ਅੰਮ੍ਰਿਤਸਰ, 29 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐੱਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਆਪਣੇ
ਅੰਮ੍ਰਿਤਸਰ ਦੌਰੇ ਦੌਰਾਨ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ, ਜ਼ਿਲ੍ਹਾ ਪ੍ਰਸ਼ਾਸਨ ਨਾਲ ਉੱਚ ਪੱਧਰੀ ਸਮੀਖਿਆ ਮੀਟਿੰਗ ਕੀਤੀ ਅਤੇ ਕੇਂਦਰ ਸਰਕਾਰ ਦੀਆਂ ਵੱਖ-ਵੱਖ ਭਲਾਈ ਯੋਜਨਾਵਾਂ ਦੇ ਪ੍ਰਭਾਵਸ਼ਾਲੀ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ।
ਕਾਨੂੰਨਗੋ ਨੇ ਅੰਮ੍ਰਿਤਸਰ ਗਰੁੱਪ ਆਫ ਕਾਲਜਿਜ਼ ਅਤੇ ਸ੍ਰੀ ਰਾਮਤੀਰਥ ਵਿਖੇ ਪਹੁੰਚ ਕੇ ਲੋਕਾਂ ਦੀਆਂ ਸ਼ਿਕਾਇਤਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ।ਉਨ੍ਹਾਂ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪ੍ਰਾਪਤ ਸ਼ਿਕਾਇਤਾਂ ਦਾ ਨਿਰਧਾਰਤ ਸਮੇਂ ਅੰਦਰ ਨਿਰਪੱਖ ਅਤੇ ਪ੍ਰਭਾਵਸ਼ਾਲੀ ਨਿਪਟਾਰਾ ਯਕੀਨੀ ਬਣਾਇਆ ਜਾਵੇ ਤਾਂ ਜੋ ਲੋਕਾਂ ਨੂੰ ਸਮੇਂ ਸਿਰ ਇਨਸਾਫ਼ ਅਤੇ ਰਾਹਤ ਮਿਲ ਸਕੇ।
ਇਸ ਉਪਰੰਤ ਪ੍ਰਿਯੰਕ ਕਾਨੂੰਨਗੋ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ।ਜਿਸ ਦੌਰਾਨ ਉਨ੍ਹਾਂ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਯੋਜਨਾਵਾਂ ਅਤੇ ਸਮਾਜਿਕ ਸੁਰੱਖਿਆ ਪ੍ਰੋਗਰਾਮਾਂ ਦੀ ਪ੍ਰਗਤੀ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਸਮੀਖਿਆ ਦੌਰਾਨ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ, ਪ੍ਰਧਾਨ ਮੰਤਰੀ ਰੁਜ਼ਗਾਰ ਉਤਪਤੀ ਯੋਜਨਾ, ਪੀ.ਐਮ ਵਿਸ਼ਵਕਰਮਾ ਯੋਜਨਾ, ਪੋਕਸੋ ਮਾਮਲਿਆਂ ਦੀ ਸਥਿਤੀ, ਆਯੂਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ, ਮਿਸ਼ਨ ਵਤਸਾਲਿਆ, ਸੇਫ਼ ਸਕੂਲ ਵਾਹਨ ਸਕੀਮ, ‘ਬੇਟੀ ਬਚਾਓ-ਬੇਟੀ ਪੜ੍ਹਾਓ’, ਦਿਵਿਆਂਗ ਕੁਸ਼ਲ ਯੋਜਨਾਵਾਂ, ਸਿੱਖਿਆ ਵਿਭਾਗ ਦੀਆਂ ਪਹਿਲਕਦਮੀਆਂ ਅਤੇ ਹੋਰ ਸਮਾਜਿਕ ਸੁਰੱਖਿਆ ਨਾਲ ਸਬੰਧਤ ਸਕੀਮਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ।ਕਾਨੂੰਨਗੋ ਨੇ ਕਿਹਾ ਕਿ ਲੋਕ-ਭਲਾਈ ਯੋਜਨਾਵਾਂ ਦਾ ਪ੍ਰਭਾਵੀ ਲਾਗੂਕਰਨ ਪ੍ਰਸ਼ਾਸਨ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਇਸ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਿਯੰਕ ਕਾਨੂੰਨਗੋ ਨੇ ਦੱਸਿਆ ਕਿ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਰਾਜੇਸ਼ ਬਾਘਾ ਵੱਲੋਂ ਬਰਨਾਲਾ ਵਿਖੇ ਸਫ਼ਾਈ ਕਰਮਚਾਰੀਆਂ ਉੱਪਰ ਹੋਏ ਲਾਠੀਚਾਰਜ ਸਬੰਧੀ ਸ਼ਿਕਾਇਤ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਭੇਜੀ ਗਈ ਹੈ।ਉਨ੍ਹਾਂ ਕਿਹਾ ਕਿ ਜੇ ਲੋੜ ਪਈ ਤਾਂ ਉਹ ਖੁਦ ਵੀ ਬਰਨਾਲਾ ਦਾ ਦੌਰਾ ਕਰਕੇ ਪੀੜਤ ਸਫ਼ਾਈ ਕਰਮਚਾਰੀਆਂ ਨਾਲ ਮੁਲਾਕਾਤ ਕਰਨਗੇ ਅਤੇ ਘਟਨਾ ਦੀ ਹਕੀਕਤ ਦਾ ਜਾਇਜ਼ਾ ਲੈਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਆਪਣੇ ਹੱਕਾਂ ਲਈ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਸਫ਼ਾਈ ਕਰਮਚਾਰੀਆਂ ਉਪਰ ਹੋਇਆ ਲਾਠੀਚਾਰਜ ਬਹੁਤ ਗੰਭੀਰ ਮਾਮਲਾ ਹੈ ਅਤੇ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਵਲੋਂ ਕਾਨੂੰਨ ਅਨੁਸਾਰ ਸਖਤ ਕਾਰਵਾਈ ਯਕੀਨੀ ਬਣਾਈ ਜਾਵੇਗੀ।
ਇਸ ਮੌਕੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪੱਲਵੀ ਮਿਸ਼ਰਾ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡੀ.ਸੀ.ਪੀ ਲਾਅ ਐਂਡ ਆਰਡਰ ਵਿਜੇ ਆਲਮ ਸਿੰਘ, ਐਸ.ਡੀ.ਐਮ ਅੰਮ੍ਰਿਤਸਰ-੧ ਸ੍ਰੀਮਤੀ ਅਲਕਾ ਕਾਲੀਆ, ਐਸ.ਡੀ.ਐਮ ਅੰਮ੍ਰਿਤਸਰ-੨ ਗੁਰਮੰਦਰ ਸਿੰਘ, ਐਸ.ਡੀ.ਐਮ ਅਜਨਾਲਾ ਸ੍ਰੀਮਤੀ ਚਾਰੂਮਿਤਾ, ਐਸ.ਡੀ.ਐਮ ਬਾਬਾ ਬਕਾਲਾ ਸਾਹਿਬ ਜਸ਼ਨਦੀਪ ਸਿੰਘ, ਸਹਾਇਕ ਕਮਿਸ਼ਨਰ ਸ੍ਰੀਮਤੀ ਪ੍ਰਗਤੀ ਸੇਠੀ, ਐਸ.ਡੀ.ਐਮ ਲੋਪੋਕੇ ਮਨਬੀਰ ਸਿੰਘ ਢਿਲੋਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ।
Check Also
ਸਕੂਲ ਆਫ ਐਮੀਨੈਂਸ ਫ਼ਾਰ ਗਰਲਜ਼ ਮਾਲ ਰੋਡ ਵਿਖੇ ਮੁਫ਼ਤ ਵੰਡੇ ਸਕੂਲ ਬੈਗ ਅਤੇ ਵਰਦੀਆਂ
ਅੰਮ੍ਰਿਤਸਰ, 28 ਜੁਲਾਈ (ਜਗਦੀਪ ਸਿੰਘ) – ਪੰਜਾਬ ਸਰਕਾਰ ਅਤੇ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਉਪਰਾਲਿਆਂ …
Punjab Post Daily Online Newspaper & Print Media