
ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਵਲੋਂ ਅੱਜ ਪਿੰਡ ਫਤਿਹਪੁਰ ਰਾਜਪੂਤਾਂ ਖ਼ੁਰਦ ਅਤੇ ਗਿੱਲ ਪਿੰਡ (ਹਲਕਾ ਜੰਡਿਆਲਾ ਗੁਰੂ) ਵਿਖੇ ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ `ਤੇ ਪਿੰਡ ਵਿਖੇ ਲੋਕਾਂ ਨਾਲ ਸਿੱਧਾ ਸੰਵਾਦ ਕੀਤਾ ਅਤੇ ਸਰਕਾਰ ਵਲੋਂ ਕੀਤੇ ਗਏ ਵਿਕਾਸ ਕਾਰਜ਼ਾਂ ਅਤੇ ਚਾਰ ਸਾਲ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ।ਹਲਕਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸੂਬੇ ਨੇ ਆਪਣੇ ਵਾਸੀਆਂ ਲਈ 10 ਲੱਖ ਰੁਪਏ ਤੱਕ ਸਿਹਤ ਬੀਮਾ ਸ਼ੁਰੂ ਕੀਤਾ ਹੈ।ਉਨਾਂ ਕਿਹਾ ਕਿ ਮਾਨ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਪਹਿਲੇ ਸਾਲ ਤੋਂ ਹੀ ਲੋਕਾਂ ਨਾਲ ਕੀਤੀਆਂ ਗਰੰਟੀਆਂ ਨੂੰ ਪੂਰਾ ਕਰਨਾ ਸ਼ੁਰੂ ਕਰ ਦਿੱਤਾ ਸੀ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਸ਼ਾਨਦਾਰ ਚਾਰ ਸਾਲ ਪੂਰੇ ਹੋਣ ‘ਤੇ ਹਰਭਜਨ ਸਿੰਘ ਈ.ਟੀ.ਓ ਨੇ ਖਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਨ੍ਹਾਂ ਚਾਰ ਸਾਲਾਂ ਦੌਰਾਨ ਸਿਹਤ, ਸਿੱਖਿਆ, ਰੁਜ਼ਗਾਰ ਉਦਯੋਗਿਕ ਵਿਕਾਸ ਦੇ ਬੁਨਿਆਦੀ ਢਾਂਚੇ ਵਿੱਚ ਵੱਡੇ ਬਦਲਾਅ ਲਿਆਂਦੇ ਗਏ ਹਨ।ਉਨ੍ਹਾਂ ਕਿਹਾ ਕਿ ਸਿਹਤ ਦੇ ਖੇਤਰ ਵਿਚ ਕ੍ਰਾਂਤੀਕਾਰੀ ਬਦਲਾ ਲਿਆਂਦੇ ਹੋਏ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਗਈ, ਜਿਸ ਤਹਿਤ ਹਰ ਵਰਗ ਦੇ ਹਰੇਕ ਨਾਗਰਿਕ ਲਈ 10 ਲੱਖ ਰੁਪਏ ਤੱਕ ਦੇ ਮੁਫਤ ਇਲਾਜ਼ ਦੀ ਸਹੂਲਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀ ਆਰਥਿਕ ਮਜ਼ਬੂਤੀ ਲਈ ਜਰਨਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਅਤੇ ਐਸ.ਸੀ ਵਰਗ ਦੀਆਂ ਔਰਤਾਂ ਲਈ 1500 ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ।
ਇਸ ਮੌਕੇ ਬਲਾਕ ਪ੍ਰਧਾਨ/ ਸਰਪੰਚ ਪਿੰਡ ਕਿਲ੍ਹਾ ਜੀਵਨ ਸਿੰਘ ਬਲਜਿੰਦਰ ਸਿੰਘ, ਸਰਪੰਚ ਮੰਗਲ ਸਿੰਘ, ਸਰਪੰਚ ਪਿੰਡ ਮੱਖਣਵਿੰਡੀ ਸੁਖਵਿੰਦਰ ਸਿੰਘ (ਸੁੰਦਰ), ਸਰਪੰਚ ਪਿੰਡ ਫਤਿਹਪੁਰ ਰਾਜਪੂਤਾਂ ਖੁਰਦ, ਕੁਲਵਿੰਦਰ ਕੌਰ ਪਤਨੀ ਰਣਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।
Punjab Post Daily Online Newspaper & Print Media