ਅੰਮ੍ਰਿਤਸਰ, 6 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਸਿੱਖ ਪੰਥ ਦੇ ਤੀਜੇ ਗੁਰੂ ਸਾਹਿਬ ਸ੍ਰੀ ਗੁਰੂ ਅਮਰਦਾਸ ਜੀ ਦਾ
ਪ੍ਰਕਾਸ਼ ਪੁਰਬ ਖਾਲਸਾ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ-ਭਾਵਨਾ ਸਹਿਤ ਮਨਾਇਆ ਗਿਆ।ਇਸ ਪਵਿੱਤਰ ਦਿਹਾੜੇ ’ਤੇ ਗੁਰੂ ਸਾਹਿਬ ਜੀ ਦੇ ਚਰਨਾਂ ’ਚ ਹਾਜ਼ਰੀ ਲਗਾਉਣ ਲਈ ਪੁੱਜੇ ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਸਮੂਹ ਜਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅੱਜ ਦੇ ਸਮਾਜ ਲਈ ਵੀ ਬਹੁਤ ਹੀ ਪ੍ਰਸੰਗਿਕ ਹਨ।
ਇਸ ਤੋਂ ਪਹਿਲਾਂ ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਕੀਰਤਨ ਦੁਆਰਾ ਹਾਜ਼ਰ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਿਆ।ਸਿੱਖ ਇਤਿਹਾਸ ਮਾਹਿਰ ਅਤੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ‘ਭਲੇ ਅਮਰਦਾਸ ਗੁਣ ਤੇਰੇ, ਤੇਰੀ ਉਪਮਾ ਤੋਹਿ ਬਨਿ ਆਵੈ’ ਸ਼ਬਦ ਦੀ ਵਿਆਖਿਆ ਕਰਦਿਆਂ ਗੁਰੂ ਸਾਹਿਬ ਜੀ ਦੇ ਜੀਵਨ ਤੇ ਉਪਦੇਸ਼ਾਂ ਸਬੰਧੀ ਚਾਨਣਾ ਪਾਇਆ।ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਸਾਨੂੰ ਇੱਕ ਸੁਖੀ ਅਤੇ ਸੁਹਿਰਦ ਸਮਾਜ ਦੀ ਰਚਨਾ ਕਰਨ ਲਈ ਪ੍ਰੇਰਿਤ ਕਰਦੀਆਂ ਹਨ।
ਉਨ੍ਹਾਂ ਗੁਰੂ ਸਾਹਿਬ ਦੇ ਜੀਵਨ ਅਤੇ ਉਨ੍ਹਾਂ ਦੀਆਂ ਬੇਮਿਸਾਲ ਸੇਵਾਵਾਂ ਬਾਰੇ ਚਰਚਾ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਨੇ ਸਮਾਜ ’ਚ ਬਰਾਬਰੀ, ਸੇਵਾ ਅਤੇ ਸਿਮਰਨ ਦਾ ਸੰਦੇਸ਼ ਦਿੱਤਾ ਅਤੇ ਲੰਗਰ ਪ੍ਰਥਾ ਨੂੰ ਹੋਰ ਮਜ਼ਬੂਤ ਕਰਕੇ ਜਾਤ-ਪਾਤ ਦੇ ਭੇਦਭਾਵ ਨੂੰ ਖਤਮ ਕਰਨ ਲਈ ਵੱਡਾ ਯੋਗਦਾਨ ਪਾਇਆ।ਸ: ਛੀਨਾ ਨੇ ਖ਼ਾਲਸਾ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ. ਮਹਿਲ ਸਿੰਘ ਅਤੇ ਖਾਲਸਾ ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਨਾਲ ਮਿਲ ਕੇ ਕੀਰਤਨ ਕਰ ਰਹੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਂਟ ਕੀਤਾ।
ਇਸ ਮੌਕੇ ’ਵਰਸਿਟੀ ਦੇ ਅਕਾਦਮਿਕ ਮਾਮਲੇ ਡੀਨ ਡਾ. ਸੁਰਿੰਦਰ ਕੌਰ, ਐਗਜੇਮੀਨੇਸ਼ਨ ਕੰਟਰੋਲਰ ਡੀਨ ਡਾ. ਕੰਵਲਜੀਤ ਸਿੰਘ, ਕੌਂਸਲ ਦੇ ਜੁਆਇੰਟ ਸਕੱਤਰ ਲਖਵਿੰਦਰ ਸਿੰਘ ਢਿੱਲੋਂ, ਮੈਂਬਰ ਸਰਬਜੀਤ ਸਿੰਘ ਹੁਸ਼ਿਆਰ ਨਗਰ, ਕਰਮਜੀਤ ਸਿੰਘ ਭੱਟੀ, ਮੇਜਰ ਸਿੰਘ ਸੰਧੂ, ਡਾ. ਰਮਿੰਦਰ ਕੌਰ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਪ੍ਰਿੰਸੀਪਲ ਡਾ. ਮਨਦੀਪ ਕੌਰ, ਖ਼ਾਲਸਾ ਕਾਲਜ ਆਫ਼ ਨਰਸਿੰਗ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ, ਖ਼ਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰਸੀਪਲ ਗੁਰਦੇਵ ਸਿੰਘ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਡਾ. ਲਕਸ਼ਮੀ ਮਲਹੋਤਰਾ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ, ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ, ਖ਼ਾਲਸਾ ਕਾਲਜ ਪਬਲਿਕ ਸਕੂਲ ਹੇਰ ਪ੍ਰਿੰਸੀਪਲ ਸ੍ਰੀਮਤੀ ਗੁਰਿੰਦਰਜੀਤ ਕੌਰ ਕੰਬੋਜ, ਖ਼ਾਲਸਾ ਕਾਲਜ ਪਬਲਿਕ ਸਕੂਲ (ਘੁੱਗ) ਜਲੰਧਰ ਪ੍ਰਿੰਸੀਪਲ ਪਰਮਜੀਤ ਸਿੰਘ, ਅੰਡਰ ਸੈਕਟਰੀ ਡੀ.ਐਸ ਰਟੌਲ, ਅਧਿਆਪਕ, ਗੈਰ ਅਧਿਆਪਨ ਸਟਾਫ਼ ਮੈਂਬਰ ਅਤੇ ਵੱਡੀ ਗਿਣਤੀ ’ਚ ਕਾਲਜ, ਸਕੂਲ ਦੇ ਵਿਦਿਆਰਥੀ ਹਾਜ਼ਰ ਸਨ।
Check Also
ਖਾਲਸਾ ਕਾਲਜ ਵੂਮੈਨ ਵਿਖੇ ਅਰਦਾਸ ਦਿਵਸ ਕਰਵਾਇਆ ਗਿਆ
ਅੰਮ੍ਰਿਤਸਰ, 6 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਸਮੂਹ ਵਿਦਿਆਰਥਣਾਂ ਨੂੰ …
Punjab Post Daily Online Newspaper & Print Media