ਅੰਮ੍ਰਿਤਸਰ, 3 ਜੁਲਾਈ (ਜਗਦੀਪ ਸਿੰਘ) – ਆਮ ਆਦਮੀ ਪਾਰਟੀ ਅੰਮ੍ਰਿਤਸਰ ਦਿਹਾਤੀ ਦੇ ਜਿਲ੍ਹਾ ਪ੍ਰਧਾਨ ਅਤੇ ਜਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਪ੍ਰਤਾਪ
ਸਿੰਘ ਸੰਧੂ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਭਲਾਈ ਅਤੇ ਆਰਥਿਕ ਸਸ਼ਕਤੀਕਰਨ ਲਈ ਸ਼ੁਰੂ ਕੀਤੀ ਗਈ “ਮਾਵਾਂ-ਧੀਆਂ ਸਤਿਕਾਰ ਯੋਜਨਾ” ਨਾਲ ਮਾਨ ਸਰਕਾਰ ਨੇ ਮਹਿਲਾਵਾਂ ਨਾਲ ਕੀਤਾ ਆਪਣਾ 1000-1500 ਪ੍ਰਤੀ ਮਹੀਨਾ ਦੇਣ ਵਾਲਾ ਆਖ਼ਰੀ ਵਾਅਦਾ ਵੀ ਪੂਰਾ ਕਰ ਦਿੱਤਾ ਹੈ।ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਮਹਿਲਾਵਾਂ ਦੇ ਖਾਤਿਆਂ ਵਿੱਚ 3000 ਤੋਂ 4500 ਤੱਕ ਦੀ ਰਕਮ ਜਮ੍ਹਾਂ ਹੋਣ ਨਾਲ ਪੰਜਾਬ ਭਰ ਵਿੱਚ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਹੈ।ਗੁਰਪ੍ਰਤਾਪ ਸਿੰਘ ਸੰਧੂ ਨੇ ਕਿਹਾ ਕਿ ਇਹ ਯੋਜਨਾ ਸਿਰਫ਼ ਆਰਥਿਕ ਮਦਦ ਨਹੀਂ, ਸਗੋਂ ਪੰਜਾਬ ਦੀਆਂ ਮਾਵਾਂ-ਧੀਆਂ ਦੇ ਸਨਮਾਨ, ਹੱਕਾਂ ਅਤੇ ਆਤਮਨਿਰਭਰਤਾ ਨੂੰ ਮਜ਼ਬੂਤ ਕਰਨ ਵੱਲ ਇੱਕ ਇਤਿਹਾਸਕ ਕਦਮ ਹੈ।ਉਨ੍ਹਾਂ ਕਿਹਾ ਕਿ ਮਾਨ ਸਰਕਾਰ ਹਮੇਸ਼ਾਂ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਨਿਭਾਉਣ ਲਈ ਵਚਨਬੱਧ ਰਹੀ ਹੈ ਅਤੇ ਇਹ ਯੋਜਨਾ ਉਸਦੀ ਮਿਸਾਲ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਲਗਾਤਾਰ ਲੋਕ-ਹਿਤੈਸ਼ੀ ਫ਼ੈਸਲੇ ਲੈ ਰਹੀ ਹੈ, ਜਿਨ੍ਹਾਂ ਦਾ ਸਿੱਧਾ ਲਾਭ ਆਮ ਪਰਿਵਾਰਾਂ ਤੱਕ ਪਹੁੰਚ ਰਿਹਾ ਹੈ।“ਮਾਵਾਂ-ਧੀਆਂ ਸਤਿਕਾਰ ਯੋਜਨਾ” ਨਾਲ ਮਹਿਲਾਵਾਂ ਨੂੰ ਨਾ ਸਿਰਫ਼ ਆਰਥਿਕ ਸਹਾਰਾ ਮਿਲੇਗਾ, ਸਗੋਂ ਉਹ ਆਪਣੇ ਘਰੇਲੂ ਅਤੇ ਸਮਾਜਿਕ ਜੀਵਨ ਵਿੱਚ ਹੋਰ ਮਜ਼ਬੂਤੀ ਨਾਲ ਅੱਗੇ ਵੱਧ ਸਕਣਗੀਆਂ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਯੋਜਨਾ ਦੀ ਸ਼ੁਰੂਆਤ ਮੌਕੇ ਕਰਵਾਏ ਗਏ ਸਮਾਗਮਾਂ ਵਿੱਚ ਮਹਿਲਾਵਾਂ ਨੇ ਵੱਡੀ ਗਿਣਤੀ ‘ਚ ਹਿੱਸਾ ਲਿਆ।ਆਪਣੇ ਮੋਬਾਈਲ ਫੋਨਾਂ ‘ਤੇ ਖਾਤਿਆਂ ਵਿੱਚ ਰਕਮ ਆਉਣ ਦੇ ਸੰਦੇਸ਼ ਮਿਲਣ ਨਾਲ ਮਾਵਾਂ-ਭੈਣਾਂ ਦੀ ਖੁਸ਼ੀ ਦੇਖਣ ਵਾਲੀ ਸੀ।
Punjab Post Daily Online Newspaper & Print Media