ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ
ਭਲਾਈ ਵਿਭਾਗ,ਪੰਜਾਬ ਵੱਲੋਂ ਨੈਸ਼ਨਲ ਮਿਸ਼ਨ ਆਨ ਐਡੀਬਲ ਆਇਲਜ਼-ਆਇਲਸੀਡਜ਼ ਤਹਿਤ ਤੇਲ ਬੀਜ ਫ਼ਸਲਾਂ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ 10 ਟਨ ਪ੍ਰਤੀ ਦਿਨ ਸਮਰੱਥਾ ਵਾਲੇ ਆਇਲ ਐਕਸਟਰੈਕਸ਼ਨ ਯੂਨਿਟ ਸਥਾਪਤ ਕਰਨ ਲਈ 33 ਫ਼ੀਸਦੀ ਸਬਸਿਡੀ (ਵੱਧ ਤੋਂ ਵੱਧ 9.90 ਲੱਖ ਰੁਪਏ) ਪ੍ਰਦਾਨ ਕੀਤੀ ਜਾ ਰਹੀ ਹੈ। ਇਸ ਸਬੰਧੀ ਯੋਗ ਬਿਨੈਕਾਰਾਂ ਤੋਂ 14 ਅਗਸਤ 2026 ਤੱਕ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਸਿਰਫ਼ ਆਇਲ ਐਕਸਟਰੈਕਸ਼ਨ ਯੂਨਿਟ ਲਈ ਖਰੀਦੀ ਜਾਣ ਵਾਲੀ ਮਸ਼ੀਨਰੀ ਅਤੇ ਉਪਕਰਨਾਂ ਦੀ ਲਾਗਤ ‘ਤੇ ਹੀ ਸਬਸਿਡੀ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਯੋਗ ਕਿਸਾਨ, ਫਾਰਮਰ ਪ੍ਰੋਡਿਊਸਰ ਆਰਗੇਨਾਈਜ਼ੇਸ਼ਨਜ਼, ਸਹਿਕਾਰੀ ਸਭਾਵਾਂ, ਨਿੱਜੀ ਅਤੇ ਹੋਰ ਯੋਗ ਸੰਸਥਾਵਾਂ ਜਾਂ ਉਦਮੀ, ਜੋ ਸਕੀਮ ਦੀਆਂ ਸ਼ਰਤਾਂ ਨੂੰ ਪੂਰਾ ਕਰਦੇ ਹਨ, ਇਸ ਸਕੀਮ ਲਈ ਅਰਜ਼ੀ ਦੇ ਸਕਦੇ ਹਨ।
ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਇੱਛੁਕ ਬਿਨੈਕਾਰ ਆਪਣੀਆਂ ਅਰਜ਼ੀਆਂ ਲੋੜੀਂਦੇ ਦਸਤਾਵੇਜ਼ਾਂ ਸਮੇਤ ੧੪ ਅਗਸਤ ੨੦੨੬ ਤੱਕ ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਜਾਂ ਸਬੰਧਤ ਬਲਾਕ ਖੇਤੀਬਾੜੀ ਅਫ਼ਸਰ ਦੇ ਦਫ਼ਤਰ ਵਿਚ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਜੇਕਰ ਪ੍ਰਾਪਤ ਅਰਜ਼ੀਆਂ ਦੀ ਗਿਣਤੀ ਨਿਰਧਾਰਤ ਸੀਮਾ ਤੋਂ ਵੱਧ ਹੁੰਦੀ ਹੈ ਤਾਂ ਲਾਭਪਾਤਰੀਆਂ ਦੀ ਚੋਣ ਆਇਲਸੀਡਜ਼ ਮਿਸ਼ਨ ਤਹਿਤ ਗਠਿਤ ਜ਼ਿਲ੍ਹਾ ਪੱਧਰੀ ਕਮੇਟੀ ਵੱਲੋਂ ਕੀਤੀ ਜਾਵੇਗੀ ਅਤੇ ਕਮੇਟੀ ਦਾ ਫ਼ੈਸਲਾ ਅੰਤਿਮ ਹੋਵੇਗਾ।ਉਨ੍ਹਾਂ ਜ਼ਿਲ੍ਹੇ ਦੇ ਯੋਗ ਕਿਸਾਨਾਂ, ਐੱਫ.ਪੀ.ਓਜ਼, ਸਹਿਕਾਰੀ ਸਭਾਵਾਂ ਅਤੇ ਹੋਰ ਯੋਗ ਉਦਮੀਆਂ ਨੂੰ ਅਪੀਲ ਕੀਤੀ ਕਿ ਇਸ ਲਾਭਕਾਰੀ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਆਪਣੀਆਂ ਅਰਜ਼ੀਆਂ ਨਿਰਧਾਰਤ ਸਮੇਂ ਅੰਦਰ ਜਮ੍ਹਾਂ ਕਰਵਾਉਣ।
Check Also
ਡਾ. ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਅਸ਼ੋਕ ਕੁਮਾਰ ਦਾ ਮ੍ਰਿਤਕ ਸਰੀਰ ਗਰੀਸ ਤੋਂ ਭਾਰਤ ਪਹੁੰਚਿਆ
ਅੰਮ੍ਰਿਤਸਰ, 8 ਅਗਸਤ (ਜਗਦੀਪ ਸਿੰਘ) – ਲੋੜਵੰਦਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ …
Punjab Post Daily Online Newspaper & Print Media