ਜਲਿਆਂਵਾਲਾ ਬਾਗ ਵਿਖੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ, ਭਗਵਾਨ ਵਾਲਮੀਕਿ ਜੀ ਦੀ ਸ਼ੋਭਾ ਯਾਤਰਾ ‘ਚ ਹੋਏ ਸ਼ਾਮਲ
ਅੰਮ੍ਰਿਤਸਰ, 10 ਅਕਤੂਬਰ (ਸੁਖਬੀਰ ਸਿੰਘ) – ਹਾਲ ਹੀ ਵਿੱਚ ਪੰਜਾਬ ਕੈਬਨਿਟ ਦੇ ਹੋਏ ਵਿਸਥਾਰ ਦੌਰਾਨ ਸਥਾਨਕ ਸਰਕਾਰਾਂ ਮੰਤਰੀ ਬਣੇ ਡਾ: ਰਵਜੋਤ ਸਿੰਘ ਅੱਜ ਪਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ ਮੰਦਿਰ ਵਿਖੇ ਨਤਮਸਤਕ ਹੋਏ ਅਤੇ ਇਸ ਵੱਡੀ ਜਿੰਮੇਵਾਰੀ ਨੂੰ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ ਲਈ ਬਲ ਬਖਸ਼ਣ ਦੀ ਅਰਦਾਸ ਕੀਤੀ।ਕੈਬਿਨਟ ਮੰਤਰੀ ਡਾ: ਰਵਜੋਤ ਸਿੰਘ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿੱਚ ਕੱਢੀ ਗਈ ਸ਼ੋਭਾ ਯਾਤਰਾ ਵਿੱਚ ਸ਼ਾਮਲ ਹੋਏ ਅਤੇ ਸੰਗਤਾਂ ਨੂੰ ਸੰਬੋਧਨ ਕਰਦੇ ਭਗਵਾਨ ਵਾਲਮੀਕੀ ਜੀ ਦੇ ਦੱਸੇ ਮਾਰਗ ‘ਤੇ ਚੱਲਣ ਲਈ ਕਿਹਾ।ਉਨ੍ਹਾਂ ਦੇ ਨਾਲ ਡਵੀਜ਼ਨਲ ਕਮਿਸ਼ਨਰ ਪ੍ਰਦੀਪ ਸਭਰਵਾਲ, ਨਗਰ ਨਿਗਮ ਦੇ ਸਹਾਇਕ ਕਮਿਸ਼ਨਰ ਵਿਸ਼ਾਲ ਵਧਾਵਨ, ਓ.ਪੀ ਗੱਬਰ ਅਤੇ ਰਵਿੰਦਰ ਹੰਸ ਮੌਜ਼ੂਦ ਸਨ।
ਅੰਮ੍ਰਿਤਸਰ ਪੁੱਜਣ ‘ਤੇ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਡਾ: ਰਵਜੋਤ ਸਿੰਘ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ।ਸ੍ਰੀ ਦਰਬਾਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਵਲੋਂ ਉਨ੍ਹਾਂ ਨੂੰ ਧਾਰਮਿਕ ਪੁਸਤਕਾਂ ਦਾ ਸੈਟ ਭੇਟ ਕਰਕੇ ਉਨਾਂ ਨੂੰ ਸਨਮਾਨਿਤ ਕੀਤਾ।ਇਸ ਉਪਰੰਤ ਉਨ੍ਹਾਂ ਨੇ ਜਲਿਆਂਵਾਲਾ ਬਾਗ ਵਿਖੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਸ੍ਰੀ ਦੁਰਗਿਆਨਾ ਮੰਦਿਰ ਵਿਖੇ ਮੱਥਾ ਟੇਕਿਆ ਜਿਥੇ ਮੰਦਿਰ ਕਮੇਟੀ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ।ਮੰਤਰੀ ਡਾ: ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਦਿੱਤੀ ਜਿੰਮੇਵਾਰੀ ਲਈ ਉਨ੍ਹਾਂ ਪ੍ਰਮਾਤਮਾ ਦਾ ਓਟ ਆਸਰਾ ਲੈਣ ਅਤੇ ਸਰਬਤ ਦੇ ਭਲੇ ਲਈ ਅਰਦਾਸ ਕੀਤੀ ਹੈ।
ਇਸ ਮੌਕੇ ਕਮਿਸ਼ਨਰ ਨਗਰ ਨਿਗਮ ਗੁਲਪ੍ਰੀਤ ਸਿੰਘ ਔਲਖ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀਮਤੀ ਜੋਤੀ ਬਾਲਾ, ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਅਮਿਤ ਸਰੀਨ, ਐਸ.ਡੀ.ਐਮ ਮਨਕੰਵਲ ਸਿੰਘ ਚਾਹਲ, ਸ੍ਰੀ ਦੁਰਗਿਆਨਾ ਮੰਦਿਰ ਕਮੇਟੀ ਪ੍ਰਧਾਨ ਮੈਡਮ ਲਕਸ਼ਮੀ ਕਾਂਤਾ ਚਾਵਲਾ, ਚੇਅਰਮੈਨ ਜਿਲ੍ਹਾ ਯੋਜਨਾ ਕਮੇਟੀ ਜਸਪ੍ਰੀਤ ਸਿੰਘ, ਚੇਅਰਮੈਨ ਨਗਰ ਸੁਧਾਰ ਟਰੱਸਟ ਅਸ਼ੋਕ ਤਲਵਾੜ ਅਤੇ ਡਾ: ਰਾਕੇਸ਼ ਸ਼ਰਮਾ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।