ਅੰਮ੍ਰਿਤਸਰ, 26 ਫ਼ਰਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਜੋ ਬੀਤੇ ਸਮੇਂ ਕੈਨੇਡਾ
ਵਿਖੇ ਅਕਾਲ ਚਲਾਣਾ ਕਰ ਗਏ ਸਨ, ਉਨ੍ਹਾਂ ਦੀ ਯਾਦ ’ਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ, ਸੀਨੀਅਰ ਅਕਾਲੀ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਪਰਿਵਾਰਕ ਮੈਂਬਰ ਮੌਜੂਦ ਸਨ।
ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਤਨਾਮ ਸਿੰਘ ਕੁਹਾੜਕਾ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ।ਅਰਦਾਸ ਗਿਆਨੀ ਬਲਜੀਤ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਸਰਵਣ ਕਰਵਾਇਆ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੰਮਾ ਸਮਾਂ ਸੇਵਾ ਨਿਭਾਉਂਦਿਆਂ ਸੰਗਤਾਂ ਨੂੰ ਗੁਰਬਾਣੀ ਨਾਲ ਜੁੜਨ ਦੀ ਪ੍ਰੇਰਣਾ ਕੀਤੀ।ਉਨ੍ਹਾਂ ਕਿਹਾ ਕਿ ਸਿੱਖ ਦੀ ਰਹਿਣੀ ਤੇ ਕਥਨੀ ਇੱਕ ਹੋ ਜਾਵੇ ਇਹ ਗੁਰੂ ਦੀ ਬਖ਼ਸ਼ਿਸ਼ ਹੁੰਦੀ ਹੈ।ਗਿਆਨੀ ਮੋਹਣ ਸਿੰਘ ਦੇ ਜੀਵਨ ਵਿੱਚੋਂ ਇਸ ਦੀ ਝਲਕ ਹਮੇਸ਼ਾ ਝਲਕਦੀ ਰਹੀ।ਉਨ੍ਹਾਂ ਨੇ ਆਪਣੀ ਰਿਹਾਇਸ਼ ਵੀ ਗੁਰੂ ਘਰ ਦੇ ਨਾਂ ਲਗਵਾ ਕੇ ਸੰਗਤ ਲਈ ਵੱਡੀ ਪ੍ਰੇਰਣਾ ਬਣੇ।ਐਡਵੋਕੇਟ ਧਾਮੀ ਨੇ ਜਿਥੇ ਉਨ੍ਹਾਂ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਏ ਜਾਣ ਬਾਰੇ ਆਖਿਆ, ਉਥੇ ਹੀ ਉਨ੍ਹਾਂ ਦੇ ਜੀਵਨ ਬਾਰੇ ਇਕ ਕਿਤਾਬਚਾ ਵੀ ਛਾਪੇ ਜਾਣ ਦੀ ਗੱਲ ਕਹੀ।ਐਡਵੋਕੇਟ ਧਾਮੀ ਵੱਲੋਂ ਇਹ ਕਿਤਾਬਚਾ ਲਿਖਣ ਦੀ ਸੇਵਾ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਨੂੰ ਨਿਭਾਉਣ ਲਈ ਆਖਿਆ।
ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਨੇ ਸੰਬੋਧਨ ਕਰਦਿਆਂ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਵੱਲੋਂ ਨਿਭਾਈਆਂ ਸੇਵਾਵਾਂ ਨੂੰ ਯਾਦ ਕੀਤਾ।ਉਨ੍ਹਾਂ ਕਿਹਾ ਕਿ ਜੂਨ 1984 ਦੇ ਘੱਲੂਘਾਰੇ ਸਮੇਂ ਗੁਰੂ ਘਰ ਦੀ ਮਰਯਾਦਾ ਨੂੰ ਕਾਇਮ ਰੱਖਣ ਲਈ ਗਿਆਨੀ ਜੀ ਵੱਲੋਂ ਨਿਭਾਈਆਂ ਸੇਵਾਵਾਂ ਨੂੰ ਪੰਥ ਹਮੇਸ਼ਾ ਯਾਦ ਰੱਖੇਗਾ।