ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਪੰਜਾਬੀ ਸੂਬਾ ਮੋਰਚੇ ਦੌਰਾਨ ਸਮੇਂ ਦੀ ਸਰਕਾਰ ਵੱਲੋਂ 4 ਜੁਲਾਈ 1955 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ
ਹਮਲੇ ਦੀ ਯਾਦ ਵਿਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ ਸਜਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਲਦੇਵ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ।ਸੰਗਤ ਨੂੰ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸਰਵਣ ਕਰਵਾਇਆ।
ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਇਤਿਹਾਸ ਸਾਂਝਾ ਕਰਦਿਆਂ ਕਿਹਾ ਕਿ ਸਮੇਂ-ਸਮੇਂ ਹਾਕਮਾਂ ਨੇ ਸਿੱਖਾਂ ਦੇ ਕੇਂਦਰੀ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ’ਤੇ ਹਮਲੇ ਕਰਕੇ ਸਿੱਖ ਕੌਮ ਨੂੰ ਕਮਜ਼ੋਰ ਕਰਨ ਦੇ ਯਤਨ ਕੀਤੇ ਹਨ।ਪਹਿਲਾਂ ਬਾਹਰੀ ਹਮਲਾਵਰਾਂ ਵੱਲੋਂ ਹਮਲੇ ਕੀਤੇ ਜਾਂਦੇ ਸਨ, ਪਰ 1955 ਵਿਚ ਅਜ਼ਾਦ ਭਾਰਤ ਦੀ ਸਰਕਾਰ ਵੱਲੋਂ ਹੀ ਹਮਲਾ ਹੋਇਆ।ਸਰਕਾਰਾਂ ਦੀ ਮਨਸ਼ਾ ਸਿਧਾਂਤਾਂ ਨੂੰ ਕਮਜ਼ੋਰ ਕਰਕੇ ਪ੍ਰੰਪਰਾਵਾਂ ਤੋਂ ਦੂਰ ਕਰਨ ਦੀ ਰਹੀ ਹੈ।ਉਨ੍ਹਾਂ ਕਿਹਾ ਕਿ ਪੰਜਾਬੀ ਸੂਬਾ ਮੋਰਚੇ ਦੌਰਾਨ ਵੀ ਸਿੱਖਾਂ ਦੀ ਅਵਾਜ਼ ਨੂੰ ਦਬਾਉਣ ਲਈ ਉਸ ਸਮੇਂ ਦੀ ਕਾਂਗਰਸ ਸਰਕਾਰ ਨੇ 4 ਜੁਲਾਈ 1955 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਹਮਲਾ ਕੀਤਾ ਸੀ, ਜਿਸ ਨੂੰ ਕੌਮ ਭੁਲਾ ਨਹੀਂ ਸਕਦੀ।ਪੰਜਾਬੀ ਸੂਬਾ ਮੋਰਚੇ ਦੌਰਾਨ ਸਰਕਾਰ ਵੱਲੋਂ ਆਪਣੀ ਤਾਕਤ ਦੀ ਦੁਰਵਰਤੋਂ ਕਰਕੇ ਅਕਾਲੀ ਯੋਧਿਆਂ ਨੂੰ ਜੇਲ੍ਹਾਂ ਵਿੱਚ ਡੱਕ ਦਿੱਤਾ ਗਿਆ।ਸਰਕਾਰ ਨੇ ਪੁਲਿਸ ਫੋਰਸ ਭੇਜ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਕੀਤੀ, ਜੋ ਅਜ਼ਾਦ ਭਾਰਤ ਵਿਚ ਸਿੱਖਾਂ ਨੂੰ ਵਿਤਕਰੇ ਦਾ ਅਹਿਸਾਸ ਕਰਵਾਉਣ ਵਾਲੀ ਸੀ।ਉਨ੍ਹਾਂ ਕਿਹਾ ਕਿ ਹਕੂਮਤਾਂ ਦੀ ਇਹ ਵੀ ਚਾਲ ਰਹੀ ਹੈ ਕਿ ਸਿੱਖਾਂ ਨੂੰ ਪਾੜ ਕੇ ਆਪਣੇ ਮਨਸੂਬੇ ਪੂਰੇ ਕੀਤੇ ਜਾਣ।ਧਾਰਮਿਕ ਦੀਵਾਨ ਸਮੇਂ ਢਾਡੀ ਜਥਿਆਂ ਨੇ ਵੀ ਸੰਗਤਾਂ ਨਾਲ ਇਤਿਹਾਸ ਦੀ ਸਾਂਝ ਪਾਈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਬਲਵਿੰਦਰ ਸਿੰਘ ਖੈਰਾਬਾਦ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਮੇਜਰ ਸਿੰਘ, ਸੁਪਰਡੈਂਟ ਨਿਸ਼ਾਨ ਸਿੰਘ, ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਨਰਿੰਦਰ ਸਿੰਘ, ਵਧੀਕ ਮੈਨੇਜਰ ਬਿਕਰਮਜੀਤ ਸਿੰਘ ਝੰਗੀ, ਗੁਰਤਿੰਦਰਪਾਲ ਸਿੰਘ ਕਾਦੀਆਂ, ਹੈਡ ਪ੍ਰਚਾਰਕ ਭਾਈ ਜਗਦੇਵ ਸਿੰਘ ਅਤੇ ਸੰਗਤਾਂ ਮੌਜ਼ੂਦ ਸਨ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ
ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …
Punjab Post Daily Online Newspaper & Print Media