Tuesday, June 30, 2026

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ‘ਤੇ ਗੁਰਮਤਿ ਸਮਾਗਮ

ਅੰਮ੍ਰਿਤਸਰ, 30 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ।ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਸਰਵਣ ਕਰਵਾਇਆ।
ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤ ਨੂੰ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਬਾਰੇ ਵਿਚਾਰਾਂ ਕੀਤੀਆਂ।ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਮੀਰੀ-ਪੀਰੀ ਤੇ ਭਗਤੀ-ਸ਼ਕਤੀ ਦਾ ਅਜਿਹਾ ਸਿਧਾਂਤ ਬਖਸ਼ਿਸ਼ ਕੀਤਾ, ਜੋ ਧਰਮ ਇਤਿਹਾਸ ਅੰਦਰ ਕਿਧਰੇ ਹੋਰ ਨਹੀਂ ਮਿਲਦਾ।ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਉਪਰੰਤ ਗੁਰੂ ਸਾਹਿਬ ਨੇ ਦੋ ਕਿਰਪਾਨਾਂ ਧਾਰਨ ਕਰਕੇ ਇਹ ਸੰਦੇਸ਼ ਦਿੱਤਾ ਕਿ ਸਿੱਖ ਨੇ ਜਿਥੇ ਪ੍ਰਭੂ-ਭਗਤੀ ਨਾਲ ਜੁੜਨਾ ਹੈ, ਉਥੇ ਦੂਜੇ ਪਾਸੇ ਜ਼ੁਲਮ ਵਿਰੁੱਧ ਡੱਟ ਕੇ ਖੜ੍ਹਨਾ ਵੀ ਹੈ।ਇਸੇ ਸਿਧਾਂਤ ਦੀ ਪੂਰਤੀ ਲਈ ਗੁਰੂ ਸਾਹਿਬ ਨੇ ਬਾਬਾ ਬੁੱਢਾ ਸਾਹਿਬ ਜੀ ਅਤੇ ਭਾਈ ਗੁਰਦਾਸ ਜੀ ਨੂੰ ਨਾਲ ਲੈ ਕੇ ਆਪਣੇ ਹੱਥੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿਰਜਣਾ ਕੀਤੀ, ਜੋ ਸੰਸਾਰ ਭਰ ਦੇ ਸਿੱਖਾਂ ਲਈ ਕੌਮੀ ਅਗਵਾਈ ਦਾ ਸਰਵਉੱਚ ਅਸਥਾਨ ਹੈ।
ਜਥੇਦਾਰ ਗੜਗੱਜ ਨੇ ਕਿਹਾ ਕਿ ਛੇਵੇਂ ਪਾਤਸ਼ਾਹ ਨੇ ਜੁ਼ੁਲਮ ਵਿਰੁੱਧ ਚਾਰ ਯੁੱਧ ਲੜੇ ਤੇ ਜਿੱਤ ਹਾਸਲ ਕਰਦਿਆਂ ਇਹ ਸਾਬਤ ਕੀਤਾ ਕਿ ਸੱਚ, ਨਿਆਂ ਅਤੇ ਧਰਮ ਦੀ ਤਾਕਤ ਹਰ ਸਾਮਰਾਜ ਤੋਂ ਵੱਡੀ ਹੁੰਦੀ ਹੈ।