ਅੰਮ੍ਰਿਤਸਰ, 4 ਜਨਵਰੀ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਮਾਨ ਦੇ ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਉਡਾਣਾਂ ਦੀ ਗਿਣਤੀ ਵਧਾਉਣ ਦੇ ਪ੍ਰਸਤਾਵ `ਤੇ ਅੰਮ੍ਰਿਤਸਰ ਵਿੱਚ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਅੰਮ੍ਰਿਤਸਰ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਮੁੱਖ ਮੰਤਰੀ ਦੇ ਇਸ ਰੁਖ਼ `ਤੇ ਸਖ਼ਤ ਇਤਰਾਜ਼ ਜਤਾਉਂਦੇ ਹੋਏ ਕਿਹਾ ਕਿ ਸਿਰਫ਼ ਮੋਹਾਲੀ ਨੂੰ ਅੰਤਰਰਾਸ਼ਟਰੀ ਪੱਧਰ `ਤੇ ਉਤਸ਼ਾਹਿਤ ਕਰਨ ਦਾ ਵਿਚਾਰ ਨਾ ਸਿਰਫ਼ ਇੱਕ ਪਾਸੜ ਹੈ, ਸਗੋਂ ਵਿਸ਼ਵਵਿਆਪੀ ਮੌਜ਼ੂਦਗੀ ਵਾਲੇ ਅੰਮ੍ਰਿਤਸਰ ਵਰਗੇ ਸ਼ਹਿਰ ਨਾਲ ਗੰਭੀਰ ਬੇਇਨਸਾਫ਼ੀ ਵੀ ਹੈ।
ਸੰਸਦ ਮੈਂਬਰ ਔਜਲਾ ਨੇ ਕਿਹਾ ਕਿ ਅੰਮ੍ਰਿਤਸਰ ਕੋਈ ਨਵਾਂ ਜਾਂ ਉਭਰਦਾ ਸ਼ਹਿਰ ਨਹੀਂ ਹੈ, ਸਗੋਂ ਦੇਸ਼-ਵਿਦੇਸ਼ ਵਿੱਚ ਪਹਿਲਾਂ ਹੀ ਜਾਣਿਆ ਜਾਂਦਾ ਹੈ।ਸਿੱਖ ਧਰਮ ਦੇ ਸਰਵਉਚ ਅਸਥਾਨ ਸ੍ਰੀ ਹਰਿਮੰਦਰ ਸਾਹਿਬ ਦੇ ਕਾਰਨ, ਅੰਮ੍ਰਿਤਸਰ ਦੁਨੀਆ ਭਰ ਦੇ ਸ਼ਰਧਾਲੂਆਂ ਅਤੇ ਸੈਲਾਨੀਆਂ ਲਈ ਇੱਕ ਪ੍ਰਮੁੱਖ ਕੇਂਦਰ ਹੈ।ਹਰ ਸਾਲ ਲੱਖਾਂ ਪ੍ਰਵਾਸੀ ਭਾਰਤੀਆਂ, ਵਿਦੇਸ਼ੀ ਸੈਲਾਨੀਆਂ ਅਤੇ ਘਰੇਲੂ ਯਾਤਰੀਆਂ ਦੇ ਅੰਮ੍ਰਿਤਸਰ ਆਉਣ ਦੇ ਬਾਵਜ਼ੂਦ, ਹਵਾਈ ਸੇਵਾਵਾਂ ਦੇ ਵਿਸਥਾਰ ਦੀ ਗੱਲ ਆਉਂਦੀ ਹੈ ਤਾਂ ਸ਼ਹਿਰ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਪੰਜਾਬ ਦਾ ਸਭ ਤੋਂ ਵਿਅਸਤ ਅਤੇ ਸਭ ਤੋਂ ਮਹੱਤਵਪੂਰਨ ਅੰਤਰਰਾਸ਼ਟਰੀ ਹਵਾਈ ਅੱਡਾ ਹੈ।ਅੰਮ੍ਰਿਤਸਰ ਯੂ.ਕੇ, ਕੈਨੇਡਾ, ਯੂਰਪ, ਅਮਰੀਕਾ ਅਤੇ ਖਾੜੀ ਦੇਸ਼ਾਂ ਵਿੱਚ ਰਹਿਣ ਵਾਲੇ ਪ੍ਰਵਾਸੀ ਭਾਰਤੀਆਂ ਲਈ ਸਿੱਧਾ ਸੰਪਰਕ ਪ੍ਰਦਾਨ ਕਰਦਾ ਹੈ।