Friday, April 10, 2026

ਸ਼ਰਧਾ-ਭਾਵਨਾ ਨਾਲ ਮਨਾਇਆ ਜਾਵੇਗਾ ਬਾਬਾ ਦੀਪ ਸਿੰਘ ਜੀ ਸ਼ਹੀਦ ਦਾ ਜਨਮ ਦਿਹਾੜਾ

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ 24 ਜਨਵਰੀ ਨੂੰ -ਮੈਨੇਜਰ

Baba Deep Singh Ji

ਅੰਮ੍ਰਿਤਸਰ, 19 ਜਨਵਰੀ (ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਬੇ-ਅਦਬੀ ਨੂੰ ਨਾ ਸਹਾਰਦੇ ਹੋਏ ਰਣ ਤੱਤੇ ਵਿੱਚ ਜੂਝਣ ਵਾਲੇ ਮਹਾਨ ਸੂਰਬੀਰ, ਸਿਰ ਲੱਥ ਯੋਧੇ ਬਾਬਾ ਦੀਪ ਸਿੰਘ ਜੀ ਸ਼ਹੀਦ ਦਾ ਜਨਮ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ 26 ਜਨਵਰੀ ਨੂੰ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਬਾਬਾ ਦੀਪ ਸਿੰਘ ਚਾਟੀਵਿੰਡ ਗੇਟ ਸ੍ਰੀ ਅੰਮ੍ਰਿਤਸਰ ਵਿਖੇ ਬੜੀ ਸ਼ਰਧਾ-ਭਾਵਨਾ ਨਾਲ ਮਨਾਇਆ ਜਾਵੇਗਾ।
ਇਥੋਂ ਜਾਰੀ ਪ੍ਰੈੱਸ ਨੋਟ ਵਿੱਚ ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਹਾਨ ਸੂਰਬੀਰ ਸਿਰਲੱਥ ਯੋਧੇ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਜਨਮ ਦਿਹਾੜੇ ਨੂੰ ਸਮਰਪਿਤ 24 ਜਨਵਰੀ ਦਿਨ ਸ਼ਨੀਵਾਰ ਨੂੰ ਦੁਪਹਿਰ 12.00 ਵਜੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਧਾਰਮਿਕ ਸਭਾ-ਸੁਸਾਇਟੀਆਂ ਦੇ ਸਹਿਯੋਗ ਨਾਲ ਅਰਦਾਸ ਉਪਰੰਤ ਵਿਸ਼ਾਲ ਨਗਰ ਕੀਰਤਨ ਆਯੋਜਿਤ ਕੀਤਾ ਜਾਵੇਗਾ, ਜੋ ਸਰਾਂ-ਸ੍ਰੀ ਗੁਰੂ ਰਾਮਦਾਸ, ਜੱਲ੍ਹਿਆਂਵਾਲਾ ਬਾਗ, ਲੱਕੜ ਮੰਡੀ ਬਾਜ਼ਾਰ, ਸੁਲਤਾਨਵਿੰਡ ਗੇਟ, ਪਾਣੀ ਵਾਲੀ ਟੈਂਕੀ, ਸਵਰਨ ਹਾਊਸ, ਗੋਲਡਨ ਕਲਾਥ ਮਾਰਕੀਟ, ਸੁਲਤਾਨਵਿੰਡ ਰੋਡ, ਤੇਜ਼ ਨਗਰ ਚੌਂਕ, ਬਾਜ਼ਾਰ ਸ਼ਹੀਦ ਊਧਮ ਸਿੰਘ ਨਗਰ, ਬਾਜ਼ਾਰ ਕੋਟ ਮਾਹਣਾ ਸਿੰਘ ਤੇ ਤਰਨਤਾਰਨ ਰੋਡ ਤੋਂ ਹੁੰਦਾ ਹੋਇਆ ਚਾਟੀਵਿੰਡ ਗੇਟ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਬਾਬਾ ਦੀਪ ਸਿੰਘ ਜੀ ਵਿਖੇ ਸੰਪੰਨ ਹੋਵੇਗਾ।
