ਅੰਮ੍ਰਿਤਸਰ, 12 ਸਤੰਬਰ (ਸੁਖਬੀਰ ਸਿੰਘ) – ਲੋਕ ਸਭਾ ਮੈਂਬਰ ਅਤੇ ਜਿਲ੍ਹਾ ਵਿਕਾਸ ਕੋਆਰਡੀਨੇਸ਼ਨ ਅਤੇ ਨਿਗਰਾਨੀ ਕਮੇਟੀ (ਦਿਸ਼ਾ) ਦੇ ਚੇਅਰਮੈਨ ਗੁਰਜੀਤ ਸਿੰਘ ਔਜਲਾ ਦੀ ਪ੍ਰਧਾਨਗੀ ਹੇਠ
ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦਿਸ਼ਾ ਕਮੇਟੀ ਦੀ ਮੀਟਿੰਗ ਹੋਈ।ਜਿਸ ਦੌਰਾਨ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਵੱਖ-ਵੱਖ ਵਿਕਾਸ ਅਤੇ ਲੋਕ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਗਿਆ।
ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਪੱਲਵੀ ਮਿਸ਼ਰਾ, ਨਗਰ ਨਿਗਮ ਦੇ ਵਧੀਕ ਕਮਿਸ਼ਨਰ ਜੈ ਇੰਦਰ ਸਿੰਘ, ਐਸ.ਡੀ.ਐਮ ਅੰਮ੍ਰਿਤਸਰ ਗੁਰਮੰਦਰ ਸਿੰਘ, ਐਸ.ਡੀ.ਐਮ ਲੋਪੋਕੇ ਮਨਮੀਤ ਸਿੰਘ, ਡੀ.ਸੀ.ਪੀ ਜਸਕਿਰਨਜੀਤ ਸਿੰਘ ਤੇਜਾ ਸਮੇਤ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।ਮੀਟਿੰਗ ਨੂੰ ਸੰਬੋਧਨ ਕਰਦਿਆਂ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਸ੍ਰੀ ਗੁਰੂੂ ਰਾਮਦਾਸ ਜੀ ਦੀ ਪਵਿੱਤਰ ਨਗਰੀ ਅੰਮ੍ਰਿਤਸਰ ਵਿੱਚ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ‘ਚ ਸ਼ਰਧਾਲੂ ਅਤੇ ਸੈਲਾਨੀ ਪਹੁੰਚਦੇ ਹਨ।ਇਸ ਲਈ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣਾ ਸਾਰਿਆਂ ਦੀ ਸਾਂਝੀ ਜਿੰਮੇਵਾਰੀ ਹੈ।ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਡੋਰ-ਟੂ-ਡੋਰ ਕੂੜਾ ਇਕੱਠਾ ਕਰਨ ਦੀ ਪ੍ਰਕਿਰਿਆ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਅਤੇ ਸ਼ਹਿਰ ਵਿੱਚੋਂ ਰੋਜ਼ਾਨਾ ਕੂੜਾ ਚੁੱਕਣਾ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ।ਉਨ੍ਹਾਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਝੁੱਗੀਆਂ-ਝੌਂਪੜੀਆਂ ਦੀ ਆੜ ਵਿੱਚ ਕੀਤੇ ਗਏ ਨਾਜਾਇਜ਼ ਕਬਜ਼ਿਆਂ ਦੀ ਪਛਾਣ ਕਰਕੇ ਨਿਯਮਾਂ ਅਨੁਸਾਰ ਕਾਰਵਾਈ ਕਰਨ ਲਈ ਵੀ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ।
ਲੋਕ ਸਭਾ ਮੈਂਬਰ ਨੇ ਮਿਲਾਵਟੀ ਦੁੱਧ, ਪਨੀਰ, ਮਠਿਆਈਆਂ ਅਤੇ ਹੋਰ ਖਾਧ ਪਦਾਰਥਾਂ ਦੀ ਵਿਕਰੀ ’ਤੇ ਚਿੰਤਾ ਪ੍ਰਗਟ ਕਰਦਿਆਂ ਸਿਹਤ ਵਿਭਾਗ ਅਤੇ ਫੂਡ ਸੇਫਟੀ ਅਧਿਕਾਰੀਆਂ ਨੂੰ ਵਿਸ਼ੇਸ਼ ਜਾਂਚ ਮੁਹਿੰਮ ਚਲਾਉਣ ਅਤੇ ਸੈਂਪਲਿੰਗ ਵਿੱਚ ਤੇਜ਼ੀ ਲਿਆਉਣ ਲਈ ਕਿਹਾ।ਉਨ੍ਹਾਂ ਕਿਹਾ ਕਿ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇ ਅਤੇ ਮਿਲਾਵਟਖੋਰੀ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਾ ਕੀਤਾ ਜਾਵੇ।ਮੀਟਿੰਗ ਵਿੱਚ ਤੁੰਗ ਢਾਬ ਡਰੇਨ, ਕੂੜਾ ਪ੍ਰਬੰਧਨ, ਨਾਜਾਇਜ਼ ਕਬਜ਼ੇ, ਟ੍ਰੈਫਿਕ ਜਾਮ, ਫਤਿਹਗੜ੍ਹ ਚੂੜੀਆਂ ਰੋਡ, ਮਜੀਠਾ ਰੋਡ, ਲੋਹਾਰਕਾ ਰੋਡ, ਰਿੰਗ ਰੋਡ, ਐਲੀਵੇਟਿਡ ਰੋਡ, ਨੈਸ਼ਨਲ ਹਾਈਵੇ ਪ੍ਰੋਜੈਕਟਾਂ ਅਤੇ ਹੜ੍ਹ ਰੋਕੂ ਪ੍ਰਬੰਧਾਂ ਸਮੇਤ ਵੱਖ-ਵੱਖ ਮਹੱਤਵਪੂਰਨ ਮੁੱਦਿਆਂ ’ਤੇ ਵੀ ਵਿਚਾਰ ਕੀਤਾ ਗਿਆ।
ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਗੁਰਜੀਤ ਸਿੰਘ ਔਜਲਾ ਨੂੰ ਭਰੋਸਾ ਦਿਵਾਇਆ ਕਿ ਜਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਵਿਭਾਗਾਂ ਵਿਚਾਲੇ ਆਪਸੀ ਤਾਲਮੇਲ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਯੋਜਨਾਵਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਅਤੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਸਮੇਂ ਸਿਰ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ।
Check Also
ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ
ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …
Punjab Post Daily Online Newspaper & Print Media