Thursday, December 12, 2024

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਸਬੰਧੀ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ, 6 ਦਸੰਬਰ (ਜਗਦੀਪ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੁਨਹਿਰੀ ਪਾਲਕੀ ਵਿੱਚ ਸੁਸ਼ੋਭਿਤ ਕੀਤਾ ਅਤੇ ਨਗਰ ਕੀਰਤਨ ਦੌਰਾਨ ਚੌਰ ਸਾਹਿਬ ਦੀ ਸੇਵਾ ਵੀ ਨਿਭਾਈ।
ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਕਰਮਾਂ ’ਚੋਂ ਹੁੰਦਾ ਹੋਇਆ ਸ੍ਰੀ ਗੁਰੂ ਰਾਮਦਾਸ ਨਿਵਾਸ, ਚੌਕ ਪਰਾਗਦਾਸ, ਚੌਕ ਮੰਨਾ ਸਿੰਘ, ਚੌਕ ਕਰੋੜੀ, ਚੌਕ ਬਾਬਾ ਸਾਹਿਬ, ਗੁਰਦੁਆਰਾ ਬਾਬਾ ਅਟੱਲ ਰਾਏ, ਗਲਿਆਰਾ, ਗੁਰਦੁਆਰਾ ਕੌਲਸਰ ਸਾਹਿਬ, ਆਟਾ ਮੰਡੀ, ਬਜ਼ਾਰ ਬਾਂਸਾਂ, ਬਜ਼ਾਰ ਪਾਪੜਾਂ, ਬਜ਼ਾਰ ਕਾਠੀਆਂ, ਗੁਰੂ ਬਜ਼ਾਰ ਤੋਂ ਹੁੰਦਾ ਹੋਇਆ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸੰਪੂਰਨ ਹੋਇਆ।ਸੰਗਤਾਂ ਨੇ ਨਗਰ ਕੀਰਤਨ ਦਾ ਸਵਾਗਤ ਕਰਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ।ਗਤਕਾ ਅਤੇ ਬੈਂਡ ਪਾਰਟੀਆਂ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਵੀ ਸ਼ਮੂਲੀਅਤ ਕੀਤੀ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਧਰਮ ਦੀ ਰੱਖਿਆ ਲਈ ਸ਼ਹਾਦਤ ਦੇ ਕੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਸੰਸਾਰ ਅੰਦਰ ਵਿਲੱਖਣ ਇਤਿਹਾਸ ਦੀ ਸਿਰਜਣਾ ਕੀਤੀ। ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੇ ਦਿਖਾਏ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਵੀ ਕੀਤੀ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਵਧੀਕ ਸਕੱਤਰ ਪ੍ਰੀਤਪਾਲ ਸਿੰਘ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਮਨਜੀਤ ਸਿੰਘ ਤਲਵੰਡੀ, ਹਰਭਜਨ ਸਿੰਘ ਵਕਤਾ, ਸੁਪਰਡੈਂਟ ਨਿਸ਼ਾਨ ਸਿੰਘ, ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਨਰਿੰਦਰ ਸਿੰਘ, ਜਗਤਾਰ ਸਿੰਘ, ਸਤਨਾਮ ਸਿੰਘ ਰਿਆੜ, ਵਧੀਕ ਮੈਨੇਜਰ ਇਕਬਾਲ ਸਿੰਘ ਮੁਖੀ, ਜਸਪਾਲ ਸਿੰਘ ਢੱਡੇ, ਗੁਰਿੰਦਰ ਸਿੰਘ ਦੇਵੀਦਸਪੁਰ, ਬਿਕਰਮ ਸਿੰਘ ਝੰਗੀ, ਰਾਜਿੰਦਰ ਸਿੰਘ ਰੂਬੀ, ਜੁਗਰਾਜ ਸਿੰਘ, ਮੀਤ ਮੈਨੇਜਰ ਗੁਰਤਿੰਦਰਪਾਲ ਸਿੰਘ, ਅਜੈ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।

Check Also

ਨੈਸ਼ਨਲ ਪੱਧਰ ‘ਤੇ ਨਿਸ਼ਾਨੇਬਾਜ਼ੀ ‘ਚ ਭੁਪਿੰਦਰਜੀਤ ਸ਼ਰਮਾ ਦਾ ਤੀਜਾ ਸਥਾਨ

ਭੀਖੀ, 11 ਦਸੰਬਰ (ਕਮਲ ਜ਼ਿੰਦਲ) – ਪਿੱਛਲੇ ਦਿਨੀ ਪਿੰਡ ਫਰਵਾਹੀ ਦੇ ਨੌਜਵਾਨ ਭੁਪਿੰਦਰਜੀਤ ਸ਼ਰਮਾ ਪੁੱਤਰ …