ਗਿਆਨੀ ਮੋਹਣ ਸਿੰਘ ਦੀ ਧਰਮਪਤਨੀ ਬੀਬੀ ਸੁਰਜੀਤ ਕੌਰ ਅਤੇ ਉਨ੍ਹਾਂ ਦੇ ਸਪੁੱਤਰ ਤਰਲੋਚਨ ਸਿੰਘ ਨੇ ਗਿਆਨੀ ਮੋਹਣ ਸਿੰਘ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਨਾਂ ਕੀਤੀ ਰਿਹਾਇਸ਼ ਦੀਆਂ ਚਾਬੀਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਨੂੰ ਸੌਂਪੀਆਂ। ਸ਼੍ਰੋਮਣੀ ਕਮੇਟੀ ਪ੍ਰਧਾਨ ਅਤੇ ਸਿੰਘ ਸਾਹਿਬਾਨ ਵੱਲੋਂ ਗਿਆਨੀ ਮੋਹਣ ਸਿੰਘ ਜੀ ਦੇ ਪਰਿਵਾਰਕ ਮੈਂਬਰਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ, ਗਿਆਨੀ ਬਲਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਮੈਂਬਰ ਫੁੰਮਣ ਸਿੰਘ, ਭਾਈ ਅਜੈਬ ਸਿੰਘ ਅਭਿਆਸੀ, ਸ਼੍ਰੋਮਣੀ ਰਾਗੀ ਭਾਈ ਜਸਵੰਤ ਸਿੰਘ, ਓਐਸਡੀ ਸਤਬੀਰ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਵਧੀਕ ਸਕੱਤਰ ਬਿਜੈ ਸਿੰਘ, ਪ੍ਰੀਤਪਾਲ ਸਿੰਘ, ਮੀਤ ਸਕੱਤਰ ਸੁਖਬੀਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸੁਪ੍ਰਿਟੈਂਡੈਂਟ ਨਿਸ਼ਾਨ ਸਿੰਘ, ਮਲਕੀਤ ਸਿੰਘ ਬਹਿੜਵਾਲ, ਗਿਆਨੀ ਮੋਹਣ ਸਿੰਘ ਦੇ ਪਰਿਵਾਰਕ ਮੈਂਬਰ ਬੀਬੀ ਸੁਰਜੀਤ ਕੌਰ, ਗਿਆਨੀ ਤਰਲੋਚਨ ਸਿੰਘ, ਜੁਝਾਰ ਸਿੰਘ, ਸੁਖਦੇਵ ਸਿੰਘ ਤਲਵੰਡੀ, ਐਡੀਸ਼ਨਲ ਸੈਸ਼ਨ ਜੱਜ ਬਲਜਿੰਦਰ ਸਿੰਘ, ਹਰਪਾਲ ਸਿੰਘ ਤੇ ਹਰਜੀਤ ਸਿੰਘ, ਮੈਨੇਜਰ ਨਰਿੰਦਰ ਸਿੰਘ, ਸਤਨਾਮ ਸਿੰਘ ਰਿਆੜ, ਜਸਪਾਲ ਸਿੰਘ ਢੱਡੇ, ਵਧੀਕ ਮੈਨੇਜਰ ਬਿਕਰਮਜੀਤ ਸਿੰਘ ਝੰਗੀ, ਗੁਰਤਿੰਦਰਪਾਲ ਸਿੰਘ ਕਾਦੀਆਂ, ਗੁਰਵਿੰਦਰ ਸਿੰਘ ਦੇਵੀਦਾਸਪੁਰਾ ਵੀ ਮੌਜੂਦ ਸਨ।
Check Also
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਯੂਨੀਵਰਸਿਟੀ ਵਿਖੇ ‘ਜਨੂਨ-ਏ-ਪੰਜਾਬ’ ਸਮਾਗਮ ਦਾ ਆਯੋਜ਼ਨ
ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਗੁਰੂ …
Punjab Post Daily Online Newspaper & Print Media