ਅੰਮ੍ਰਿਤਸਰ, 11 ਫਰਵਰੀ (ਦੀਪ ਦਵਿੰਦਰ ਸਿੰਘ) – ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ) ਵੱਲੋਂ ਸਮੂਹ ਲੇਖਕਾਂ, ਵਿਦਵਾਨਾਂ ਅਤੇ ਚਿੰਤਕਾਂ ਨੂੰ 12 ਫਰਵਰੀ ਦੀ ਦੇਸ਼
ਵਿਆਪੀ ਹੜਤਾਲ ਨੂੰ ਸਫ਼ਲ ਬਣਾਉਣ ਦਾ ਸੱਦਾ ਦਿੱਤਾ ਗਿਆ ਹੈ।
ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਜਨਰਲ ਸਕੱਤਰ ਸੁਸ਼ੀਲ ਦੁਸਾਂਝ, ਸੀਨੀਅਰ ਮੀਤ ਪ੍ਰਧਾਨ ਮੱਖਣ ਸਿੰਘ ਕੁਹਾੜ ਅਤੇ ਦਫ਼ਤਰ ਸਕੱਤਰ ਦੀਪ ਦੇਵਿੰਦਰ ਸਿੰਘ ਨੇ ਇਥੋਂ ਜਾਰੀ ਬਿਆਨ ਵਿੱਚ ਕਿਹਾ ਕਿ ਇਹ ਹੜਤਾਲ ਕੇਂਦਰ ਸਰਕਾਰ ਦੀਆਂ ਉਹਨਾਂ ਨੀਤੀਆਂ ਖਿਲਾਫ਼ ਹੈ, ਜੋ ਦੇਸ਼ ਦੀ ਅਰਥ ਵਿਵਸਥਾ, ਕਿਸਾਨੀ, ਮਜ਼ਦੂਰ ਵਰਗ ਅਤੇ ਲੋਕ-ਹਿਤੈਸ਼ੀ ਸਕੀਮਾਂ ਨੂੰ ਗੰਭੀਰ ਨੁਕਸਾਨ ਪਹੁੰਚਾ ਰਹੀਆਂ ਹਨ।
ਉਹਨਾਂ ਕਿਹਾ ਕਿ ਇਸ ਹੜਤਾਲ ਦਾ ਮੁੱਖ ਮਕਸਦ ਕੇਂਦਰ ਸਰਕਾਰ ਦੀਆਂ ਨਿੱਜੀਕਰਨ ਸਬੰਧੀ ਮਾਰੂ ਨੀਤੀਆਂ ਦਾ ਕਰੜਾ ਵਿਰੋਧ, ਬਿਜਲੀ ਬਿੱਲ 2025, ਬੀਜ ਬਿੱਲ 2025 ਅਤੇ ਨਰੇਗਾ ਸਕੀਮ ਦੇ ਸਰੂਪ ਵਿੱਚ ਕੀਤੇ ਜਾ ਰਹੇ ਨੁਕਸਾਨਦਾਇਕ ਬਦਲਾਅ ਦੇ ਖ਼ਿਲਾਫ਼ ਸਖ਼ਤ ਆਵਾਜ਼ ਉਠਾਉਣਾ ਹੈ। ਇਸ ਦੇ ਨਾਲ ਹੀ ਚਾਰ ਲੇਬਰ ਕੋਡ ਰੱਦ ਕਰਕੇ ਉਹਨਾਂ ਦੀ ਥਾਂ ਮਜ਼ਦੂਰ-ਪੱਖੀ ਕਾਨੂੰਨ ਬਣਾਏ ਜਾਣ ਦੀ ਮੰਗ ਵੀ ਹੜਤਾਲ ਦੇ ਕੇਂਦਰੀ ਮਸਲਿਆਂ ਵਿੱਚ ਸ਼ਾਮਲ ਹੈ।
