Thursday, November 21, 2024

ਸਿੱਖਿਆ ਦੇ ਖੇਤਰ ‘ਚ ਮੋਹਰੀ ਬਣ ਕੇ ਉਭਰ ਰਹੀਆਂ ਨੇ ਲੜਕੀਆਂ – ਈ.ਟੀ.ਓ

ਅੰਮ੍ਰਿਤਸਰ, 17 ਅਗਸਤ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ ਹੈ।ਇਸੇ ਹੀ ਲੜੀ ਤਹਿਤ ਸਕੂਲ ਆਫ ਐਮੀਨੈਂਸ ਬਣਾਏ ਜਾ ਰਹੇ ਹਨ ਅਤੇ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਵਾਉਣ ਦੇ ਉਦੇਸ਼ ਨਾਲ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚ ਟ੍ਰੇਨਿੰਗ ਵੀ ਦਿਵਾਈ ਜਾ ਰਹੀ ਹੈ।
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਬੀਬੀ ਕੌਲਾਂ ਜੀ ਡਿਗਰੀ ਕਾਲਜ ਸਰਾਏ ਰੋਡ ਜੰਡਿਆਲਾ ਗੁਰੂ ਦੇ ਸਲਾਨਾ ਇਨਾਮ ਵੰਡ ਸਮਾਗਮ ਵਿੱਚ ਸ਼ਿਰਕਤ ਕਰਨ ਸਮੇਂ ਕਿਹਾ ਕਿ ਇਸ ਕਾਲਜ ਦੀਆਂ ਬੱਚੀਆਂ ਹਮੇਸ਼ਾਂ ਹੀ ਆਪਣੇ ਕਾਲਜ ਦਾ ਨਾਮ ਰੋਸ਼ਨ ਕਰਦੀਆਂ ਹਨ।ਅੱਜ ਦੀਆਂ ਬੱਚੀਆਂ ਕਿਸੇ ਵੀ ਤਰ੍ਹਾਂ ਨਾਲ ਲੜਕਿਆਂ ਨਾਲੋਂ ਪਿੱਛੇ ਨਹੀਂ ਅਤੇ ਸਿੱਖਿਆ ਦੇ ਖੇਤਰ ਵਿੱਚ ਲੜਕੀਆਂ ਦਾ ਦਬਦਬਾ ਲਗਾਤਾਰ ਵਧ ਰਿਹਾ ਹੈ।
ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਕਿਹਾ ਕਿ ਸਿੱਖਿਆ ਦੇ ਨਾਲ ਨਾਲ ਬੱਚਿਆਂ ਨੂੰ ਖੇਡਾਂ ਵਿੱਚ ਵੀ ਭਾਗ ਲੈਣਾ ਚਾਹੀਦਾ ਹੈ ਤਾਂ ਜੋ ਮਾਨਸਿਕ ਵਿਕਾਸ ਦੇ ਨਾਲ ਨਾਲ ਸਰੀਰਕ ਵਿਕਾਸ ਵੀ ਹੋ ਸਕੇ।ਉਨ੍ਹਾਂ ਕਿਹਾ ਕਿ ਖੇਡਾਂ ਬੱਚਿਆਂ ਵਿੱਚ ਅਨੁਸਾਸ਼ਨ ਪੈਦਾ ਕਰਦੀਆਂ ਹਨ।ਉਨ੍ਹਾਂ ਆਪਣੇ ਅਖਤਿਆਰੀ ਫੰਡ ਵਿਚੋਂ ਕਾਲਜ ਨੂੰ 5 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ ਅਤੇ ਸਲਾਨਾ ਇਨਾਮ ਵੰਡ ਸਮਾਗਮ ਦੌਰਾਨ ਮੱਲਾਂ ਮਾਰਨ ਵਾਲੀਆਂ ਬੱਚੀਆਂ ਨੂੰ ਇਨਾਮ ਤਕਸੀਮ ਕੀਤੇ।
ਇਸ ਮੌਕੇ ਕਾਲਜ ਦੇ ਕਾਲਜ ਕਮੇਟੀ ਦੇ ਚੇਅਰਮੈਨ ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ, ਮੈਨੇਜਿੰਗ ਡਾਇਰੈਕਟਰ ਭਾਈ ਨਰਿੰਦਰ ਸਿੰਘ, ਭਾਈ ਹਰਵਿੰਦਰਪਾਲ ਸਿੰਘ ਲਿਟਲ, ਤੀਰਥ ਸਿੰਘ ਤੋਂ ਇਲਾਵਾ ਹੋਰ ਪ੍ਰਮੁੱਖ ਸਖਸ਼ੀਅਤਾਂ ਹਾਜ਼ਰ ਸਨ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …