ਅੰਮ੍ਰਿਤਸਰ, 23 ਜੂਨ (ਜਗਦੀਪ ਸਿੰਘ) – ਸਿਹਤ ਵਿਭਾਗ ਅੰਮ੍ਰਿਤਸਰ ਵੱਲੋਂ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜਿਲ੍ਹਾ ਰੈਵਨਿਊ ਅਫ਼ਸਰ ਮਨਕੀਰਤ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਸਿਵਲ ਸਰਜਨ ਡਾ. ਰਸ਼ਮੀ ਵਿੱਜ ਦੀ ਅਗਵਾਈ ਵਿੱਚ ਵਿਸ਼ਵ ਸਿਹਤ ਸੰਗਠਨ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਪਲਸ ਪੋਲੀਓ ਰਾਊਂਡ ਸਬੰਧੀ ਜਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਮ੍ਰਿਤਸਰ ਵਿਖੇ ਆਯੋਜਿਤ ਕੀਤੀ ਗਈ।
ਮੀਟਿੰਗ ਦੌਰਾਨ ਸਿਵਲ ਸਰਜਨ ਡਾ. ਰਸ਼ਮੀ ਵਿੱਜ ਨੇ ਦੱਸਿਆ ਕਿ ਪਲਸ ਪੋਲੀਓ ਰਾਊਂਡ 28, 29 ਅਤੇ 30 ਜੂਨ 2026 ਨੂੰ ਜਿਲ੍ਹੇ ਭਰ ਵਿੱਚ ਕਰਵਾਇਆ ਜਾਵੇਗਾ।ਇਸ ਮੁਹਿੰਮ ਵਿੱਚ ਜਿਲ੍ਹਾ ਪ੍ਰੀਸ਼ਦ, ਮੈਡੀਕਲ ਵਿਭਾਗ, ਆਈ.ਸੀ.ਡੀ.ਐਸ, ਬਿਜਲੀ ਵਿਭਾਗ, ਸਿੱਖਿਆ ਵਿਭਾਗ, ਨਰਸਿੰਗ ਕਾਲਜਾਂ, ਆਈ.ਐਮ.ਏ, ਪੰਚਾਇਤੀ ਰਾਜ, ਪੰਜਾਬ ਰੋਡਵੇਜ਼ ਅਤੇ ਪੁਲਿਸ ਵਿਭਾਗ ਸਮੇਤ ਹੋਰ ਵਿਭਾਗ ਭਾਗੀਦਾਰੀ ਨਿਭਾਉਣਗੇ।
ਡਾ. ਰਸ਼ਮੀ ਵਿੱਜ ਨੇ ਕਿਹਾ ਕਿ ਭਾਰਤ ਭਾਵੇਂ ਪੋਲੀਓ ਮੁਕਤ ਦੇਸ਼ਾਂ ਦੀ ਸੂਚੀ ਵਿੱਚ ਸ਼ਾਮਲ ਹੋ ਚੁੱਕਾ ਹੈ, ਪਰ ਇਸ ਪ੍ਰਾਪਤੀ ਨੂੰ ਕਾਇਮ ਰੱਖਣ ਲਈ ਸਮੇਂ-ਸਮੇਂ `ਤੇ ਪੱਲਸ ਪੋਲੀਓ ਮੁਹਿੰਮਾਂ ਚਲਾਈਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਪੋਲੀਓ ਵਰਗੀ ਲਾ-ਇਲਾਜ਼ ਬਿਮਾਰੀ ਤੋਂ ਬੱਚਿਆਂ ਦੀ ਸੁਰੱਖਿਆ ਲਈ ਸਿਰਫ਼ ਸਿਹਤ ਵਿਭਾਗ ਹੀ ਨਹੀਂ, ਸਗੋਂ ਸਮਾਜ ਦੇ ਹਰ ਵਰਗ ਅਤੇ ਹੋਰ ਵਿਭਾਗਾਂ ਦਾ ਸਹਿਯੋਗ ਵੀ ਬਹੁਤ ਜ਼ਰੂਰੀ ਹੈ।
ਉਨ੍ਹਾਂ ਦੱਸਿਆ ਕਿ ਇਸ ਰਾਊਂਡ ਲਈ ਸਿਹਤ ਵਿਭਾਗ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।ਉਨ੍ਹਾਂ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਸ਼ਹਿਰੀ ਮੈਡੀਕਲ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਨਵਜੰਮੇ ਬੱਚੇ ਤੋਂ ਲੈ ਕੇ 5 ਸਾਲ ਤੱਕ ਦੀ ਉਮਰ ਦਾ ਕੋਈ ਵੀ ਬੱਚਾ ਪੋਲੀਓ ਰੋਕੂ ਦਵਾਈ ਦੀਆਂ ਦੋ ਬੂੰਦਾਂ ਤੋਂ ਵਾਂਝਾ ਨਾ ਰਹੇ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਮੁਹਿੰਮ ਤਹਿਤ ਜਿਲ੍ਹਾ ਅੰਮ੍ਰਿਤਸਰ ਦੇ ਲਗਭਗ 2,87,498 ਬੱਚਿਆਂ ਨੂੰ ਪੋਲੀਓ ਰੋਕੂ ਦਵਾਈ ਪਿਲਾਉਣ ਦਾ ਟੀਚਾ ਨਿਰਧਾਰਤ ਕੀਤਾ ਗਿਆ ਹੈ।ਇਸ ਲਈ 1,193 ਬੂਥ ਸਥਾਪਿਤ ਕੀਤੇ ਜਾਣਗੇ ਅਤੇ 2,386 ਟੀਮਾਂ ਤਾਇਨਾਤ ਕੀਤੀਆਂ ਜਾਣਗੀਆਂ, ਜਦਕਿ 255 ਸੁਪਰਵਾਈਜ਼ਾਂ ਵੱਲੋਂ ਪੂਰੀ ਮੁਹਿੰਮ ਦੀ ਨਿਗਰਾਨੀ ਕੀਤੀ ਜਾਵੇਗੀ।
ਇਸ ਮੌਕੇ ਬੀ.ਸੀ.ਜੀ ਅਫ਼ਸਰ ਡਾ. ਮਨਮੀਤ ਕੌਰ, ਡਾ. ਵਨੀਤ ਕੌਰ, ਜਿਲ੍ਹਾ ਐਮ.ਈ.ਆਈ.ਓ ਅਮਰਦੀਪ ਸਿੰਘ, ਸਮੂਹ ਸੀਨੀਅਰ ਮੈਡੀਕਲ ਅਫ਼ਸਰ ਅਤੇ ਸ਼ਹਿਰੀ ਮੈਡੀਕਲ ਅਫ਼ਸਰ ਹਾਜ਼ਰ ਸਨ।
Check Also
ਸਰਬੱਤ ਦਾ ਭਲਾ ਟਰੱਸਟ ਵੱਲੋਂ ਸਿਵਲ ਹਸਪਤਾਲ ਵਿਖੇ ਮੁਫ਼ਤ ਡਾਇਲਸਿਸ ਕਿੱਟਾਂ ਭੇਂਟ
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਹਸਪਤਾਲ ਪ੍ਰਬੰਧਨ ਨੂੰ ਸੌਂਪੀਆਂ ੪੮ ਕਿੱਟਾਂ ਅੰਮ੍ਰਿਤਸਰ, 19 ਅਗਸਤ …
Punjab Post Daily Online Newspaper & Print Media