ਉਨ੍ਹਾਂ ਕਿਹਾ ਕਿ ਜਿਸ ਸਮੇਂ ਦਸਤਾਰ ਸਜਾਉਣ, ਸ਼ਸਤਰ ਰੱਖਣ ਤੇ ਘੋੜਸਵਾਰੀ ਦੀ ਆਮ ਮਨੁੱਖ ’ਤੇ ਪਾਬੰਦੀ ਸੀ ਤਾਂ ਗੁਰੂ ਸਾਹਿਬ ਨੇ ਸਿੱਖ ਨੂੰ ਦਸਤਾਰਧਾਰੀ, ਸ਼ਸਤਰਧਾਰੀ ਹੋ ਸੰਤ-ਸਿਪਾਹੀ ਬਣਨ ਦਾ ਹੁਕਮ ਦਿੱਤਾ।ਉਨ੍ਹਾਂ ਕਿਹਾ ਕਿ ਅੱਜ ਵੀ ਕਿਰਪਾਨ ਅਤੇ ਹੋਰ ਸਿੱਖ ਕਕਾਰਾਂ ਉੱਤੇ ਸਵਾਲ ਖੜ੍ਹੇ ਕਰਨ ਦੇ ਯਤਨਾਂ ਤਹਿਤ ਗੁਰੂ ਦੀ ਬਖ਼ਸ਼ੀ ਹੋਈ ਮਰਿਆਦਾ ਅਤੇ ਸਿੱਖਾਂ ਦੇ ਧਾਰਮਿਕ ਅਧਿਕਾਰਾਂ ’ਤੇ ਸਿੱਧਾ ਹਮਲਾ ਕੀਤਾ ਜਾ ਰਿਹਾ ਹੈ, ਜਿਨ੍ਹਾਂ ਨੂੰ ਸਿੱਖ ਕੌਮ ਕਦੇ ਵੀ ਪ੍ਰਵਾਨ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਗੁਰੂ ਦਾ ਤਖ਼ਤ ਹੈ, ਜਿਸ ਨੂੰ ਚੁਣੌਤੀ ਦੇਣ ਵਾਲੀਆਂ ਤਾਕਤਾਂ ਇਤਿਹਾਸ ਦੇ ਸਫ਼ਿਆਂ ਤੱਕ ਸੀਮਤ ਹੋ ਕੇ ਰਹਿ ਗਈਆਂ ਹਨ। ਨਾਦਰਸ਼ਾਹ, ਅਹਿਮਦ ਸ਼ਾਹ ਅਬਦਾਲੀ, ਜ਼ਕਰੀਆ ਖ਼ਾਨ ਅਤੇ ਅਨੇਕਾਂ ਜ਼ਾਲਮ ਆਏ ਤੇ ਚਲੇ ਗਏ, ਪਰ ਸੱਚ ਦਾ ਇਹ ਤਖ਼ਤ ਅੱਜ ਵੀ ਅਡੋਲ ਹੈ ਅਤੇ ਸਦਾ ਕਾਇਮ ਰਹੇਗਾ।ਉਨ੍ਹਾਂ ਕਿਹਾ ਕਿ ਸਿੱਖਾਂ ਦੀ ਸੱਚੀ ਨਿਸ਼ਠਾ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਜੁੜੀ ਹੋਈ ਹੈ ਅਤੇ ਇੱਥੋਂ ਜਾਰੀ ਹੋਣ ਵਾਲੇ ਹਰ ਹੁਕਮਨਾਮੇ ਅਤੇ ਸੰਦੇਸ਼ ਨੂੰ ਸਮੁੱਚਾ ਪੰਥ ਸੀਸ ਝੁਕਾ ਕੇ ਪ੍ਰਵਾਨ ਕਰਦਾ ਹੈ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੇਜਰ ਸਿੰਘ, ਸੁੁਪਰਡੈਂਟ ਨਿਸ਼ਾਨ ਸਿੰਘ ਤੇ ਮਲਕੀਤ ਸਿੰਘ ਬਹਿੜਵਾਲ, ਵਧੀਕ ਮੈਨੇਜਰ ਬਿਕਰਮਜੀਤ ਸਿੰਘ ਝੰਗੀ, ਗੁਰਿੰਦਰ ਸਿੰਘ ਦੇਵੀਦਾਸਪੁਰਾ ਸਮੇਤ ਸੰਗਤਾਂ ਹਾਜ਼ਰ ਸਨ।

Check Also

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਅੰਮ੍ਰਿਤਸਰ, 30 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ …