ਅੰਮ੍ਰਿਤਸਰ, 17 ਜਨਵਰੀ (ਜਗਦੀਪ ਸਿੰਘ) – ਖਾੜੀ ਮੁਲਕਾਂ ਅੰਦਰ ਲੋਕਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ
ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸ.ਪੀ ਸਿੰਘ ਓਬਰਾਏ ਦੇ ਸਹਿਯੋਗ ਸਦਕਾ ਅੱਜ ਜਲੰਧਰ ਨਾਲ ਸਬੰਧਤ 55 ਸਾਲਾ ਯਸ਼ਪਾਲ ਪੁੱਤਰ ਰਤਨ ਲਾਲ ਦਾ ਮ੍ਰਿਤਕ ਸਰੀਰ ਮੌਤ ਤੋਂ ਕਰੀਬ 16 ਦਿਨਾਂ ਬਾਅਦ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ।ਮ੍ਰਿਤਕ ਸਰੀਰ ਸਰਬੱਤ ਦਾ ਭਲਾ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਜਿਲ੍ਹਾ ਪ੍ਰਧਾਨ ਸਿਸ਼ਪਾਲ ਸਿੰਘ ਲਾਡੀ, ਜਨਰਲ ਸਕੱਤਰ ਮਨਪ੍ਰੀਤ ਸਿੰਘ ਸੰਧੂ, ਖ਼ਜ਼ਾਨਚੀ ਨਵਜੀਤ ਸਿੰਘ ਘਈ ਤੇ ਸੁਖਚੈਨ ਸਿੰਘ ਹੇਰ ਵੱਲੋਂ ਪ੍ਰਾਪਤ ਕਰਕੇ ਪਰਿਵਾਰਕ ਮੈਂਬਰਾਂ ਨੂੰ ਸੌਂਪਿਆ ਗਿਆ।
ਡਾ. ਐਸ.ਪੀ ਸਿੰਘ ਓਬਰਾਏ ਨੇ ਜਾਰੀ ਮੀਡੀਆ ਬਿਆਨ ‘ਚ ਦੱਸਿਆ ਕਿ ਯਸ਼ਪਾਲ ਵੀ ਹੋਰਨਾਂ ਵਾਂਗ ਕਰੀਬ 7 ਸਾਲ ਪਹਿਲਾਂ ਆਪਣੇ ਬਿਹਤਰ ਭਵਿੱਖ ਦੇ ਸੁਪਨੇ ਲੈ ਕੇ ਦੁਬਈ ਕੰਮਕਾਜ ਲਈ ਆਇਆ ਸੀ ਕਿ ਬੀਤੀ 1 ਜਨਵਰੀ ਨੂੰ ਅਚਾਨਕ ਦਿਲ ਦਾ ਦੌਰਾ ਪੈ ਜਾਣ ਨਾਲ ਉਸ ਦੀ ਮੌਤ ਹੋ ਗਈ। ਡਾ. ਓਬਰਾਏ ਨੇ ਦੱਸਿਆ ਕਿ ਇਸ ਮੰਦਭਾਗੀ ਘਟਨਾ ਸਬੰਧੀ ਮ੍ਰਿਤਕ ਦੇ ਪਰਿਵਾਰ ਨੇ ਯਸ਼ਪਾਲ ਦੇ ਨਾਲ ਰਹਿਣ ਵਾਲੇ ਅਮਰਜੀਤ ਸਿੰਘ ਰਾਹੀਂ ਸੰਪਰਕ ਕਰਕੇ ਯਸ਼ਪਾਲ ਦਾ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਕਿਹਾ ਸੀ।ਜਿਸ ਉਪਰੰਤ ਭਾਰਤੀ ਦੂਤਾਵਾਸ ਦੀ ਮਦਦ ਨਾਲ ਉਨ੍ਹਾਂ ਆਪਣੇ ਨਿੱਜੀ ਸਹਾਇਕ ਬਲਦੀਪ ਸਿੰਘ ਚਾਹਲ ਦੀ ਦੇਖ ਰੇਖ `ਚ ਸਾਰੇ ਲੋੜੀਂਦੇ ਕਾਗਜ਼ਾਤ ਮੁਕੰਮਲ ਕਰਵਾ ਕੇ ਅੱਜ ਯਸ਼ਪਾਲ ਦੀ ਮ੍ਰਿਤਕ ਦੇਹ ਨੂੰ ਭਾਰਤ ਪਹੁੰਚਾਇਆ ਹੈ।ਡਾ. ਓਬਰਾਏ ਨੇ ਇੱਥੇ ਇਹ ਵੀ ਸਪੱਸ਼ਟ ਕੀਤਾ ਕਿ ਯਸ਼ਪਾਲ ਦਾ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਆਇਆ ਖਰਚ ਉਸ ਦੀ ਕੰਪਨੀ ਵੱਲੋਂ ਹੀ ਕੀਤਾ ਗਿਆ ਹੈ।ਜਦੋਂਕਿ ਅੰਮ੍ਰਿਤਸਰ ਹਵਾਈ ਅੱਡੇ ਤੋਂ ਮ੍ਰਿਤਕ ਸਰੀਰ ਜਲੰਧਰ ਤੱਕ ਭੇਜਣ ਲਈ ਐਂਬੂਲੈਂਸ ਦਾ ਪ੍ਰਬੰਧ ਟਰੱਸਟ ਦੀ ਅੰਮ੍ਰਿਤਸਰ ਇਕਾਈ ਵੱਲੋਂ ਰੈਡ ਕਰਾਸ ਅਤੇ ਸਿਵਲ ਸਰਜਨ ਦਫ਼ਤਰ ਦੇ ਸਹਿਯੋਗ ਨਾਲ ਕੀਤਾ ਗਿਆ ਹੈ।
ਮ੍ਰਿਤਕ ਸਰੀਰ ਲੈਣ ਹਵਾਈ ਅੱਡੇ ਤੇ ਪਹੁੰਚੀ ਯਸ਼ਪਾਲ ਦੀ ਪਤਨੀ ਰੀਟਾ ਰਾਣੀ, ਭਰਾ ਰਾਜਪਾਲ, ਪੁੱਤਰ ਟਵਿੰਕਲ ਤੇ ਜਵਾਈ ਵਿਨੋਦ ਨੇ ਡਾ. ਐਸ.ਪੀ ਸਿੰਘ ਓਬਰਾਏ ਦਾ ਉਨ੍ਹਾਂ ਦੀ ਮਦਦ ਕਰਨ ਲਈ ਵਿਸ਼ੇਸ਼ ਧੰਨਵਾਦ ਕੀਤਾ ਹੈ।
ਟਰੱਸਟ ਦੇ ਅਹੁੱਦੇਦਾਰਾਂ ਅਨੁਸਾਰ ਹੁਣ ਤੱਕ 382 ਦੇ ਕਰੀਬ ਬਦਨਸੀਬਾਂ ਦੇ ਮ੍ਰਿਤਕ ਸਰੀਰ ਡਾ. ਓਬਰਾਏ ਦੇ ਯਤਨਾਂ ਸਦਕਾ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media