ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ
ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਜ਼ਿਲ੍ਹੇ ਭਰ ਵਿੱਚ 6.50 ਲੱਖ ਬੂਟੇ ਲਗਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤੇਜ਼ੀ ਨਾਲ ਜਾਰੀ ਹੈ।ਵੱਖ-ਵੱਖ ਵਿਭਾਗਾਂ ਅਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਜ਼ਿਲ੍ਹੇ ਦੀਆਂ ਜਨਤਕ ਥਾਵਾਂ ਉੱਪਰ ਬੂਟੇ ਲਗਾਏ ਜਾ ਰਹੇ ਹਨ।
ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਸਮੁੱਚੀ ਮਨੁੱਖਤਾ ਨੂੰ ਸਮਾਨਤਾ, ਨਿਰਸਵਾਰਥ ਸੇਵਾ ਅਤੇ ਕੁਦਰਤ ਨਾਲ ਪਿਆਰ ਕਰਨ ਦਾ ਸੰਦੇਸ਼ ਦਿੱਤਾ ਹੈ।ਗੁਰੂ ਸਾਹਿਬ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਵਾਤਾਵਰਣ ਸੰਭਾਲ ਨਾਲ ਜੋੜਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਭਰ ਵਿੱਚ 6.50 ਲੱਖ ਪੌਦੇ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ, ਜਿਸ ਨੂੰ ਸਮੇਂ ਸਿਰ ਪੂਰਾ ਕਰਨ ਲਈ ਸਾਰੇ ਵਿਭਾਗ ਅਤੇ ਸਮਾਜ ਸੇਵੀ ਸੰਸਥਾਵਾਂ ਮਿਲ ਕੇ ਕੰਮ ਕਰ ਰਹੀਆਂ ਹਨ।ਉਨ੍ਹਾਂ ਦੱਸਿਆ ਕਿ ਇਹ ਪੌਦੇ ਪਿੰਡਾਂ ਦੀਆਂ ਸਾਂਝੀਆਂ ਥਾਵਾਂ, ਸ਼ਾਮਲਾਟ ਜ਼ਮੀਨਾਂ, ਸ਼ਹਿਰੀ ਪਾਰਕਾਂ, ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ-ਕਾਲਜਾਂ, ਸਰਕਾਰੀ ਦਫ਼ਤਰਾਂ, ਹਸਪਤਾਲਾਂ, ਸੜਕਾਂ ਦੇ ਕਿਨਾਰਿਆਂ, ਨਹਿਰਾਂ ਅਤੇ ਹੋਰ ਜਨਤਕ ਥਾਵਾਂ ੱਤੇ ਲਗਾਏ ਜਾ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਮੁਹਿੰਮ ਦਾ ਮਕਸਦ ਸਿਰਫ਼ ਪੌਦੇ ਲਗਾਉਣਾ ਨਹੀਂ, ਸਗੋਂ ਉਨ੍ਹਾਂ ਨੂੰ ਸੁਰੱਖਿਅਤ ਰੱਖਣਾ ਅਤੇ ਵੱਡੇ ਰੁੱਖਾਂ ਵਜੋਂ ਵਿਕਸਤ ਕਰਨਾ ਵੀ ਹੈ।ਉਨ੍ਹਾਂ ਕਿਹਾ ਕਿ ਜਿਸ ਵਿਭਾਗ ਜਾਂ ਸੰਸਥਾ ਨੂੰ ਪੌਦੇ ਦਿੱਤੇ ਜਾਣਗੇ, ਉਨ੍ਹਾਂ ਦੀ ਸੰਭਾਲ ਅਤੇ ਸੁਰੱਖਿਆ ਦੀ ਜ਼ਿੰਮੇਵਾਰੀ ਵੀ ਉਸੇ ਵਿਭਾਗ ਜਾਂ ਸੰਸਥਾ ਦੀ ਹੋਵੇਗੀ।
ਉਨ੍ਹਾਂ ਸਕੂਲੀ ਵਿਦਿਆਰਥੀਆਂ, ਗ੍ਰਾਮ ਪੰਚਾਇਤਾਂ, ਸਮਾਜ ਸੇਵੀ ਸੰਸਥਾਵਾਂ, ਕਲੱਬਾਂ ਅਤੇ ਆਮ ਲੋਕਾਂ ਨੂੰ ਇਸ ਵਾਤਾਵਰਣ ਪੱਖੀ ਮੁਹਿੰਮ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਹਰ ਨਾਗਰਿਕ ਘੱਟੋ-ਘੱਟ ਇੱਕ ਪੌਦਾ ਲਗਾ ਕੇ ਉਸ ਦੀ ਸੰਭਾਲ ਕਰਨ ਦਾ ਸੰਕਲਪ ਲਵੇ।ਉਨ੍ਹਾਂ ਕਿਹਾ ਕਿ ਇਹ ਉਪਰਾਲਾ ਸ੍ਰੀ ਗੁਰੂ ਰਵਿਦਾਸ ਜੀ ਦੇ ਉਪਦੇਸ਼ਾਂ ਨੂੰ ਅਮਲੀ ਰੂਪ ਵਿੱਚ ਅਪਣਾਉਣ ਦੇ ਨਾਲ-ਨਾਲ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਣ ਯਕੀਨੀ ਬਣਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾਏਗਾ।
ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਦੱਸਿਆ ਕਿ ਜੰਗਲਾਤ ਵਿਭਾਗ ਵੱਲੋਂ ਸਾਰੇ ਸਰਕਾਰੀ ਵਿਭਾਗਾਂ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਲੋੜ ਅਨੁਸਾਰ ਪੌਦੇ ਮੁਫ਼ਤ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਵੱਧ ਤੋਂ ਵੱਧ ਲੋਕਾਂ ਨੂੰ ਇਸ ਮੁਹਿੰਮ ਨਾਲ ਜੁੜ ਕੇ ਵਾਤਾਵਰਣ ਦੀ ਸੰਭਾਲ ਵਿੱਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ।
Check Also
ਖਾਲਸਾ ਯੂਨੀਵਰਸਿਟੀ ਅਤੇ ਜੀ.ਐੱਸ.ਟੀ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦਰਮਿਆਨ ਹੋਇਆ ਸਮਝੌਤਾ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸ – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ਵਿਦਿਆਰਥੀਆਂ …
Punjab Post Daily Online Newspaper & Print Media