ਮਹਾਨ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ 24 ਜਨਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ, ਜਿਨ੍ਹਾਂ ਦੇ ਭੋਗ 26 ਜਨਵਰੀ ਨੂੰ ਪੈਣਗੇ।ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਏ ਮੁਖਵਾਕ ਦੀ ਕਥਾ ਸਿੰਘ ਸਾਹਿਬ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਕਰਨਗੇ।ਇਸੇ ਦਿਨ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸਵੇਰੇ 9.00 ਵਜੇ ਅੰਮ੍ਰਿਤ ਸੰਚਾਰ ਹੋਵੇਗਾ।ਅੰਮ੍ਰਿਤ ਅਭਿਲਾਖੀ ਅੰਮ੍ਰਿਤਪਾਨ ਕਰਨ ਲਈ ਤਿਆਰ ਬਰ ਤਿਆਰ ਹੋ ਕੇ ਆਉਣ।ਸਵੇਰੇ 10.00 ਤੋਂ ਸ਼ਾਮ 4 ਵਜੇ ਤੱਕ ਢਾਡੀ ਤੇ ਕਵੀ ਦਰਬਾਰ ਹੋਵੇਗਾ।ਧਾਰਮਿਕ ਸਮਾਗਮ ਸਮੇਂ ਰਾਗੀ ਜਥੇ ਭਾਈ ਬਲਦੇਵ ਸਿੰਘ ਵਡਾਲਾ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਭਾਈ ਹਰਚਰਨ ਸਿੰਘ ਖਾਲਸਾ ਹਜ਼ੂਰੀ ਰਾਗੀ ਗੁਰਦੁਆਰਾ ਸ਼ਹੀਦ ਗੰਜ ਸਾਹਿਬ, ਭਾਈ ਗੁਰਵਿੰਦਰ ਸਿੰਘ ਲੁਧਿਆਣਾ, ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ ਵਾਲੇ, ਭਾਈ ਗੁਰਚਰਨ ਸਿੰਘ ਰਸੀਆ (ਲੁਧਿਆਣਾ), ਭਾਈ ਦਵਿੰਦਰ ਸਿੰਘ ਤੇ ਭਾਈ ਗੁਲਬਾਗ ਸਿੰਘ ਜਲੰਧਰ, ਭਾਈ ਗੁਰਪ੍ਰੀਤ ਸਿੰਘ ਸ਼ਿਮਲੇ ਵਾਲੇ, ਬੀਬਾ ਆਸ਼ੂਪ੍ਰੀਤ ਕੌਰ ਤੇ ਬੀਬਾ ਪ੍ਰਨੀਤ ਕੌਰ ਕਾਦੀਆਂ ਅਤੇ ਭਾਈ ਅਵਤਾਰ ਸਿੰਘ ਤਾਰੀ ਕਥਾ ਵਿਖਿਆਨ ਤੇ ਇਲਾਹੀ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ।ਰਾਤ ਨੂੰ ਦੀਪਮਾਲਾ ਕੀਤੀ ਜਾਵੇਗੀ ਤੇ ਰਹਿਰਾਸ ਸਾਹਿਬ ਜੀ ਦੇ ਪਾਠ ਉਪਰੰਤ ਅਲੌਕਿਕ ਆਤਿਸ਼ਬਾਜੀ ਵੀ ਚਲਾਈ ਜਾਵੇਗੀ।ਸੰਗਤਾਂ ਨੂੰ ਅਪੀਲ ਹੈ ਕਿ ਮਹਾਨ ਸੂਰਬੀਰ ਸਿਰਲੱਥ ਯੋਧੇ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਅਤੇ ਗੁਰੂ-ਘਰ ਹੋ ਰਹੇ ਧਾਰਮਿਕ ਸਮਾਗਮਾਂ ਮੌਕੇ ਪਰਿਵਾਰਾਂ ਸਮੇਤ ਹਾਜ਼ਰੀਆਂ ਭਰ ਕੇ ਆਪਣਾ ਜੀਵਨ ਸਫਲਾ ਕਰਨ।

Check Also

ਛੀਨਾ ਨੇ ਖਾਲਸਾ ਯੂਨੀਵਰਸਿਟੀ ਦਾ ਆਨਲਾਈਨ ‘ਐਡਮਿਸ਼ਨ ਪੋਰਟਲ’ ਕੀਤਾ ਜਾਰੀ

ਅੰਮ੍ਰਿਤਸਰ, 9 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਯੂਨੀਵਰਸਿਟੀ ਦਾ ਨਵਾਂ ‘ਐਡਮਿਸ਼ਨ ਪੋਰਟਲ’ ਵਿਦਿਆਰਥੀਆਂ ਲਈ …

Leave a Reply