Thursday, November 21, 2024

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬਾਬਾ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਬੀਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ।ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਕਥਾਵਾਚਕ ਭਾਈ ਵਿਸ਼ਾਲ ਸਿੰਘ ਨੇ ਲਿਆ।
ਭਾਈ ਵਿਸ਼ਾਲ ਸਿੰਘ ਨੇ ਸੰਗਤਾਂ ਨੂੰ ਬਾਬਾ ਫਰੀਦ ਜੀ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ।ਉਨ੍ਹਾਂ ਕਿਹਾ ਕਿ ਬਾਬਾ ਫਰੀਦ ਜੀ ਦੀ ਬਾਣੀ ਮਨੁੱਖ ਨੂੰ ਪਰਮਾਤਮਾ ਨਾਲ ਜੁੜਨ ਦੀ ਪ੍ਰੇਰਨਾ ਦਿੰਦੀ ਹੈ, ਜਿਸ ਦੀ ਸੇਧ ਵਿਚ ਚੱਲ ਕੇ ਸਫਲ ਜੀਵਨ ਬਤੀਤ ਕੀਤਾ ਜਾ ਸਕਦਾ ਹੈ।ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਗੁਰੂ ਸਾਹਿਬਾਨ ਦੇ ਨਾਲ-ਨਾਲ ਭਗਤਾਂ ਦੀ ਬਾਣੀ ਨੂੰ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਦਰਜ ਕਰਕੇ ਵੱਡਾ ਸਤਿਕਾਰ ਦਿੱਤਾ ਹੈ।ਉਨ੍ਹਾਂ ਬਾਬਾ ਫਰੀਦ ਜੀ ਦੇ ਜਨਮ ਦਿਹਾੜੇ ਦੀ ਸੰਗਤ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਜੀਵਨ ਤੋਂ ਸੇਧ ਲੈ ਕੇ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਦੀ ਅਪੀਲ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਸੁਪਰਡੈਂਟ ਨਿਸ਼ਾਨ ਸਿੰਘ ਤੇ ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਜਗਤਾਰ ਸਿੰਘ ਸ਼ਹੂਰਾ, ਵਧੀਕ ਮੈਨੇਜਰ ਇਕਬਾਲ ਸਿੰਘ ਮੁਖੀ, ਰਾਜਿੰਦਰ ਸਿੰਘ ਰੂਬੀ, ਬਿਕਰਮਜੀਤ ਸਿੰਘ ਝੰਗੀ, ਮੀਤ ਮੈਨੇਜਰ ਗੁਰਤਿੰਦਰਪਾਲ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …