Wednesday, February 25, 2026

ਅਮਰੀਕਾ ਤੋਂ ਪੁੱਜੇ ਸਿੱਖ ਵਫ਼ਦ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਅਮਰੀਕਾ ਦੀਆਂ ਸਿੱਖ ਸੰਗਤਾਂ ਦੇ ਇੱਕ ਵਫ਼ਦ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕਰਕੇ ਕੈਲੇਫੋਰਨੀਆ ਦੇ ਯੂਬਾਸਿਟੀ ਅੰਦਰ ਧਰਮ ਪ੍ਰਚਾਰ ਕੇਂਦਰ ਜਲਦ ਸਥਾਪਤ ਕਰਨ ਦੀ ਅਪੀਲ ਕੀਤੀ ਹੈ। ਇਹ ਵਫ਼ਦ ਦਲਬੀਰ ਸਿੰਘ ਗਿੱਲ ਦੀ ਅਗਵਾਈ ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਪੁੱਜਿਆ ਹੈ, ਜਿਸ ਵਿੱਚ ਗੁਰਮੁੱਖ ਸਿੰਘ ਧਨੋਆ, ਬੀਬੀ ਲਖਵਿੰਦਰ ਕੌਰ, ਬੀਬੀ ਜਿੰਦਰਜੀਤ ਕੌਰ ਗਿੱਲ, ਬੀਬੀ ਚਰਨਜੀਤ ਕੌਰ ਗਿੱਲ ਅਤੇ ਬੀਬੀ ਕੁਲਦੀਪ ਕੌਰ ਧਨੋਆ ਆਦਿ ਸ਼ਾਮਲ ਸਨ।
ਦਲਬੀਰ ਸਿੰਘ ਗਿੱਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਪੰਥ ਦੀ ਸਭ ਤੋਂ ਵੱਡੀ ਸੰਵਿਧਾਨਕ ਸੰਸਥਾ ਹੈ, ਜੋ ਦੇਸ਼ ਦੁਨੀਆ ਅੰਦਰ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਨਿਰੰਤਰ ਕਾਰਜਸ਼ੀਲ ਹੈ।ਉਨ੍ਹਾਂ ਕਿਹਾ ਕਿ ਅਮਰੀਕਾ ਨਿਵਾਸੀ ਸਿੱਖ ਦੀਦਾਰ ਸਿੰਘ ਬੈਂਸ ਅਤੇ ਪਰਿਵਾਰ ਵੱਲੋਂ ਯੂਬਾਸਿਟੀ ਵਿਖੇ ਬੀਤੇ ਸਮੇਂ ਵਿੱਚ ਸ਼੍ਰੋਮਣੀ ਕਮੇਟੀ ਨੂੰ ਜ਼ਮੀਨ ਦਿੱਤੀ ਗਈ ਸੀ, ਜਿਸ ’ਤੇ ਧਰਮ ਦੇ ਪ੍ਰਚਾਰ ਪ੍ਰਸਾਰ ਨੂੰ ਹੋਰ ਪ੍ਰਫੁਲਿਤ ਕਰਨ ਲਈ ਕੇਂਦਰ ਸਥਾਪਤ ਕਰਨ ਲਈ ਸਿੱਖ ਸੰਗਤਾਂ ਅੰਦਰ ਵੱਡੀ ਉਤਸੁਕਤਾ ਹੈ।ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਵੱਡੀ ਲੋੜ ਵੀ ਹੈ, ਜਿਸ ਵਿੱਚ ਅਮਰੀਕਾ ਦੀਆਂ ਸਿੱਖ ਸੰਗਤਾਂ ਸ਼੍ਰੋਮਣੀ ਕਮੇਟੀ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣਗੀਆਂ।
ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਸੰਸਥਾ ਸੰਗਤਾਂ ਦੀਆਂ ਭਾਵਨਾਵਾਂ ਅਨੁਸਾਰ ਕਾਰਜ ਕਰਨ ਲਈ ਹਮੇਸ਼ਾਂ ਵਚਨਬੱਧ ਹੈ।ਉਨ੍ਹਾਂ ਕਿਹਾ ਕਿ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਸਿੱਖੀ ਪ੍ਰਚਾਰ ਨੂੰ ਹੋਰ ਪ੍ਰਚੰਡ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।ਯੂਬਾਸਿਟੀ ਅੰਦਰ ਦੀਦਾਰ ਸਿੰਘ ਬੈਂਸ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਦਿੱਤੀ ਜ਼ਮੀਨ ’ਤੇ ਕੇਂਦਰ ਸਥਾਪਤ ਕਰਨਾ ਏਜੰਡੇ ’ਤੇ ਹੈ ਅਤੇ ਜਲਦ ਹੀ ਇਸ ’ਤੇ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਅਮਰੀਕਾ ਦੀਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਕਾਰਜ਼ ਵਾਸਤੇ ਸ਼੍ਰੋਮਣੀ ਕਮੇਟੀ ਨੂੰ ਸਹਿਯੋਗ ਦੇਣ ਲਈ ਅੱਗੇ ਆਉਣ।ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਦਲਬੀਰ ਸਿੰਘ ਗਿੱਲ ਦੀ ਅਗਵਾਈ ’ਚ ਪੁੱਜੇ ਵਫ਼ਦ ਨੂੰ ਸਨਮਾਨਿਤ ਵੀ ਕੀਤਾ।
ਇਸ ਮੌਕੇ ਓ.ਐਸ.ਡੀ ਸਤਬੀਰ ਸਿੰਘ, ਸਕੱਤਰ ਪ੍ਰਤਾਪ ਸਿੰਘ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਸੁਪਰਡੈਂਟ ਨਿਸ਼ਾਨ ਸਿੰਘ ਆਦਿ ਮੌਜ਼ੂਦ ਸਨ।

Check Also

ਏ.ਆਈ ਸਬੰਧੀ ਅੰਤਰਰਾਸ਼ਟਰੀ ਸੰਮੇਲਨ ’ਚ ਸ਼੍ਰੋਮਣੀ ਕਮੇਟੀ ਨੁਮਾਇੰਦਿਆਂ ਨੇ ਕੀਤੀ ਸ਼ਿਰਕਤ

ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਆਰਟੀਫੀਸ਼ਲ ਇੰਟੈਲੀਜੈਂਸ (ਏ.ਆਈ) ਸਬੰਧੀ ਬੀਤੇ ਦਿਨੀਂ ਦਿੱਲੀ ਵਿਖੇ ਹੋਏ …