ਅੰਮ੍ਰਿਤਸਰ, 10 ਜੁਲਾਈ (ਸੁਖਬੀਰ ਸਿੰਘ) – ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਵਲੋਂ ਆਮ ਲੋਕਾਂ ਨੂੰ ਚੈਕ ਬਾਊਂਸ ਦੇ ਮਾਮਲਿਆਂ ਦੇ ਨਿਪਟਾਰੇ ਲਈ
ਆਯੋਜਿਤ ਕੀਤੀਆਂ ਜਾਣ ਵਾਲੀਆਂ ਵਿਸ਼ੇਸ਼ ਲੋਕ ਅਦਾਲਤਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।ਇਹ ਵਿਸ਼ੇਸ਼ ਲੋਕ ਅਦਾਲਤਾਂ ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਵਾਈਆਂ ਜਾ ਰਹੀਆਂ ਹਨ।
ਇਹ ਵਿਸ਼ੇਸ਼ ਲੋਕ ਅਦਾਲਤਾਂ 18 ਜੁਲਾਈ ਅਤੇ 21 ਨਵੰਬਰ 2026 ਨੂੰ ਆਯੋਜਿਤ ਕੀਤੀਆਂ ਜਾਣਗੀਆਂ।ਇਨ੍ਹਾਂ ਦਾ ਮੁੱਖ ਉਦੇਸ਼ ਚੈੱਕ ਬਾਊਂਸ ਦੇ ਮਾਮਲਿਆਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਵਾਉਣਾ, ਤੁਰੰਤ ਅਤੇ ਸਸਤਾ ਨਿਆਂ ਪ੍ਰਦਾਨ ਕਰਨਾ ਅਤੇ ਅਦਾਲਤਾਂ ਵਿੱਚ ਲੰਬਿਤ ਚੈਕ ਬਾਊਂਸ ਦੇ ਮਾਮਲਿਆਂ ਦੀ ਗਿਣਤੀ ਘਟਾਉਣਾ ਹੈ।
ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ ਮਿਸ ਜਤਿੰਦਰ ਕੌਰ ਨੇ ਮੁਕੱਦਮੇਬਾਜ਼ਾਂ, ਵਕੀਲਾਂ, ਬੈਂਕਾਂ, ਵਿੱਤੀ ਸੰਸਥਾਵਾਂ, ਕਾਰੋਬਾਰੀ ਅਦਾਰਿਆਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਨ੍ਹਾਂ ਵਿਸ਼ੇਸ਼ ਲੋਕ ਅਦਾਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।ਉਨ੍ਹਾਂ ਕਿਹਾ ਕਿ ਲੋਕ ਅਦਾਲਤ ਰਾਹੀਂ ਚੈਕ ਬਾਊਂਸ ਦੇ ਮਾਮਲਿਆਂ ਦਾ ਨਿਪਟਾਰਾ ਆਪਸੀ ਸਹਿਮਤੀ ਨਾਲ, ਘੱਟ ਸਮੇਂ ਅਤੇ ਘੱਟ ਖਰਚੇ ਵਿੱਚ ਕਰਵਾ ਕੇ ਲੰਬੀ ਮੁਕੱਦਮੇਬਾਜ਼ੀ ਤੋਂ ਬਚਿਆ ਜਾ ਸਕਦਾ ਹੈ ਅਤੇ ਪੱਖਕਾਰਾਂ ਵਿਚਕਾਰ ਆਪਸੀ ਸਦਭਾਵਨਾ ਵੀ ਬਣੀ ਰਹਿੰਦੀ ਹੈ।
ਮਿਸ ਪਰਮਿੰਦਰ ਕੌਰ ਬੈਂਸ ਸਕੱਤਰ (ਡਿਊਟੀ) ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਨੇ ਜਾਣਕਾਰੀ ਦਿੱਤੀ ਕਿ ਚੈਕ ਬਾਊਂਸ ਨਾਲ ਸੰਬੰਧਿਤ ਲੰਬਿਤ ਮਾਮਲਿਆਂ ਵਾਲੇ ਪੱਖਕਾਰ ਆਪਣੇ ਵਕੀਲਾਂ ਜਾਂ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਨਾਲ ਸੰਪਰਕ ਕਰਕੇ ਆਪਣੇ ਮਾਮਲਿਆਂ ਨੂੰ ਵਿਸ਼ੇਸ਼ ਲੋਕ ਅਦਾਲਤਾਂ ਵਿੱਚ ਆਪਸੀ ਸਹਿਮਤੀ ਨਾਲ ਨਿਪਟਾਉਣ ਦਾ ਲਾਭ ਲੈ ਸਕਦੇ ਹਨ।ਉਨ੍ਹਾਂ ਸਮੂਹ ਪੱਖਕਾਰਾਂ, ਵਕੀਲਾਂ, ਬੈਂਕਾਂ, ਵਿੱਤੀ ਸੰਸਥਾਵਾਂ ਅਤੇ ਹੋਰ ਸਬੰਧਤ ਧਿਰਾਂ ਨੂੰ ਇਸ ਮਹੱਤਵਪੂਰਨ ਪਹਿਲ ਨੂੰ ਸਫਲ ਬਣਾਉਣ ਲਈ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ।
Check Also
ਨਗਰ ਨਿਗਮ ਵੱਲੋਂ ਲੋਹਗੜ੍ਹ ਗੇਟ ਅਤੇ ਹਰੀਪੁਰਾ ਵਿਖੇ ਨਾਜਾਇਜ਼ ਕਬਜ਼ੇ ਹਟਾਏ ਗਏ
ਅੰਮ੍ਰਿਤਸਰ, 9 ਜੁਲਾਈ (ਸੁਖਬੀਰ ਸਿੰਘ) – ਨਗਰ ਨਿਗਮ ਐਸਟੇਟ ਵਿੰਗ ਵਲੋਂ ਲੋਹਗੜ੍ਹ ਗੇਟ ਅਤੇ ਹਰੀਪੁਰਾ …
Punjab Post Daily Online Newspaper & Print Media