ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਲਈ 4 ਫੀਸਦੀ ਮਹਿੰਗਾਈ ਭੱਤਾ ਵਧਾਉਣ ਦਾ ਐਲਾਨ
ਅੰਮ੍ਰਿਤਸਰ, 16 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸਮੂਹ
ਮੁਲਾਜ਼ਮਾਂ ਨੂੰ ਆਪਣੀ ਡਿਊਟੀ ਦੌਰਾਨ ਰਵਾਇਤੀ ਸਿੱਖ ਪਹਿਰਾਵੇ ਅਨੁਸਾਰ ਕੁੜਤਾ ਪਜਾਮਾ ਪਹਿਨਣ ਨੂੰ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਹੈ।ਉਨ੍ਹਾਂ ਕਿਹਾ ਕਿ ਗੁਰੂ ਘਰਾਂ ਵਿੱਚ ਸੇਵਾ ਨਿਭਾਉਣ ਵਾਲੇ ਹਰ ਸੇਵਾਦਾਰ ਅਤੇ ਮੁਲਾਜ਼ਮ ਦੀ ਜਿੰਮੇਵਾਰੀ ਹੈ ਕਿ ਉਹ ਆਪਣੀ ਦਿੱਖ ਅਤੇ ਆਚਾਰ ਵਿਹਾਰ ਰਾਹੀਂ ਸਿੱਖ ਪਰੰਪਰਾਵਾਂ ਦੀ ਮਰਯਾਦਾ ਨੂੰ ਮਜ਼ਬੂਤ ਬਣਾਉਣ।ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸੰਮਤ ਨਾਨਕਸ਼ਾਹੀ 558 ਦੀ ਆਮਦ ਸਬੰਧੀ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਆਪਣੇ ਸੰਬੋਧਨ ਦੌਰਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਕੌਮ ਦੀਆਂ ਰਵਾਇਤਾਂ ਅਤੇ ਪਰੰਪਰਾਵਾਂ ਬਹੁਤ ਸ਼ਾਨਦਾਰ ਹਨ ਅਤੇ ਇਹ ਸਾਡੀ ਪਛਾਣ ਦਾ ਅਹਿਮ ਹਿੱਸਾ ਹਨ।ਉਨ੍ਹਾਂ ਕਿਹਾ ਕਿ ਗੁਰੂ ਘਰਾਂ ਦਾ ਪ੍ਰਬੰਧ ਸੰਗਤ ਦੇ ਸਹਿਯੋਗ ਨਾਲ ਚੱਲਦਾ ਹੈ ਅਤੇ ਇਸ ਕਰਕੇ ਗੁਰਦੁਆਰਾ ਸਾਹਿਬਾਨ ਵਿੱਚ ਸੇਵਾ ਨਿਭਾਉਣ ਵਾਲੇ ਸੇਵਾਦਾਰ, ਮੁਲਾਜ਼ਮ ਅਤੇ ਅਧਿਕਾਰੀ ਸਾਦਗੀ ਭਰਿਆ ਅਤੇ ਰਵਾਇਤੀ ਪਹਿਰਾਵਾ ਅਪਣਾਉਣ, ਜਿਸ ਨਾਲ ਗੁਰੂ ਘਰਾਂ ਦੀ ਮਰਯਾਦਾ ਅਤੇ ਸਿੱਖੀ ਅਸੂਲਾਂ ਦੀ ਝਲਕ ਪ੍ਰਗਟ ਹੁੰਦੀ ਹੈ।ਉਨ੍ਹਾਂ ਸਮੂਹ ਮੁਲਾਜ਼ਮਾਂ ਨੂੰ ਕਿਹਾ ਕਿ ਡਿਊਟੀ ਦੀ ਸ਼ੁਰੂਆਤ ਹਰ ਰੋਜ਼ ਸਮੂਹਿਕ ਤੌਰ ’ਤੇ ਮੂਲ ਮੰਤਰ ਅਤੇ ਵਾਹਿਗੁਰੂ ਗੁਰਮੰਤਰ ਦੇ ਜਾਪ ਨਾਲ ਕੀਤੀ ਜਾਵੇ।
ਪ੍ਰਧਾਨ ਧਾਮੀ ਨੇ ਸ਼੍ਰੋਮਣੀ ਕਮੇਟੀ ਅਤੇ ਇਸ ਦੇ ਪ੍ਰਬੰਧ ਹੇਠ ਕੰਮ ਕਰਦੇ ਮੁਲਾਜ਼ਮਾਂ ਲਈ 1 ਅਪ੍ਰੈਲ ਤੋਂ 4 ਫੀਸਦੀ ਮਹਿੰਗਾਈ ਭੱਤਾ ਵਧਾਉਣ ਦਾ ਐਲਾਨ ਵੀ ਕੀਤਾ।ਉਨ੍ਹਾਂ ਸੰਗਤ ਨੂੰ ਨਾਨਕਸ਼ਾਹੀ ਨਵੇਂ ਸਾਲ ਦੀਆਂ ਵਧਾਈਆਂ ਦਿੰਦਿਆਂ ਅਰਦਾਸ ਕੀਤੀ ਕਿ ਅਕਾਲ ਪੁਰਖ ਸਾਰੀ ਮਨੁੱਖਤਾ ’ਤੇ ਆਪਣੀ ਕਿਰਪਾ ਬਣਾਈ ਰੱਖਣ ਅਤੇ ਸਿੱਖ ਕੌਮ ਨੂੰ ਗੁਰੂ ਸਾਹਿਬਾਨ ਦੀਆਂ ਸਿਖਿਆਵਾਂ ਅਨੁਸਾਰ ਜੀਵਨ ਜੀਊਣ ਦੀ ਪ੍ਰੇਰਣਾ ਬਖ਼ਸ਼ਣ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਜੀਤ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ।ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਕਥਾ ਵਿਚਾਰ ਸਾਂਝੇ ਕੀਤੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਜਸਮੇਰ ਸਿੰਘ ਲਾਛੜੂ, ਭਾਈ ਅਜੈਬ ਸਿੰਘ ਅਭਿਆਸੀ, ਓਐਸਡੀ ਸਤਬੀਰ ਸਿੰਘ ਧਾਮੀ, ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ਼ਹਿਬਾਜ਼ ਸਿੰਘ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ ਤੇ ਮਲਕੀਤ ਸਿੰਘ ਬਹਿੜਵਾਲ, ਵਧੀਕ ਮੈਨੇਜਰ ਬਿਕਰਮਜੀਤ ਸਿੰਘ ਝੰਗੀ, ਗੁਰਤਿੰਦਰਪਾਲ ਸਿੰਘ, ਮੀਤ ਮੈਨੇਜਰ ਦਿਲਬਾਗ ਸਿੰਘ, ਬਲਵਿੰਦਰ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।
Check Also
ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਗੁ. ਟਾਹਲਾ ਸਾਹਿਬ ਵਿਖੇ ਕੀਤਾ ਸ਼ੁਕਰਾਨਾ
ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਦਿੱਲੀ ਦੇ ਉਪ ਰਾਜਪਾਲ ਨਿਯੁੱਕਤ ਹੋਣ ਤੋਂ ਬਾਅਦ ਪਹਿਲੀ …
Punjab Post Daily Online Newspaper & Print Media