15 ਅਗਸਤ ਤੱਕ ਟੀਚੇ ਨੂੰ ਪੂਰਾ ਕਰਨ ਦਾ ਸਮਾਂ ਮਿੱਥਿਆ
ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ
ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਜ਼ਿਲ੍ਹੇ ਭਰ ਵਿੱਚ 6.50 ਲੱਖ ਬੂਟੇ ਲਗਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਪੌਦਾਰੋਪਣ ਮੁਹਿੰਮ ਤੇਜ਼ੀ ਨਾਲ ਜਾਰੀ ਹੈ।ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ੧੫ ਅਗਸਤ ਤੱਕ ਇਸ ਮੁਹਿੰਮ ਨੂੰ ਪੂਰਾ ਕਰਨ ਦਾ ਸਮਾਂ ਮਿੱਥਿਆ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਸਮੁੱਚੀ ਮਨੁੱਖਤਾ ਨੂੰ ਸਮਾਨਤਾ, ਨਿਰਸਵਾਰਥ ਸੇਵਾ ਅਤੇ ਕੁਦਰਤ ਨਾਲ ਪਿਆਰ ਕਰਨ ਦਾ ਸੰਦੇਸ਼ ਦਿੱਤਾ ਹੈ।ਗੁਰੂ ਸਾਹਿਬ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਵਾਤਾਵਰਣ ਸੰਭਾਲ ਨਾਲ ਜੋੜਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਭਰ ਵਿੱਚ 15 ਅਗਸਤ ਤੱਕ 6.50 ਲੱਖ ਪੌਦੇ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ, ਜਿਸ ਨੂੰ ਸਮੇਂ ਸਿਰ ਪੂਰਾ ਕਰਨ ਲਈ ਸਾਰੇ ਵਿਭਾਗ ਮਿਲ ਕੇ ਕੰਮ ਕਰ ਰਹੇ ਹਨ।
ਉਨ੍ਹਾਂ ਦੱਸਿਆ ਕਿ ਇਹ ਪੌਦੇ ਪਿੰਡਾਂ ਦੀਆਂ ਸਾਂਝੀਆਂ ਥਾਵਾਂ, ਸ਼ਾਮਲਾਟ ਜ਼ਮੀਨਾਂ, ਸ਼ਹਿਰੀ ਪਾਰਕਾਂ, ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ-ਕਾਲਜਾਂ, ਸਰਕਾਰੀ ਦਫ਼ਤਰਾਂ, ਹਸਪਤਾਲਾਂ, ਸੜਕਾਂ ਦੇ ਕਿਨਾਰਿਆਂ, ਨਹਿਰਾਂ ਅਤੇ ਹੋਰ ਜਨਤਕ ਥਾਵਾਂ ੱਤੇ ਲਗਾਏ ਜਾ ਰਹੇ ਹਨ। ਉਨ੍ਹਾਂ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਦਿਆਂ ਨਿਰਧਾਰਤ ਟੀਚੇ ਸਮੇਂ ਸਿਰ ਪੂਰੇ ਕਰਨ ਅਤੇ ਲਗਾਏ ਗਏ ਪੌਦਿਆਂ ਦੀ ਸਾਂਭ-ਸੰਭਾਲ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਮੁਹਿੰਮ ਦਾ ਮਕਸਦ ਸਿਰਫ਼ ਪੌਦੇ ਲਗਾਉਣਾ ਨਹੀਂ, ਸਗੋਂ ਉਨ੍ਹਾਂ ਨੂੰ ਸੁਰੱਖਿਅਤ ਰੱਖਣਾ ਅਤੇ ਵੱਡੇ ਰੁੱਖਾਂ ਵਜੋਂ ਵਿਕਸਤ ਕਰਨਾ ਵੀ ਹੈ।ਉਨ੍ਹਾਂ ਕਿਹਾ ਕਿ ਜਿਸ ਵਿਭਾਗ ਜਾਂ ਸੰਸਥਾ ਨੂੰ ਪੌਦੇ ਦਿੱਤੇ ਜਾਣਗੇ, ਉਨ੍ਹਾਂ ਦੀ ਸੰਭਾਲ ਅਤੇ ਸੁਰੱਖਿਆ ਦੀ ਜ਼ਿੰਮੇਵਾਰੀ ਵੀ ਉਸੇ ਵਿਭਾਗ ਜਾਂ ਸੰਸਥਾ ਦੀ ਹੋਵੇਗੀ।
ਉਨ੍ਹਾਂ ਸਕੂਲੀ ਵਿਦਿਆਰਥੀਆਂ, ਗ੍ਰਾਮ ਪੰਚਾਇਤਾਂ, ਸਮਾਜ ਸੇਵੀ ਸੰਸਥਾਵਾਂ, ਕਲੱਬਾਂ ਅਤੇ ਆਮ ਲੋਕਾਂ ਨੂੰ ਇਸ ਵਾਤਾਵਰਣ ਪੱਖੀ ਮੁਹਿੰਮ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਹਰ ਨਾਗਰਿਕ ਘੱਟੋ-ਘੱਟ ਇੱਕ ਪੌਦਾ ਲਗਾ ਕੇ ਉਸ ਦੀ ਸੰਭਾਲ ਕਰਨ ਦਾ ਸੰਕਲਪ ਲਵੇ।
ਜ਼ਿਲ੍ਹਾ ਜੰਗਲਾਤ ਅਫ਼ਸਰ ਰਾਜੇਸ਼ ਕੁਮਾਰ ਨੇ ਦੱਸਿਆ ਕਿ ਜੰਗਲਾਤ ਵਿਭਾਗ ਵੱਲੋਂ ਸਾਰੇ ਸਰਕਾਰੀ ਵਿਭਾਗਾਂ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਲੋੜ ਅਨੁਸਾਰ ਪੌਦੇ ਮੁਫ਼ਤ ਮੁਹੱਈਆ ਕਰਵਾਏ ਜਾ ਰਹੇ ਹਨ।ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਸੁਰਿੰਦਰ ਸਿੰਘ, ਸਹਾਇਕ ਡਾਇਰੈਕਟਰ ਬਾਗਬਾਨੀ ਜਤਿੰਦਰ ਸਿੰਘ ਸੰਧੂ, ਨੋਡਲ ਇੰਚਾਰਜ਼ ਧਰਮਿੰਦਰ ਸਿੰਘ, ਡਿਪਟੀ ਡਾਇਰੈਕਟਰ ਸੀ.ਈ.ਓ ਤੀਰਥਪਾਲ ਸਿੰਘ, ਜ਼ਿਲ੍ਹਾ ਸੈਰ ਸਪਾਟਾ ਅਫ਼ਸਰ ਸੁਖਮਨ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਹਾਜ਼ਰ ਸਨ।
Check Also
ਮਾਨ ਸਰਕਾਰ ਦੀਆਂ ਪਾਰਦਰਸ਼ੀ ਨੀਤੀਆਂ ਦਾ ਅਸਰ- ਜੀ.ਐਸ.ਟੀ ਵਿੱਚ 20% ਦਾ ਵਾਧਾ – ਧੰਜ਼ਲ
ਅੰਮ੍ਰਿਤਸਰ, 4 ਅਗਸਤ (ਜਗਦੀਪ ਸਿੰਘ) – ਆਮ ਆਦਮੀ ਪਾਰਟੀ ਅੰਮ੍ਰਿਤਸਰ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਸਰਬਜੋਤ …
Punjab Post Daily Online Newspaper & Print Media