ਅੰਮ੍ਰਿਤਸਰ, 12 ਅਕਤੂਬਰ (ਜਗਦੀਪ ਸਿੰਘ) – 19 ਅਕਤੂਬਰ ਨੂੰ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਆ ਰਹੇ ਪ੍ਰਕਾਸ਼ ਪੁਰਬ ਸਬੰਧੀ ਅੱਜ ਸ੍ਰੀ ਦਰਬਾਰ ਸਾਹਿਬ ਦੇ ਆਲੇ ਦੁਆਲੇ ਦੇ ਦੁਕਾਨਦਾਰਾਂ ਨੂੰ ਸੱਦਾ ਪੱਤਰ ਦਿੱਤੇ ਗਏ।ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸਕੱਤਰ ਪ੍ਰਤਾਪ ਸਿੰਘ, ਬਾਬਾ ਸੁਖਵਿੰਦਰ ਸਿੰਘ ਕਾਰ ਸੇਵਾ ਭੂਰੀ ਵਾਲੇ, ਬਾਬਾ ਡਾ. ਧਰਮਜੀਤ ਸਿੰਘ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਦੁਕਾਨਦਾਰਾਂ ਨੂੰ ਪ੍ਰਕਾਸ਼ ਗੁਰਪੁਰਬ ਮਨਾਉਣ ਸਬੰਧੀ ਸੱਦਾ ਪੱਤਰ ਅਤੇ ਲੱਡੂਆਂ ਦਾ ਪ੍ਰਸ਼ਾਦ ਦਿੱਤਾ।ਭਾਈ ਰਾਜਿੰਦਰ ਸਿੰਘ ਮਹਿਤਾ ਨੇ ਦੁਕਾਨਦਾਰਾਂ ਨੂੰ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਵਰੋਸਾਈ ਨਗਰੀ ਦੇ ਵਸਨੀਕ ਹੋਣਾ ਸਾਡੀ ਖੁਸ਼ਕਿਸਮਤੀ ਹੈ।ਇਸ ਲਈ ਸਾਡਾ ਫਰਜ਼ ਹੈ ਕਿ ਸ਼ਹਿਰ ਦੇ ਬਾਨੀ ਗੁਰੂ ਸਾਹਿਬ ਨੂੰ ਸ਼ਰਧਾ ਅਤੇ ਸਤਿਕਾਰ ਭੇਟ ਕਰੀਏ ਅਤੇ ਕਰਵਾਏ ਜਾ ਰਹੇ ਗੁਰਮਤਿ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਆਪੋ ਆਪਣਾ ਯੋਗਦਾਨ ਪਾਈਏ।ਉਨ੍ਹਾਂ ਦੁਕਾਨਦਾਰਾਂ ਨੂੰ ਆਪੋ ਆਪਣੀਆਂ ਦੁਕਾਨਾਂ ਦੀ ਸਜਾਵਟ ਕਰਨ ਅਤੇ ਸਾਫ ਸਫਾਈ ਦਾ ਖਾਸ ਖਿਆਲ ਰੱਖਣ ਦੀ ਅਪੀਲ ਕੀਤੀ।
ਇਸ ਮੌਕੇ ਵਧੀਕ ਮੈਨੇਜਰ ਗੁਰਪ੍ਰੀਤ ਸਿੰਘ, ਰਜਿੰਦਰ ਸਿੰਘ ਰੂਬੀ, ਇਕਬਾਲ ਸਿੰਘ ਮੁਖੀੇ, ਮੀਤ ਮੈਨੇਜਰ ਗੁਰਤਿੰਦਰਪਾਲ ਸਿੰਘ ਵੀ ਮੌਜੂਦ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …