Sunday, March 22, 2026

ਖ਼ਾਲਸਈ ਜਾਹੋ-ਜਲਾਲ ਨਾਲ ਮਨਾਈ ਜਾਵੇਗੀ ਸ੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਦੀ ਸ਼ਤਾਬਦੀ- ਐਡਵੋਕੇਟ ਧਾਮੀ

ਅੰਮ੍ਰਿਤਸਰ, 22 ਮਾਰਚ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਵਸਾਏ ਸ੍ਰੀ ਕੀਰਤਪੁਰ ਸਾਹਿਬ ਦਾ 400 ਸਾਲਾ ਸਥਾਪਨਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਪ੍ਰੰਪਰਾਵਾਂ ਅਤੇ ਖ਼ਾਲਸਈ ਜਾਹੋ-ਜਲਾਲ ਨਾਲ ਮਨਾਇਆ ਜਾਵੇਗਾ। ਇਸ ਸਬੰਧੀ 29, 30 ਅਪ੍ਰੈਲ ਅਤੇ 1 ਮਈ 2026 ਨੂੰ ਗੁਰਦੁਆਰਾ ਸ੍ਰੀ ਕੀਰਤਪੁਰ ਸਾਹਿਬ ਵਿਖੇ ਵਿਸ਼ਾਲ ਪੱਧਰ ’ਤੇ ਗੁਰਮਤਿ ਸਮਾਗਮ ਹੋਣਗੇ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੱਜ ਸ੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਸਮਾਗਮਾਂ ਸਬੰਧੀ ਸਬ-ਕਮੇਟੀ ਦੀ ਇਕੱਤਰਤਾ ਹੋਈ, ਜਿਸ ਵਿਚ ਸ਼ਤਾਬਦੀ ਸਬੰਧੀ ਕੀਤੇ ਜਾਣ ਵਾਲੇ ਸਮਾਗਮਾਂ ਦੀ ਰੂਪ-ਰੇਖਾ ਉਲੀਕੀ ਗਈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਕੀਰਤਪੁਰ ਸਾਹਿਬ ਉਹ ਪਾਵਨ ਧਰਤੀ ਹੈ, ਜਿਸ ਨੂੰ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਵਸਾਇਆ ਸੀ ਅਤੇ ਇਸ ਪਾਵਨ ਅਸਥਾਨ ’ਤੇ ਸ੍ਰੀ ਗੁਰੂ ਹਰਿਰਾਏ ਸਾਹਿਬ ਅਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਨੇ ਵੀ ਵਾਸ ਕੀਤਾ।ਇਸ ਪਾਵਨ ਅਸਥਾਨ ਦੀ 400 ਸਾਲਾ ਸ਼ਤਾਬਦੀ ਸਮੂਹ ਸਿੱਖ ਜਥੇਬੰਦੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਪੱਧਰ ’ਤੇ ਮਨਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਸ਼ਤਾਬਦੀ ਸਬੰਧੀ 29 ਅਪ੍ਰੈਲ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੋਵੇਗੀ ਅਤੇ ਰੈਣ-ਸਬਾਈ ਕੀਰਤਨ ਦਰਬਾਰ ਕਰਵਾਇਆ ਜਾਵੇਗਾ। 30 ਅਪ੍ਰੈਲ ਨੂੰ ਵੀ ਗੁਰਮਤਿ ਸਮਾਗਮ ਹੋਣਗੇ, ਜਿਸ ਵਿਚ ਪੰਥ ਪ੍ਰਸਿੱਧ ਕਥਾਵਾਚਕ, ਰਾਗੀ, ਢਾਡੀ ਤੇ ਕਵੀਸ਼ਰ ਜਥੇ ਸੰਗਤਾਂ ਨੂੰ ਗੁਰ-ਇਤਿਹਾਸ ਨਾਲ ਜੋੜਨਗੇ।