
ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ) – ਅੰਮ੍ਰਿਤਸਰ ਸ਼ਹਿਰ ਦੇ ਨਿਵਾਸੀ ਰਹੇ ਐਡਵੋਕੇਟ ਰਮੇਸ਼ ਰਾਜ ਭੰਡਾਰੀ ਨਮਿਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਸਥਾਨਕ ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਰਣਜੀਤ ਐਵੀਨਿਊ ਵਿਖੇ ਕਰਵਾਈ ਗਈ।ਸਵਰਗੀ ਐਡਵੋਕੇਟ ਰਮੇਸ਼ ਰਾਜ ਭੰਡਾਰੀ ਪੰਜਾਬ ਦੇ ਸੀਨੀਅਰ ਆਈ.ਏ.ਐਸ ਅਧਿਕਾਰੀ ਰਾਹੁਲ ਭੰਡਾਰੀ ਦੇ ਪਿਤਾ ਅਤੇ ਸੀਨੀਅਰ ਆਈ.ਏ.ਐਸ ਅਧਿਕਾਰੀ ਰਾਖੀ ਗੁਪਤਾ ਭੰਡਾਰੀ ਦੇ ਸਹੁਰਾ ਸਾਹਿਬ ਸਨ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਐਡਵੋਕੇਟ ਰਮੇਸ਼ ਰਾਜ ਭੰਡਾਰੀ ਨਮਿਤ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਵਿੱਚ ਸ਼ਾਮਲ ਹੋ ਕੇ ਵਿੱਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਤੇ ਪਿੱਛੇ ਪਰਿਵਾਰ ਅਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ।ਉਨ੍ਹਾਂ ਕਿਹਾ ਕਿ ਐਡਵੋਕੇਟ ਰਮੇਸ਼ ਰਾਜ ਭੰਡਾਰੀ ਬਹੁਤ ਨੇਕ ਰੂਹ ਸਨ ਅਤੇ ਸਮਾਜ ਨੂੰ ਉਨ੍ਹਾਂ ਦੀ ਦੇਣ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ।ਸਪੀਕਰ ਸੰਧਵਾਂ ਨੇ ਰਾਹੁਲ ਭੰਡਾਰੀ ਅਤੇ ਰਾਖੀ ਗੁਪਤਾ ਭੰਡਾਰੀ ਨਾਲ ਵੀ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ।
ਇਸ ਮੌਕੇ ਪੰਜਾਬੀ ਜਾਗਰਨ ਦੇ ਮੁੱਖ ਸੰਪਾਦਕ ਵਰਿੰਦਰ ਸਿੰਘ ਵਾਲੀਆ, ਉਤਮ ਹਿੰਦੂ ਦੇ ਸੰਪਾਦਕ ਰਿਤਨ ਖੰਨਾ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਪਰਮਜੀਤ ਕੌਰ, ਐਸ.ਡੀ.ਐਮ ਅੰਮ੍ਰਿਤਸਰ-2 ਗੁਰਮੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ, ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ, ਪਰਿਵਾਰਕ ਮੈਂਬਰਾਂ, ਦੋਸਤਾਂ, ਸਿਵਲ ਸੁਸਾਇਟੀ ਦੇ ਮੈਂਬਰਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ।
Punjab Post Daily Online Newspaper & Print Media