ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤ
ਅੰਮ੍ਰਿਤਸਰ, 9 ਅਪ੍ਰੈਲ (ਜਗਦੀਪ ਸਿੰਘ) – ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂਆਂ ਨੂੰ
ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਵੀਜ਼ਾ ਲੱਗੇ ਪਾਸਪੋਰਟ ਸੌਂਪੇ ਗਏ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਮੌਜੂਦ ਸਨ।ਮੀਡੀਆ ਨਾਲ ਗੱਲ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਵਾਰ ਖ਼ਾਲਸਾ ਸਾਜਣਾ ਦਿਵਸ ਵਿਸਾਖੀ ਦੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਲਈ ਇਹ ਜਥਾ ਭਲਕੇ 10 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਸਵੇਰੇ 8:00 ਵਜੇ ਰਵਾਨਾ ਹੋਵੇਗਾ।ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਵਾਰ 1795 ਸ਼ਰਧਾਲੂਆਂ ਦੇ ਪਾਸਪੋਰਟ ਵੀਜੇ ਲਈ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 1763 ਸ਼ਰਧਾਲੂਆਂ ਨੂੰ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੇ ਵੀਜੇ ਜਾਰੀ ਕੀਤੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪਾਕਿਸਤਾਨ ਅਤੇ ਭਾਰਤ ਸਰਕਾਰ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾਂ ਵੀ ਮੁੜ ਖੋਲ੍ਹਣ ਦੀ ਮੰਗ ਕੀਤੀ।ਉਨ੍ਹਾਂ ਕਿਹਾ ਕਿ ਸਿੱਖ ਸ਼ਰਧਾਲੂਆਂ ਦੀ ਆਪਣੇ ਗੁਰਧਾਮਾਂ ਦੇ ਦਰਸ਼ਨਾਂ ਪ੍ਰਤੀ ਵੱਡੀ ਸ਼ਰਧਾ ਹੈ ਅਤੇ ਸਰਕਾਰਾਂ ਨੂੰ ਇਸ ਦਾ ਸਤਿਕਾਰ ਕਰਨਾ ਚਾਹੀਦਾ ਹੈ।ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘੇ ਨੂੰ ਤੁਰੰਤ ਮੁੜ ਖੋਲ੍ਹਿਆ ਜਾਵੇ।ਧਾਮੀ ਨੇ ਇਹ ਵੀ ਮੰਗ ਕੀਤੀ ਕਿ ਪਾਸਪੋਰਟ ਦੀ ਸ਼ਰਤ ਨੂੰ ਖ਼ਤਮ ਕੀਤਾ ਜਾਵੇ ਅਤੇ ਪਾਕਿਸਤਾਨ ਸਰਕਾਰ ਵੱਲੋਂ 20 ਡਾਲਰ ਫੀਸ ਵੀ ਸਮਾਪਤ ਕੀਤੀ ਜਾਵੇ।
ਇਸੇ ਦੌਰਾਨ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਜਿਹੜੇ ਸ਼ਰਧਾਲੂ ਅੱਜ ਪਾਸਪੋਰਟ ਲੈਣ ਨਹੀਂ ਪੁੱਜ ਸਕੇ, ਉਹ ਜਥੇ ਦੀ ਰਵਾਨਗੀ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਆਪਣੇ ਪਾਸਪੋਰਟ ਪ੍ਰਾਪਤ ਕਰਨ। ਇਸ ਮੌਕੇ ਓਐਸਡੀ ਸਤਬੀਰ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਇੰਜੀ: ਸੁਖਮਿੰਦਰ ਸਿੰਘ, ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਬਲਵਿੰਦਰ ਸਿੰਘ ਖੈਰਾਬਾਦ, ਸੁਪਰਂਡੈਂਟ ਨਿਸ਼ਾਨ ਸਿੰਘ, ਯਾਤਰਾ ਵਿਭਾਗ ਦੇ ਇੰਚਾਰਜ ਜਗਜੀਤ ਸਿੰਘ ਆਦਿ ਹਾਜ਼ਰ ਸਨ।
Punjab Post Daily Online Newspaper & Print Media