ਅੰਮ੍ਰਿਤਸਰ, 6 ਮਈ (ਜਗਦੀਪ ਸਿੰਘ) – ਸੂਬੇ ਦੇ ਕਿਸਾਨਾਂ ਨੂੰ ਪਾਣੀ ਦੀ ਜ਼ਿਆਦਾ ਖੱਪਤ ਕਰਨ ਵਾਲੀ ਝੋਨੇ ਦੇ ਫ਼ਸਲ ‘ਚੋਂ ਕੱਢ ਕੇ ਫਸਲੀ ਵਿਭਿੰਨਤਾ ਵੱਲ
ਉਤਸ਼ਾਹਿਤ ਕਰਨ ਲਈ ਅਹਿਮ ਕਦਮ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 2026-27 ਸੀਜ਼ਨ ਲਈ ਸਾਉਣੀ ਦੀ ਮੱਕੀ ਵਿਭਿੰਨਤਾ ਯੋਜਨਾ ਨੂੰ 6 ਜ਼ਿਲ੍ਹਿਆਂ ਤੋਂ ਹੁਣ 16 ਜ਼ਿਲ੍ਹਿਆਂ ਤੱਕ ਵਧਾਉਣ ਦਾ ਫੈਸਲਾ ਕੀਤਾ ਹੈ, ਜਿਸ ਵਾਸਤੇ ਕਿਸਾਨਾਂ ਨੂੰ ਪ੍ਰਤੀ ਹੈਕਟੇਅਰ 17500/- ਰੁਪਏ ਦਾ ਵਿੱਤੀ ਲਾਭ ਵੀ ਦਿੱਤਾ ਜਾਵੇਗਾ।ਰਾਜ ਸਰਕਾਰ ਨੇ ਇਹ ਫੈਸਲਾ 2025-26 ਸਾਉਣੀ ਸੀਜ਼ਨ ਦੌਰਾਨ 6 ਜ਼ਿਲ੍ਹਿਆਂ ਵਿੱਚ ਲਾਗੂ ਕੀਤੇ ਗਏ ਪਾਇਲਟ ਪ੍ਰੋਜੈਕਟ ਨੂੰ ਕਿਸਾਨਾਂ ਵੱਲੋਂ ਵੱਡਾ ਹੁੰਗਾਰਾ ਮਿਲਣ ਬਾਅਦ ਲਿਆ ਗਿਆ ਹੈ।ਮਾਨ ਸਰਕਾਰ ਦਾ ਇਹ ਫੈਸਲਾ ਕਿਸਾਨਾਂ ਨੂੰ ਝੋਨੇ ਤੋਂ ਸਾਉਣੀ ਮੱਕੀ ਦੀ ਕਾਸ਼ਤ ਵੱਲ ਜਾਣ ਲਈ ਉਤਸ਼ਾਹਿਤ ਕਰਕੇ ਸੂਬੇ ‘ਚ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਇੱਕ “ਨਿਰਣਾਇਕ ਕਦਮ” ਹੈ।
ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤਸਰ ਦੇ ਚੇਅਰਮੈਨ ਸ੍ਰੀ ਗੁਰਪ੍ਰਤਾਪ ਸਿੰਘ ਸੰਧੂ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਅੰਮ੍ਰਿਤਸਰ, ਬਠਿੰਡਾ, ਫਤਿਹਗੜ੍ਹ ਸਾਹਿਬ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਮੋਗਾ, ਪਟਿਆਲਾ, ਪਠਾਨਕੋਟ, ਰੂਪਨਗਰ, ਸੰਗਰੂਰ, ਐਸ.ਏ.ਐਸ ਨਗਰ, ਐਸ.ਬੀ.ਐਸ ਨਗਰ ਅਤੇ ਤਰਨ ਤਾਰਨ ਵਿੱਚ 20,000 ਹੈਕਟੇਅਰ (50000 ਏਕੜ) ਰਕਬੇ ਨੂੰ ਸਾਉਣੀ ਦੀ ਮੱਕੀ ਅਧੀਨ ਲਿਆਉਣ ਦਾ ਟੀਚਾ ਮਿੱਥਿਆ ਗਿਆ ਹੈ।