ਅੰਮ੍ਰਿਤਸਰ, 24 ਜਨਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਮੁੰਬਈ ਵਿਖੇ ਚੱਲ ਰਹੇ ਗੁਰੂ ਨਾਨਕ ਖ਼ਾਲਸਾ ਕਾਲਜ
ਮਾਟੁੰਗਾਂ ਵਿੱਚ ਅੱਜ ਚਾਰ ਸਾਹਿਬਜ਼ਾਦੇ ਐਮ.ਆਰ.ਆਈ ਤੇ ਸੀ.ਟੀ ਸਕੈਨ ਸੈਂਟਰ ਦਾ ਉਦਘਾਟਨ ਕੀਤਾ ਗਿਆ ਹੈ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਬਲਦੇਵ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਗੁਰਿੰਦਰ ਸਿੰਘ ਬਾਵਾ, ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ, ਸ਼੍ਰੋਮਣੀ ਕਮੇਟੀ ਦੇ ਓ.ਐਸ.ਡੀ ਸਤਬੀਰ ਸਿੰਘ ਧਾਮੀ, ਜਸਬੀਰ ਸਿੰਘ ਧਾਮੀ ਸਮੇਤ ਹੋਰ ਸ਼ਖ਼ਸੀਅਤਾਂ ਮੌਜ਼ੂਦ ਸਨ।
ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਅੱਜ ਮੁੰਬਈ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਨੂੰ ਸਮਰਪਿਤ ਐਮ.ਆਰ.ਆਈ ਤੇ ਸੀ.ਟੀ ਸਕੈਨ ਸੈਂਟਰ ਵਿਖੇ ਆਰਥਿਕ ਤੌਰ ’ਤੇ ਕਮਜ਼ੋਰ ਲੋਕਾਂ ਨੂੰ ਕੇਵਲ 10 ਰੁਪਏ ਵਿੱਚ ਇਹ ਸੇਵਾਵਾਂ ਦਿੱਤੀਆਂ ਜਾਣਗੀਆਂ।ਇਸ ਤੋਂ ਇਲਾਵਾ ਗੁਰੂ ਨਾਨਕ ਮਿਸ਼ਨ 1313 ਨਾਮ ‘ਤੇ ਚਲਾਈ ਜਾਣ ਵਾਲੀ ਫਾਰਮੇਸੀ ਤੋਂ ਮਾਰਕੀਟ ਰੇਟ ਨਾਲੋਂ 25% ਘੱਟ ਰੇਟ ‘ਤੇ ਦਵਾਈਆਂ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਮੈਡੀਕਲ ਖੂਨ ਦੀ ਜਾਂਚ ਦੇ ਟੈਸਟ ਵੀ 50% ਸਸਤੀਆਂ ਦਰਾਂ ਉਤੇ ਕੀਤੇ ਜਾਣਗੇ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਐਲਾਨ ਕੀਤਾ ਕਿ ਮੁੰਬਈ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਦੇ ਗੁਰਦੁਆਰਾ ਸਾਹਿਬਾਨ ਦੇ ਗ੍ਰੰਥੀ ਸਿੰਘਾਂ ਅਤੇ ਹੋਰ ਮੁਲਾਜ਼ਮਾਂ ਨੂੰ ਵੀ ਇਹ ਸਹੂਲਤਾਂ ਕੇਵਲ 10 ਰੁਪਏ ਵਿੱਚ ਹੀ ਦਿੱਤੀਆਂ ਜਾਣਗੀਆਂ।ਉਨ੍ਹਾਂ ਕਿਹਾ ਕਿ ਇਨ੍ਹਾਂ ਕਾਰਜਜ਼ਾਂ ਵਿੱਚ ਮਹਾਂਰਾਸ਼ਟਰ ਤੋਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਗੁਰਿੰਦਰ ਸਿੰਘ ਬਾਵਾ ਵੱਲੋਂ ਵਿਸ਼ੇਸ਼ ਤੇ ਸ਼ਲਾਘਾਯੋਗ ਯਤਨ ਕੀਤੇ ਗਏ ਹਨ, ਜਿਸ ਨਾਲ ਸਿੱਖ ਸੰਸਥਾ ਦਾ ਮਾਣ ਹੋਰ ਵਧੇਗਾ।
ਇਸ ਮੌਕੇ ਗੁਰੂ ਨਾਨਕ ਖ਼ਾਲਸਾ ਕਾਲਜ ਦੀ ਡਾਇਰੈਕਟਰ ਐਡਮਿਨ ਡਾ. ਜਸਬੀਰ ਕੌਰ ਮੱਕੜ, ਹਰਮੀਤ ਸਿੰਘ ਸਲੂਜਾ ਆਦਿ ਮੌਜੂਦ ਸਨ।
Check Also
ਵੀ.ਸੀ ਪ੍ਰੋ. ਕਰਮਜੀਤ ਸਿੰਘ ਦੀ ਕਿਤਾਬ “ਮੈਡੀਟੇਸ਼ਨ ਟੂ ਮਾਰਟਿਡਮ: ਦ ਲੀਗੇਸੀ ਆਫ਼ ਸ੍ਰੀ ਗੁਰੂ ਤੇਗ ਬਹਾਦਰ ਜੀ” ਰਲੀਜ਼
ਅੰਮ੍ਰਿਤਸਰ, 30 ਦੰਸਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …
Punjab Post Daily Online Newspaper & Print Media