਤ ਕੀਤੀ ਅਤੇ ਇਨ੍ਹਾਂ ’ਚੋਂ 70% ਤੋਂ ਵਧੇਰੇ ਨੰਬਰ ਪ੍ਰਾਪਤ ਕਰਨ ਵਾਲੇ 14 ਵਿਦਿਆਰਥੀਆਂ ਨੇ ਵਜ਼ੀਫ਼ਾ ਵੀ ਹਾਸਲ ਕੀਤਾ, ਜਿਸ ਦੀ ਕੁੱਲ ਰਕਮ 43,400/- ਰੁਪਏ ਬਣਦੀ ਹੈ।
ਉਨ੍ਹਾਂ ਕਿਹਾ ਕਿ ਅਜਿਹੀਆਂ ਧਾਰਮਿਕ ਪ੍ਰੀਖਿਆਵਾਂ ਲੈ ਕੇ ਅਤੇ ਵਜ਼ੀਫੇ ਵੰਡ ਕੇ ਸ਼੍ਰੋਮਣੀ ਕਮੇਟੀ ਸਿੱਖੀ ਦੇ ਪ੍ਰਚਾਰ-ਪ੍ਰਸਾਰ ਲਈ ਪ੍ਰਸੰਸਾਯੋਗ ਕਾਰਜ਼ ਨਿਭਾਅ ਰਹੀ ਹੈ।ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਨਤੀਜ਼ਾ ਸਾਬਤ ਕਰਦਾ ਹੈ ਕਿ ਕਾਲਜ ਦੇ ਵਿਦਿਆਰਥੀ ਗੁਰਬਾਣੀ, ਗੁਰ-ਇਤਿਹਾਸ, ਸਿੱਖ ਇਤਿਹਾਸ ਅਤੇ ਸਿੱਖ ਰਹਿਤ ਮਰਿਯਾਦਾ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਰੱਖਦੇ ਹਨ।
ਇਸ ਮੌਕੇ ਡਾ. ਮਹਿਲ ਸਿੰਘ ਨੇ ਵਿਦਿਆਰਥੀਆਂ ਦੀ ਅਗਵਾਈ ਕਰਨ ਵਾਲੇ ਸਿੱਖ ਇਤਿਹਾਸ ਖੋਜ਼ ਕੇਂਦਰ ਇੰਚਾਰਜ ਡਾ. ਹਰਦੇਵ ਸਿੰਘ, ਸਟਾਫ਼ ਡਾ. ਸ਼ਮਸ਼ੇਰ ਸਿੰਘ, ਡਾ. ਪਵਨਪ੍ਰੀਤ ਕੌਰ ਅਤੇ ਪ੍ਰੋ. ਅਮਨਪ੍ਰੀਤ ਸਿੰਘ ਨੂੰ ਮਾਣਮੱਤੀ ਪ੍ਰਾਪਤੀ ’ਤੇ ਮੁਬਾਰਕਬਾਦ ਦਿੱਤੀ।
Check Also
ਯੂਨੀਵਰਸਿਟੀ ਐਨ.ਐਸ.ਐਸ ਯੂਨਿਟਾਂ ਨੇ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ
ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਐਨ.ਐਸ.ਐਸ ਯੂਨਿਟ 1 ਅਤੇ …