ਧਾਰਮਿਕ ਸੈਰ-ਸਪਾਟਾ, ਵਿਰਾਸਤੀ ਸੈਰ-ਸਪਾਟਾ ਅਤੇ ਸਰਹੱਦ ਪਾਰ ਵਪਾਰ ਨੇ ਲੰਬੇ ਸਮੇਂ ਤੋਂ ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਉਡਾਣਾਂ ਦੀ ਮੰਗ ਨੂੰ ਜਰੂਰੀ ਬਣਾਇਆ ਹੈ, ਅਤੇ ਉਨ੍ਹਾਂ ਨੂੰ ਨਜ਼ਰਅੰਦਾਜ਼ ਕਰਨਾ ਸੂਬੇ ਦੇ ਹਿੱਤਾਂ ਦੇ ਵਿਰੁੱਧ ਹੈ।
ਸੰਸਦ ਮੈਂਬਰ ਔਜਲਾ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਨੇ ਖੁਦ ਅੰਮ੍ਰਿਤਸਰ ਹਵਾਈ ਅੱਡੇ ਸੰਬੰਧੀ ਸਰਕਾਰ ਅਤੇ ਸਬੰਧਤ ਵਿਭਾਗਾਂ ਨੂੰ ਵਾਰ-ਵਾਰ ਠੋਸ ਮੰਗਾਂ ਕੀਤੀਆਂ ਹਨ। ਸੰਸਦ ਤੋਂ ਲੈ ਕੇ ਹਵਾਈ ਅੱਡਾ ਸਲਾਹਕਾਰ ਕਮੇਟੀ ਦੀਆਂ ਮੀਟਿੰਗਾਂ ਤੱਕ, ਉਨ੍ਹਾਂ ਨੇ ਅੰਮ੍ਰਿਤਸਰ ਤੋਂ ਸਿੱਧੀਆਂ ਅੰਤਰਰਾਸ਼ਟਰੀ ਉਡਾਣਾਂ, ਘਰੇਲੂ ਸੰਪਰਕ ਵਧਾਉਣ ਅਤੇ ਹਵਾਈ ਅੱਡੇ ਦੇ ਬੁਨਿਆਦੀ ਢਾਂਚੇ ਦਾ ਵਿਸਥਾਰ ਕਰਨ ਦੀ ਲੋੜ `ਤੇ ਜ਼ੋਰ ਦਿੱਤਾ ਹੈ।ਉਨ੍ਹਾਂ ਨੇ ਅੰਮ੍ਰਿਤਸਰ ਤੋਂ ਲੰਡਨ, ਕੈਨੇਡਾ ਅਤੇ ਹੋਰ ਯੂਰਪੀਅਨ ਦਸ਼ਾਂ ਲਈ ਸਿੱਧੀਆਂ ਉਡਾਣਾਂ ਦੇ ਨਾਲ-ਨਾਲ ਨਾਂਦੇੜ ਸਾਹਿਬ, ਗੁਹਾਟੀ ਅਤੇ ਧਰਮਸ਼ਾਲਾ ਵਰਗੇ ਧਾਰਮਿਕ ਅਤੇ ਸਮਾਜਿਕ ਮਹੱਤਵ ਵਾਲੇ ਰੂਟ ਖੋਲ੍ਹਣ ਦੀ ਵੀ ਮੰਗ ਕੀਤੀ ਹੈ।
ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਭਵਿੱਖ ਵਿੱਚ ਯਾਤਰੀ ਸਮਰੱਥਾ ਨੂੰ ਧਿਆਨ ਵਿੱਚ ਰੱਖਦੇ ਹੋਏ ਟਰਮੀਨਲ ਦੇ ਵਿਸਥਾਰ ਅਤੇ ਹਵਾਈ ਅੱਡੇ ਦੇ ਵਿਕਾਸ ਦੀ ਲਗਾਤਾਰ ਵਕਾਲਤ ਕੀਤੀ ਹੈ, ਪਰ ਮੁੱਖ ਮੰਤਰੀ ਮਾਨ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕੀਤਾ ਹੈ ਅਤੇ ਸਿਰਫ ਮੋਹਾਲੀ `ਤੇ ਧਿਆਨ ਕੇਂਦਰਿਤ ਕੀਤਾ ਹੈ।
Punjab Post Daily Online Newspaper & Print Media