ਅੰਮ੍ਰਿਤਸਰ, 24 ਜੁਲਾਈ (ਸੁਖਬੀਰ ਸਿੰਘ) – ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ
ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਜ਼ਿਲ੍ਹੇ ਭਰ ਵਿੱਚ 6.50 ਲੱਖ ਬੂਟੇ ਲਗਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਪੌਦਾਰੋਪਣ ਮੁਹਿੰਮ ਤੇਜ਼ੀ ਨਾਲ ਜਾਰੀ ਹੈ।ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਸਮੁੱਚੀ ਮਨੁੱਖਤਾ ਨੂੰ ਸਮਾਨਤਾ, ਨਿਰਸਵਾਰਥ ਸੇਵਾ ਅਤੇ ਕੁਦਰਤ ਨਾਲ ਪਿਆਰ ਕਰਨ ਦਾ ਸੰਦੇਸ਼ ਦਿੱਤਾ ਹੈ।ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਵਾਤਾਵਰਣ ਸੰਭਾਲ ਨਾਲ ਜੋੜਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਭਰ ਵਿੱਚ 6.50 ਲੱਖ ਪੌਦੇ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ, ਜਿਸ ਨੂੰ ਸਮੇਂ ਸਿਰ ਪੂਰਾ ਕਰਨ ਲਈ ਸਾਰੇ ਵਿਭਾਗ ਮਿਲ ਕੇ ਕੰਮ ਕਰ ਰਹੇ ਹਨ।ਉਨ੍ਹਾਂ ਦੱਸਿਆ ਕਿ ਇਹ ਪੌਦੇ ਪਿੰਡਾਂ ਦੀਆਂ ਸਾਂਝੀਆਂ ਥਾਵਾਂ, ਸ਼ਾਮਲਾਟ ਜ਼ਮੀਨਾਂ, ਸ਼ਹਿਰੀ ਪਾਰਕਾਂ, ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ-ਕਾਲਜਾਂ, ਸਰਕਾਰੀ ਦਫ਼ਤਰਾਂ, ਹਸਪਤਾਲਾਂ, ਸੜਕਾਂ ਦੇ ਕਿਨਾਰਿਆਂ, ਨਹਿਰਾਂ ਅਤੇ ਹੋਰ ਜਨਤਕ ਥਾਵਾਂ `ਤੇ ਲਗਾਏ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਜਿਸ ਵਿਭਾਗ ਜਾਂ ਸੰਸਥਾ ਨੂੰ ਪੌਦੇ ਦਿੱਤੇ ਜਾਣਗੇ, ਉਨ੍ਹਾਂ ਦੀ ਸੰਭਾਲ ਅਤੇ ਸੁਰੱਖਿਆ ਦੀ ਜਿੰਮੇਵਾਰੀ ਵੀ ਉਸੇ ਵਿਭਾਗ ਜਾਂ ਸੰਸਥਾ ਦੀ ਹੋਵੇਗੀ।ਜ਼ਿਲ੍ਹਾ ਜੰਗਲਾਤ ਅਫ਼ਸਰ ਰਾਜੇਸ਼ ਕੁਮਾਰ ਨੇ ਦੱਸਿਆ ਕਿ ਜੰਗਲਾਤ ਵਿਭਾਗ ਵਲੋਂ ਸਾਰੇ ਸਰਕਾਰੀ ਵਿਭਾਗਾਂ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਲੋੜ ਅਨੁਸਾਰ ਪੌਦੇ ਮੁਫ਼ਤ ਮੁਹੱਈਆ ਕਰਵਾਏ ਜਾ ਰਹੇ ਹਨ।
ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੁਰਿੰਦਰ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਅਸੀਸਇੰਦਰ ਸਿੰਘ, ਸਹਾਇਕ ਡਾਇਰੈਕਟਰ ਬਾਗਬਾਨੀ ਜਤਿੰਦਰ ਸਿੰਘ ਸੰਧੂ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਸੰਦੀਪ ਧਵਨ, ਨੋਡਲ ਇੰਚਾਰਜ਼ ਧਰਮਿੰਦਰ ਸਿੰਘ, ਡਿਪਟੀ ਡਾਇਰੈਕਟਰ ਸੀ.ਈ.ਓ ਤੀਰਥਪਾਲ ਸਿੰਘ, ਰੋਜ਼ਗਾਰ ਅਫ਼ਸਰ ਮੁਕੇਸ਼ ਸਾਰੰਗਲ, ਜ਼ਿਲ੍ਹਾ ਸੈਰ ਸਪਾਟਾ ਅਫ਼ਸਰ ਸੁਖਮਨ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਹਾਜ਼ਰ ਸਨ।
Punjab Post Daily Online Newspaper & Print Media