Saturday, April 18, 2026

ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਅੰਮ੍ਰਿਤਸਰ, 18 ਅਪ੍ਰੈਲ (ਜਗਦੀਪ ਸਿੰਘ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਸਿੱਖ ਧਰਮ ਦੀ ਦੂਜੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਖ਼ਾਲਸਾ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਗਿਆ।ਗੁਰੂ ਚਰਨਾਂ ’ਚ ਹਾਜ਼ਰੀ ਲਗਾਉਣ ਲਈ ਪੁੱਜੇ ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਗੁਰੂ ਸਾਹਿਬ ਦੇ ਜੀਵਨ ਅਤੇ ਉਨ੍ਹਾਂ ਦੀਆਂ ਮਹਾਨ ਸਿੱਖਿਆਵਾਂ ’ਤੇ ਚਾਨਣਾ ਪਾਉਂਦਿਆਂ ਦੇਸ਼-ਵਿਦੇਸ਼ ’ਚ ਵੱਸਦੀ ਸਮੂਹ ਸੰਗਤ ਨੂੰ ਵਧਾਈ ਦਿੱਤੀ।
ਇਸ ਤੋਂ ਪਹਿਲਾਂ ਖ਼ਾਲਸਾ ਕਾਲਜ ਆਫ਼ ਫਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ ਨੇ ਰਸਭਿੰਨੇ ਕੀਰਤਨ ਦੁਆਰਾ ਹਾਜ਼ਰ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਿਆ।ਸਿੱਖ ਇਤਿਹਾਸ ਮਾਹਿਰ ਅਤੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਸਮੂਹ ਸੰਗਤ ਨੂੰ ਸਾਹਿਬ ਸ੍ਰੀ ਗੁਰੂ ਅੰਗਦ ਦੇਵ ਜੀ ਸਬੰਧੀ ਵਿਸਥਾਰ ਪੂਰਵਕ ਜਾਣੂ ਕਰਵਾਇਆ ਅਤੇ ਗੁਰੂ ਸਾਹਿਬਾਨ ਜੀ ਦੇ ਜੀਵਨ ਤੇ ਉਪਦੇਸ਼ਾਂ ’ਤੇ ਚਾਨਣਾ ਪਾਇਆ।
ਸ: ਛੀਨਾ ਨੇ ਕਿਹਾ ਕਿ ਗੁਰੂ ਸਾਹਿਬ ਜੀ ਨੇ ਗੁਰਮੁਖੀ ਲਿਪੀ ਨੂੰ ਵਿਕਸਿਤ ਕਰਕੇ ਸਿੱਖ ਕੌਮ ਨੂੰ ਇੱਕ ਮਜ਼ਬੂਤ ਪਛਾਣ ਦਿੱਤੀ ਅਤੇ ਸਿੱਖਿਆ ਦੇ ਪ੍ਰਸਾਰ ’ਚ ਅਹਿਮ ਯੋਗਦਾਨ ਪਾਇਆ।ਉਨ੍ਹਾਂ ਨੇ ਲੰਗਰ ਪ੍ਰਥਾ ਨੂੰ ਹੋਰ ਮਜ਼ਬੂਤ ਕਰਕੇ ਸਮਾਜ ’ਚ ਬਰਾਬਰੀ ਅਤੇ ਸੇਵਾ ਦੀ ਭਾਵਨਾ ਨੂੰ ਉਤਸ਼ਾਹਿਤ ਕੀਤਾ।ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਨੌਜਵਾਨ ਪੀੜ੍ਹੀ ਨੂੰ ਆਪਣੇ ਧਰਮ ਅਤੇ ਵਿਰਾਸਤ ਨਾਲ ਜੋੜਨ ’ਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਸਾਹਿਬਾਨਾਂ ਦੀਆਂ ਸਿੱਖਿਆਵਾਂ ਨੂੰ ਆਪਣੀ ਦਿਨਚਰਿਆ ’ਚ ਅਪਣਾਉਣਾ ਚਾਹੀਦਾ ਹੈ ਤਾਂ ਜੋ ਅਸੀਂ ਇੱਕ ਚੰਗਾ ਅਤੇ ਨੈਤਿਕ ਸਮਾਜ ਬਣਾਉਣ ’ਚ ਯੋਗਦਾਨ ਪਾ ਸਕੀਏ।
ਇਸ ਮੌਕੇ ’ਵਰਸਿਟੀ ਦੇ ਅਕਾਦਮਿਕ ਮਾਮਲੇ ਡੀਨ ਡਾ. ਸੁਰਿੰਦਰ ਕੌਰ, ਐਗਜਾਮੀਨੇਸ਼ਨ ਕੰਟਰੋਲਰ ਡੀਨ ਡਾ. ਕੰਵਲਜੀਤ ਸਿੰਘ, ਕੌਂਸਲ ਦੇ ਜੁਆਇੰਟ ਸਕੱਤਰ ਲਖਵਿੰਦਰ ਸਿੰਘ ਢਿੱਲੋਂ, ਮੈਂਬਰ ਰਮਿੰਦਰ ਕੌਰ, ਖ਼ਾਲਸਾ ਕਾਲਜ ਆਫ਼ ਲਾਅ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰਸੀਪਲ ਗੁਰਦੇਵ ਸਿੰਘ, ਖ਼ਾਲਸਾ ਕਾਲਜ ਪਬਲਿਕ ਸਕੂਲ, ਹੇਰ ਪ੍ਰਿੰਸੀਪਲ ਸ੍ਰੀਮਤੀ ਗੁਰਿੰਦਰਜੀਤ ਕੌਰ ਕੰਬੋਜ਼, ਖ਼ਾਲਸਾ ਕਾਲਜ ਪਬਲਿਕ ਸਕੂਲ (ਘੁੱਗ), ਜਲੰਧਰ ਪ੍ਰਿੰਸੀਪਲ ਪਰਮਜੀਤ ਸਿੰਘ, ਅੰਡਰ ਸੈਕਟਰੀ ਡੀ.ਐਸ ਰਟੌਲ, ਅਧਿਆਪਕ, ਗੈਰ ਅਧਿਆਪਨ ਸਟਾਫ਼ ਮੈਂਬਰ ਅਤੇ ਵੱਡੀ ਗਿਣਤੀ ’ਚ ਕਾਲਜ ਤੇ ਸਕੂਲ ਦੇ ਵਿਦਿਆਰਥੀ ਹਾਜ਼ਰ ਸਨ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਮੇਜਰ ਅੰਮ੍ਰਿਤਪਾਲ ਵੱਲੋਂ ਪ੍ਰੇਰਨਾਦਾਇਕ ਲੈਕਚਰ

ਅੰਮ੍ਰਿਤਸਰ, 17 ਅਪ੍ਰੈਲ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵੱਲੋਂ ਭਾਰਤੀ ਫ਼ੌਜ ਦੇ …