Wednesday, December 11, 2024

ਗੁ. ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਸਜਾਇਆ ਨਗਰ ਕੀਰਤਨ

ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਨਤਮਸਤਕ

ਅੰਮ੍ਰਿਤਸਰ, 4 ਸਤੰਬਰ (ਜਗਦੀਪ ਸਿੰਘ) – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਅੱਜ ਵੱਡੀ ਗਿਣਤੀ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।ਸ਼੍ਰੋਮਣੀ ਕਮੇਟੀ ਵੱਲੋਂ ਕਰਵਾਏ ਗਏ ਸਮਾਗਮਾਂ ਸਮੇਂ ਸੰਗਤਾਂ ਨੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ।ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਸਿੱਖ ਪਰੰਪਰਾ ਅਨੁਸਾਰ ਨਗਰ ਕੀਰਤਨ ਸਜਾਇਆ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਗਏ ਇਸ ਨਗਰ ਕੀਰਤਨ ਦੀ ਰਵਾਨਗੀ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ ਨੇ ਪੰਜ ਪਿਆਰੇ, ਨਿਸ਼ਾਨਚੀ ਤੇ ਨਗਾਰਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਸਤਿਕਾਰ ਦਿੱਤਾ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸੰਗਤਾਂ ਨੂੰ ਪਹਿਲੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਇਸ਼ਟ ਹਨ ਅਤੇ ਹਰ ਸਿੱਖ ਦਾ ਫ਼ਰਜ਼ ਹੈ ਕਿ ਉਹ ਪਾਵਨ ਗੁਰਬਾਣੀ ਵੱਲੋਂ ਦਰਸਾਏ ਮਾਰਗ ’ਤੇ ਚੱਲ ਕੇ ਜੀਵਨ ਬਤੀਤ ਕਰੇ।ਉਨ੍ਹਾਂ ਕਿਹਾ ਕਿ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਆਪਣੇ ਹੱਥੀਂ ਸੰਨ 1604 ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰ ਕੇ ਪਹਿਲਾ ਪ੍ਰਕਾਸ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤਾ।ਪੰਜਵੇਂ ਪਾਤਸ਼ਾਹ ਜੀ ਨੇ ਬਾਬਾ ਬੁੱਢਾ ਜੀ ਨੂੰ ਸੇਵਾ ਸੰਭਾਲ ਲਈ ਪਹਿਲੇ ਗ੍ਰੰਥੀ ਥਾਪਿਆ, ਜਿਸ ਨਾਲ ਗ੍ਰੰਥੀ ਪ੍ਰੰਪਰਾ ਦੀ ਆਰੰਭਤਾ ਹੋਈ।ਨਗਰ ਕੀਰਤਨ ਸਮੇਂ ਸਿੱਖ ਨੌਜੁਆਨਾਂ ਵੱਲੋਂ ਗਤਕਾ ਪ੍ਰਦਰਸ਼ਨ ਦੇ ਨਾਲ-ਨਾਲ ਸ਼ਬਦੀ ਜਥਿਆਂ ਨੇ ਸ਼ਬਦ ਗਾਇਨ ਕੀਤਾ।ਸ਼ਰਧਾਲੂਆਂ ਵੱਲੋਂ ਵੱਖ-ਵੱਖ ਪਕਵਾਨਾਂ ਦੇ ਲੰਗਰ ਵੀ ਲਗਾਏ ਗਏ।
ਨਗਰ ਕੀਰਤਨ ਦੌਰਾਨ ਸ਼੍ਰੋਮਣੀ ਕਮੇਟੀ ਦੇ ਜਰਨਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਅਜਾਇਬ ਸਿੰਘ ਅਭਿਆਸੀ, ਭਾਈ ਮਨਜੀਤ ਸਿੰਘ, ਫੈਡਰੇਸ਼ਨ ਆਗੂ ਅਮਰਬੀਰ ਸਿੰਘ ਢੋਟ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓ.ਐਸ.ਡੀ ਸਤਬੀਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ, ਕੁਲਵਿੰਦਰ ਸਿੰਘ ਰਮਦਾਸ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ, ਹਰਭਜਨ ਸਿੰਘ ਵਕਤਾ ਅਤੇ ਵੱਖ-ਵੱਖ ਸਭਾ ਸੁਸਾਇਟੀਆਂ ਦੇ ਨੁਮਾਇੰਦੇ ਅਤੇ ਸੰਗਤਾਂ ਨੇ ਹਾਜ਼ਰੀ ਭਰੀ।

Check Also

ਨੈਸ਼ਨਲ ਪੱਧਰ ‘ਤੇ ਨਿਸ਼ਾਨੇਬਾਜ਼ੀ ‘ਚ ਭੁਪਿੰਦਰਜੀਤ ਸ਼ਰਮਾ ਦਾ ਤੀਜਾ ਸਥਾਨ

ਭੀਖੀ, 11 ਦਸੰਬਰ (ਕਮਲ ਜ਼ਿੰਦਲ) – ਪਿੱਛਲੇ ਦਿਨੀ ਪਿੰਡ ਫਰਵਾਹੀ ਦੇ ਨੌਜਵਾਨ ਭੁਪਿੰਦਰਜੀਤ ਸ਼ਰਮਾ ਪੁੱਤਰ …