ਅੰਮ੍ਰਿਤਸਰ, 13 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਲਹਿਰ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਸੰਚਾਰੂ ਢੰਗ ਨਾਲ
ਚਲਾਉਣ ਲਈ ਹਲਕਾਵਾਰ ਗੁਰਮਤਿ ਸਮਾਗਮ ਕਰਵਾਉਣ ਲਈ ਉਲੀਕੇ ਪ੍ਰੋਗਰਾਮ ਦੀ ਸ਼ੁਰੂਆਤ ਤੋਂ ਪਹਿਲਾਂ ਵੱਖ-ਵੱਖ ਥਾਵਾਂ ’ਤੇ ਪ੍ਰਚਾਰਕ, ਢਾਡੀ ਤੇ ਕਵੀਸ਼ਰ ਜਥਿਆਂ ਨਾਲ ਇਕੱਤਰਤਾਵਾਂ ਕੀਤੀਆਂ ਜਾ ਰਹੀਆਂ ਹਨ।ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਚਾਰਕ, ਢਾਡੀ ਤੇ ਕਵੀਸ਼ਰ ਜਥਿਆਂ ਦੀ ਇਕੱਤਰਤਾ ਹੋਈ।
ਇਕੱਤਰਤਾ ਦੌਰਾਨ ਸੰਬੋਧਨ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਦੇ ਨਾਲ-ਨਾਲ ਧਰਮ ਦਾ ਪ੍ਰਚਾਰ ਪ੍ਰਸਾਰ ਸ਼੍ਰੋਮਣੀ ਕਮੇਟੀ ਦੀ ਹਮੇਸ਼ਾ ਪਹਿਲਕਦਮੀ ਰਹੀ ਹੈ। ਸੰਗਤਾਂ ਅਤੇ ਖ਼ਾਸਕਰ ਨੌਜੁਆਨਾਂ ਨੂੰ ਸਿੱਖ ਵਿਰਸੇ ਨਾਲ ਜੋੜਨ ਲਈ ਸਮੇਂ-ਸਮੇਂ ਪ੍ਰੋਗਰਾਮ ਉਲੀਕੇ ਜਾਂਦੇ ਹਨ। ਇਸੇ ਤਹਿਤ ਹੁਣ ਗੁਰੂ ਸਾਹਿਬਾਨ ਦੁਆਰਾ ਬਖ਼ਸ਼ੀ ਵਿਚਾਰਧਾਰਾ, ਸਿੱਖ ਰਹਿਤ ਮਰਯਾਦਾ ਅਤੇ ਸਿੱਖ ਪੰਥ ਦੀਆਂ ਸਰਵਉੱਚ ਸੰਸਥਾਵਾਂ ਦੀ ਸਿਧਾਂਤਕ ਅਤੇ ਇਤਿਹਾਸਕ ਮਹੱਤਤਾ ਤੋਂ ਸੰਗਤਾਂ ਨੂੰ ਜਾਣੂ ਕਰਵਾਉਣ ਲਈ ਹਲਕਾਵਾਰ ਗੁਰਮਤਿ ਸਮਾਗਮ ਆਯੋਜਤ ਕੀਤੇ ਜਾ ਰਹੇ ਹਨ।ਉਨ੍ਹਾਂ ਪ੍ਰਚਾਰਕਾਂ ਨੂੰ ਅਪੀਲ ਕੀਤੀ ਕਿ ਸੰਗਤਾਂ ਨੂੰ ਗੁਰਮਤਿ ਰਹਿਣੀ ਅਤੇ ਸਿੱਖ ਸਿਧਾਂਤਾਂ ਨਾਲ ਜੋੜਨ ਦੇ ਨਾਲ-ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ਾਂ ਪ੍ਰਤੀ ਵੀ ਜਾਗਰੂਕ ਕੀਤਾ ਜਾਵੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵੱਡ, ਗੁਰਨਾਮ ਸਿੰਘ ਜੱਸਲ, ਓ.ਐਸ.ਡੀ ਸਤਬੀਰ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਸੁਪਰਡੈਂਟ ਨਿਸ਼ਾਨ ਸਿੰਘ, ਇੰਚਾਰਜ਼ ਬਹਾਲ ਸਿੰਘ, ਹੈਡ ਪ੍ਰਚਾਰਕ ਭਾਈ ਜਗਦੇਵ ਸਿੰਘ, ਪ੍ਰਚਾਰਕ ਕਮ ਨਿਗਰਾਨ ਭਾਈ ਬਲਵੰਤ ਸਿੰਘ ਐਨੋਕੋਟ, ਭਾਈ ਵਰਿਆਮ ਸਿੰਘ ਸਮੇਤ ਪ੍ਰਚਾਰਕ, ਢਾਡੀ ਤੇ ਕਵੀਸ਼ਰੀ ਜਥੇ ਮੌਜੂਦ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media