ਇਸ ਲਈ ਕਿਸਾਨਾਂ ਨੂੰ ਪਿਛਲੇ ਸਾਲ ਵਾਂਗ ਪ੍ਰਤੀ ਹੈਕਟੇਅਰ 17500 ਰੁਪਏ ਦੀ ਸਬਸਿਡੀ ਵੀ ਦਿੱਤੀ ਜਾਵੇਗੀ।ਇਸ ਵਿੱਚੋਂ 4500 ਰੁਪਏ ਬਲਾਕ ਖੇਤੀਬਾੜੀ ਦਫ਼ਤਰ ਵਿਖੇ ਲਾਗਤ (ਇਨਪੁੱਟ) ਬਿਲ ਜਮ੍ਹਾਂ ਕਰਵਾਉਣ ’ਤੇ ਜਾਰੀ ਕੀਤੇ ਜਾਣਗੇ, ਜਦੋਂਕਿ ਬਾਕੀ 13,000 ਰੁਪਏ ਲਾਜ਼ਮੀ ਜੀਓ-ਟੈਗਡ ਫ਼ਸਲ ਤਸਦੀਕ ਤੋਂ ਬਾਅਦ ਦੋ ਕਿਸ਼ਤਾਂ ਵਿੱਚ ਅਦਾ ਕੀਤੇ ਜਾਣਗੇ।ਚੇਅਰਮੈਨ ਗੁਰਪ੍ਰਤਾਪ ਸਿੰਘ ਸੰਧੂ ਨੇ ਕਿਹਾ ਕਿ ਇਛੁੱਕ ਕਿਸਾਨ ਸਰਕਾਰ ਦੀ ਵੈਬਸਾਈਟ https://agrimachinerypb.com
‘ਤੇ ਰਜਿਸਟਰ ਕਰ ਸਕਦੇ ਹਨ।ਉਨ੍ਹਾਂ ਕਿਹਾ ਕਿ ਇਸ ਲਈ ਇੱਕ ਲਾਜ਼ਮੀ ਜੇ-ਫਾਰਮ ਅਤੇ ਖੇਤ ਦੀ ਜੀਓ-ਟੈਗਿੰਗ ਦੀ ਲੋੜ ਹੋਵੇਗੀ ਤਾਂ ਜੋ ਇਹ ਪੁਸ਼ਟੀ ਕੀਤੀ ਜਾ ਸਕੇ ਕਿ ਬਿਨੈਕਾਰ ਕਿਸਾਨ ਨੇ ਪਿੱਛਲੇ ਸਾਲ ਝੋਨਾ ਲਾਇਆ ਸੀ, ਜੋ ਇਕ ਸਾਲ ਮੱਕੀ ਦੀ ਕਾਸ਼ਤ ਵੱਲ ਜਾ ਰਿਹਾ ਹੈ।
ਉੱਨਤ ਕਿਸਾਨ ਪੋਰਟਲ ਰਾਹੀਂ ਤਸਦੀਕ ਦੋ ਪੜਾਵਾਂ ਵਿੱਚ ਕੀਤੀ ਜਾਵੇਗੀ।ਪਹਿਲਾ 15 ਤੋਂ 25 ਜੁਲਾਈ ਤੱਕ, ਜਿਸ ਤੋਂ ਬਾਅਦ 5 ਤੋਂ 15 ਅਗਸਤ 2026 ਤੱਕ ਦੂਜਾ ਪੜਾਅ ਹੋਵੇਗਾ।ਹਰੇਕ ਤਸਦੀਕ ਤੋਂ ਬਾਅਦ ਜ਼ਿਲ੍ਹਾ ਮੁੱਖ ਖੇਤੀਬਾੜੀ ਅਫਸਰ ਪ੍ਰਤੀ ਹੈਕਟੇਅਰ ਕ੍ਰਮਵਾਰ 9500 ਰੁਪਏ ਅਤੇ 7500 ਰੁਪਏ ਜਾਰੀ ਕਰਨਗੇ।ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਦੋ-ਫ਼ਸਲੀ (ਝੋਨਾ-ਕਣਕ) ਚੱਕਰ ਹੁਣ ਟਿਕਾਊ ਨਹੀਂ ਰਿਹਾ।
Check Also
ਖਾਲਸਾ ਕਾਲਜ ਦੇ ਗਣਿਤ ਵਿਭਾਗ ਵੱਲੋਂ ਕਾਰਨੀਵਲ-2026 ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 6 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਵੱਲੋਂ ‘ਕੇ.ਸੀ.ਏ ਮੈਥਮੈਟਿਕਸ …
Punjab Post Daily Online Newspaper & Print Media