ਸ਼ਤਾਬਦੀ ਸਬੰਧੀ ਮੁੱਖ ਸਮਾਗਮ 1 ਮਈ 2026 ਨੂੰ ਹੋਵੇਗਾ, ਜਿਸ ਵਿੱਚ ਸਿੰਘ ਸਾਹਿਬਾਨ, ਤਖ਼ਤ ਸਾਹਿਬਾਨ ਦੇ ਜਥੇਦਾਰ, ਸਿੱਖ ਪੰਥ ਦੀਆਂ ਸਮੂਹ ਧਾਰਮਿਕ ਜਥੇਬੰਦੀਆਂ, ਨਿਹੰਗ ਸਿੰਘ ਦਲਾਂ, ਕਾਰਸੇਵਾ ਵਾਲੇ ਮਹਾਂਪੁਰਖਾ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਸ਼ਮੂਲੀਅਤ ਕਰਨਗੀਆਂ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਮੂਹ ਸਿੱਖ ਸੰਪ੍ਰਦਾਵਾਂ, ਨਿਹੰਗ ਸਿੰਘ ਜਥੇਬੰਦੀਆਂ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਵਿਸ਼ੇਸ਼ ਤੌਰ ’ਤੇ ਸੱਦਾ ਪੱਤਰ ਭੇਜੇ ਜਾਣਗੇ।ਸ਼ਤਾਬਦੀ ਸਮਾਗਮਾਂ ਦੌਰਾਨ ਵਿਸ਼ੇਸ਼ ਤੌਰ ’ਤੇ ਅੰਮ੍ਰਿਤ ਸੰਚਾਰ ਸਮਾਗਮ ਵੀ ਹੋਣਗੇ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ਼ਤਾਬਦੀ ਸਬੰਧੀ ਸੰਗਤਾਂ ਨੂੰ ਪ੍ਰੇਰਣਾ ਕਰਨ ਵਾਸਤੇ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਜਥੇ ਪਿੰਡ-ਪਿੰਡ ਜਾ ਕੇ ਗੁਰਮਤਿ ਸਮਾਗਮ ਕਰਨਗੇ।ਉਨ੍ਹਾਂ ਸੰਗਤਾਂ ਨੂੰ ਸ਼ਤਾਬਦੀ ਸਬੰਧੀ ਹੋਣ ਵਾਲੇ ਸਮਾਗਮਾਂ ਵਿਚ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।
ਇਕੱਤਰਤਾ ’ਚ ਅੰਤ੍ਰਿੰਗ ਕਮੇਟੀ ਮੈਂਬਰ ਦਲਜੀਤ ਸਿੰਘ ਭਿੰਡਰ, ਸੁਰਜੀਤ ਸਿੰਘ ਤੁਗਲਵਾਲ, ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸੁਰਜੀਤ ਸਿੰਘ ਭਿੱਟੇਵੱਡ, ਭਾਈ ਅਜੈਬ ਸਿੰਘ ਅਭਿਆਸੀ, ਗੁਰਿੰਦਰਪਾਲ ਸਿੰਘ ਗੋਰਾ, ਓਐਸਡੀ ਸਤਬੀਰ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਬਿਜੈ ਸਿੰਘ, ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ, ਹਰਭਜਨ ਸਿੰਘ ਵਕਤਾ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ, ਵਧੀਕ ਮੈਨੇਜਰ ਹਰਦੇਵ ਸਿੰਘ, ਇੰਚਾਰਜ਼ ਰਾਜਵਿੰਦਰ ਸਿੰਘ ਜੋਗਾ ਆਦਿ ਮੌਜ਼ੂਦ ਸਨ।

Check Also

ਯੂ.ਕੇ ਐਮ.ਪੀ ਬੀਬੀ ਪ੍ਰੀਤ ਕੌਰ ਗਿੱਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 22 ਮਾਰਚ (ਜਗਦੀਪ ਸਿੰਘ) – ਯੂ.ਕੇ ਬਰਮਿੰਘਮ ਦੇ ਐਜਬੈਸਟਨ ਤੋਂ ਐਮ.ਪੀ ਬੀਬੀ ਪ੍ਰੀਤ ਕੌਰ …