Tuesday, June 23, 2026

ਨਗਰ ਨਿਗਮ ਵੱਲੋਂ ਗੈਰ-ਕਾਨੂੰਨੀ ਕਬਜ਼ਿਆਂ ਖ਼ਿਲਾਫ਼ ਕੀਤੀ ਸਖਤ ਕਾਰਵਾਈ

ਅੰਮ੍ਰਿਤਸਰ, 23 ਜੂਨ (ਜਗਦੀਪ ਸਿੰਘ) – ਪਵਿੱਤਰ ਸ਼ਹਿਰ ਅੰਮ੍ਰਿਤਸਰ ਦੀਆਂ ਸੜਕਾਂ ਅਤੇ ਜਨਤਕ ਥਾਵਾਂ ਨੂੰ ਗੈਰ-ਕਾਨੂੰਨੀ ਕਬਜ਼ਿਆਂ ਤੋਂ ਮੁਕਤ ਕਰਵਾਉਣ ਅਤੇ ਆਵਾਜਾਈ ਨੂੰ ਸੁਚਾਰੂ ਰੱਖਣ ਦੇ ਉਦਸ਼ ਨਾਲ ਨਗਰ ਨਿਗਮ ਅੰਮ੍ਰਿਤਸਰ ਦੇ ਅਸਟੇਟ ਵਿਭਾਗ ਵੱਲੋਂ ਅੱਜ ਬੱਸ ਸਟੈਂਡ ਇਲਾਕੇ, ਹੁਕਮ ਸਿੰਘ ਰੋਡ ਅਤੇ ਕੋਰਟ ਰੋਡ ਵਿਖੇ ਗੈਰ ਕਾਨੂੰਨੀ ਕਬਜ਼ੇ ਹਟਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ।
ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਵਧੀਕ ਨਗਰ ਨਿਗਮ ਕਮਿਸ਼ਨਰ ਡਾ. ਜੈ ਇੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਹ ਕਾਰਵਾਈ ਸਕੱਤਰ-ਕਮ-ਐਸਟੇਟ ਅਫ਼ਸਰ ਸੁਸ਼ਾਂਤ ਭਾਟੀਆ ਦੀ ਅਗਵਾਈ ਹੇਠ ਕੀਤੀ ਗਈ।ਇਸ ਮੁਹਿੰਮ ਵਿੱਚ ਇੰਸਪੈਕਟਰ ਪ੍ਰੀਤੀ ਚੌਹਾਨ, ਇੰਸਪੈਕਟਰ ਅਮਨ ਕੁਮਾਰ ਅਤੇ ਉਨ੍ਹਾਂ ਦੀਆਂ ਟੀਮਾਂ ਨੇ ਸਰਗਰਮ ਭੂਮਿਕਾ ਨਿਭਾਈ।
ਮੁਹਿੰਮ ਦੌਰਾਨ ਸੜਕਾਂ ਅਤੇ ਫੁੱਟਪਾਥਾਂ ਉਪਰ ਗੈਰ-ਕਾਨੂੰਨੀ ਤੌਰ ’ਤੇ ਲੱਗੀਆਂ ਫਲਾਂ ਦੀਆਂ ਰੇਹੜੀਆਂ ਅਤੇ ਹੋਰ ਅਸਥਾਈ ਕਬਜ਼ਿਆਂ ਨੂੰ ਹਟਾਇਆ ਗਿਆ।ਇਨ੍ਹਾਂ ਕਬਜ਼ਿਆਂ ਕਾਰਨ ਟ੍ਰੈਫਿਕ ਵਿੱਚ ਰੁਕਾਵਟ ਪੈਦਾ ਹੋ ਰਹੀ ਸੀ ਅਤੇ ਪੈਦਲ ਯਾਤਰੀਆਂ ਨੂੰ ਵੀ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।ਵਿਸ਼ੇਸ਼ ਤੌਰ ’ਤੇ ਉਨ੍ਹਾਂ ਫਲ ਰੇਹੜੀ ਚਾਲਕਾਂ ਖ਼ਿਲਾਫ਼ ਕਾਰਵਾਈ ਕੀਤੀ ਗਈ, ਜੋ ਜਨਤਕ ਥਾਵਾਂ ’ਤੇ ਫਲਾਂ ਦਾ ਕਚਰਾ ਅਤੇ ਪੈਕਿੰਗ ਸਮੱਗਰੀ ਸੁੱਟ ਕੇ ਗੰਦਗੀ ਫੈਲਾ ਰਹੇ ਸਨ ਅਤੇ ਪਾਬੰਦੀਸ਼਼ੁਦਾ ਸਿੰਗਲ-ਯੂਜ਼ ਪਲਾਸਟਿਕ ਦੀ ਵਰਤੋਂ ਕਰ ਰਹੇ ਸਨ।ਨਗਰ ਨਿਗਮ ਦੀਆਂ ਟੀਮਾਂ ਵੱਲੋਂ ਅਜਿਹੇ ਕਬਜ਼ਿਆਂ ਨੂੰ ਤੁਰੰਤ ਹਟਾਇਆ ਗਿਆ ਅਤੇ ਸਬੰਧਤ ਵਿਅਕਤੀਆਂ ਨੂੰ ਚੇਤਾਵਨੀ ਵੀ ਦਿੱਤੀ ਗਈ।
ਨਗਰ ਨਿਗਮ ਨੇ ਸਪੱਸ਼ਟ ਕੀਤਾ ਕਿ ਹੁਕਮ ਸਿੰਘ ਰੋਡ ’ਤੇ ਕਿਸੇ ਵੀ ਤਰ੍ਹਾਂ ਦਾ ਅਤਿਕਰਮਣ ਜਾਂ ਰੇਹੜੀ ਲਗਾਉਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ।ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਪੈਦਲ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਸ ਸੜਕ ਨੂੰ “ਜ਼ੀਰੋ ਟੋਲਰੈਂਸ ਜ਼ੋਨ” ਵਜੋਂ ਲਾਗੂ ਕੀਤਾ ਗਿਆ ਹੈ।
ਨਗਰ ਨਿਗਮ ਕਮਿਸ਼ਨਰ ਸ਼ੇਰਗਿੱਲ ਨੇ ਕਿਹਾ ਕਿ ਨਿਯਮਾਂ ਦੀ ਵਾਰ-ਵਾਰ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

 

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਖੋਜਾਰਥੀ ਨੇ ਚੀਨ ਵਿੱਚ 26ਵੇਂ ਟੈਟਰਾਹੀਡ੍ਰਨ ਸਿਮਪੋਜ਼ਿਅਮ ‘ਚ ਕੀਤੀ ਭਾਰਤ ਦੀ ਨੁਮਾਇੰਦਗੀ

ਅੰਮ੍ਰਿਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਫਾਰਮਾਸਿਊਟੀਕਲ ਸਾਇੰਸਿਜ਼ ਵਿਭਾਗ …