ਆਗੂਆਂ ਨੇ ਭਾਰਤ ਅਤੇ ਅਮਰੀਕਾ ਦਰਮਿਆਨ ਹੋ ਰਹੇ ਅਸਾਵੇਂ ਵਪਾਰ ਸਮਝੌਤੇ ’ਤੇ ਵੀ ਗੰਭੀਰ ਚਿੰਤਾ ਪ੍ਰਗਟ ਕੀਤੀ।ਉਹਨਾਂ ਕਿਹਾ ਕਿ ਇਹ ਸਮਝੌਤਾ ਦੇਸ਼ ਦੀ ਆਰਥਿਕਤਾ ਲਈ ਘਾਤਕ ਸਾਬਤ ਹੋ ਸਕਦਾ ਹੈ ਅਤੇ ਖ਼ਾਸ ਤੌਰ ’ਤੇ ਨਿਮਨ ਕਿਸਾਨੀ, ਛੋਟੇ ਉਤਪਾਦਕਾਂ ਅਤੇ ਦੇਸੀ ਉਦਯੋਗਾਂ ਨੂੰ ਤਬਾਹੀ ਵੱਲ ਧੱਕੇਗਾ। ਇਸ ਲਈ ਇਸ ਸਮਝੌਤੇ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਗਈ।
ਸਭਾ ਦੇ ਆਗੂਆਂ ਨੇ ਕਿਹਾ ਕਿ ਉਪਰੋਕਤ ਸਾਰੇ ਮੁੱਦਿਆਂ ਵੱਲ ਸਰਕਾਰ ਦਾ ਧਿਆਨ ਦਿਵਾਉਣ ਲਈ ਜਨਤਕ ਜਥੇਬੰਦੀਆਂ, ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਅਤੇ ਕਲਮਕਾਰਾਂ ਵੱਲੋਂ 12 ਫਰਵਰੀ ਨੂੰ ਇੱਕ ਰੋਜ਼ਾ ਦੇਸ਼ ਵਿਆਪੀ ਹੜਤਾਲ ਕੀਤੀ ਜਾ ਰਹੀ ਹੈ।ਇਸ ਹੜਤਾਲ ਨੂੰ ਸਫ਼ਲ ਬਣਾਉਣਾ ਸਮਾਜਿਕ ਜਿੰਮੇਵਾਰੀ ਹੈ।
ਕੇਂਦਰੀ ਸਭਾ ਦੇ ਅਹੁੱਦੇਦਾਰ ਸੈਲਿੰਦਰਜੀਤ ਸਿੰਘ ਰਾਜਨ, ਸੁਰਿੰਦਰਪ੍ਰੀਤ ਘਣੀਆ, ਦਲਜੀਤ ਸਿੰਘ ਸ਼ਾਹੀ, ਬਲਵਿੰਦਰ ਸੰਧੂ, ਮਨਜੀਤ ਇੰਦਰਾ, ਭੁਪਿੰਦਰਪ੍ਰੀਤ, ਡਾ. ਸਿੰਦਰਪਾਲ, ਡਾ. ਕਰਮਜੀਤ ਸਿੰਘ ਆਦਿ ਨੇ ਲੇਖਕਾਂ, ਵਿਦਵਾਨਾਂ ਅਤੇ ਚਿੰਤਕਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਇਸ ਹੜਤਾਲ ਵਿੱਚ ਸਰਗਰਮ ਸ਼ਮੂਲੀਅਤ ਕਰ ਕੇ ਲੋਕਤੰਤਰ, ਸਮਾਜਿਕ ਨਿਆਂ ਅਤੇ ਲੋਕ-ਹਿਤੀ ਨੀਤੀਆਂ ਦੇ ਹੱਕ ਵਿੱਚ ਆਪਣੀ ਆਵਾਜ਼ ਬੁਲੰਦ ਕਰਨ।
Punjab Post Daily Online Newspaper & Print Media