Tuesday, November 24, 2026

ਚਲਦਾ ਵਹੀਰ ਗੁਰਮਤਿ ਪ੍ਰਚਾਰ ਤੇ ਅੰਮ੍ਰਿਤ ਸੰਚਾਰ ਲਹਿਰ ਤਹਿਤ ਵਿਸ਼ੇਸ਼ ਗੁਰਮਤਿ ਸਮਾਗਮ

ਅੰਮ੍ਰਿਤਸਰ, 10 ਨਵੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸੰਗਤਾਂ ਨੂੰ ਗੁਰਬਾਣੀ, ਸਿੱਖ ਰਹਿਤ ਮਰਯਾਦਾ ਅਤੇ ਗੁਰਮਤਿ ਜੀਵਨ ਨਾਲ ਜੋੜਨ ਦੇ ਉਦੇਸ਼ ਨਾਲ ਆਰੰਭੀ ਗਈ ‘ਚਲਦਾ ਵਹੀਰ ਗੁਰਮਤਿ ਪ੍ਰਚਾਰ ਤੇ ਅੰਮ੍ਰਿਤ ਸੰਚਾਰ ਲਹਿਰ’ ਤਹਿਤ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਪਹਿਲੀ ਅੱਚਲ ਸਾਹਿਬ (ਬਟਾਲਾ) ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ।ਇਸ ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰਬਾਣੀ ਦਾ ਲਾਹਾ ਪ੍ਰਾਪਤ ਕੀਤਾ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਦੇ ਉਪਦੇਸ਼ਾਂ ਅਨੁਸਾਰ ਜੀਵਨ ਬਤੀਤ ਕਰਨ ਅਤੇ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਗੁਰੂ ਵਾਲੇ ਬਣਨ ਦੀ ਪ੍ਰੇਰਨਾ ਕੀਤੀ।ਉਨ੍ਹਾਂ ਕਿਹਾ ਕਿ ਗੁਰਬਾਣੀ ਮਨੁੱਖ ਨੂੰ ਸੱਚ, ਸੇਵਾ, ਸਿਮਰਨ, ਨਿਮਰਤਾ ਅਤੇ ਪਰਉਪਕਾਰ ਦੇ ਮਾਰਗ ’ਤੇ ਚੱਲਣ ਦੀ ਸੇਧ ਦਿੰਦੀ ਹੈ।
ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸੁਰਜੀਤ ਸਿੰਘ ਤੁਗਲਵਾਲ, ਮੈਂਬਰ ਗੁਰਨਾਮ ਸਿੰਘ ਜੱਸਲ, ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ, ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਨੇ ਵੀ ਸੰਬੋਧਨ ਕੀਤਾ।ਇਸ ਤੋਂ ਪਹਿਲਾਂ ਪ੍ਰਚਾਰਕ ਢਾਡੀ ਤੇ ਕਵੀਸ਼ਰ ਜਥਿਆਂ ਨੇ ਸੰਗਤਾਂ ਨੂੰ ਇਤਿਹਾਸ ਨਾਲ ਜੋੜਿਆ।
ਇਸੇ ਦੌਰਾਨ ਵੱਖ ਵੱਖ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਦੇ ਦਸਤਾਰ ਮੁਕਾਬਲੇ ਵੀ ਕਰਵਾਏ ਗਏ ਜਿਸ ਵਿਚ 13 ਸਕੂਲਾਂ ਦੇ 820 ਦੇ ਕਰੀਬ ਵਿਦਿਆਰਥੀਆਂ ਨੇ ਭਾਗ ਲਿਆ।ਦੋ ਭਾਗਾਂ ਵਿੱਚ ਹੋਏ ਦਸਤਾਰ ਮੁਕਾਬਲੇ ਦੌਰਾਨ ਪਹਿਲੇ ਭਾਗ ਵਿਚ ਕਾਕਾ ਨਵਜੋਤ ਸਿੰਘ ਪਹਿਲਾ, ਕਾਕਾ ਅਭੀਜੋਤ ਸਿੰਘ ਦੂਜਾ ਤੇ ਕਾਕਾ ਸਹਿਬਾਜ਼ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਦੂਜੇ ਗਰੁੱਪ ਵਿਚ ਕਾਕਾ ਬਲਜੀਤ ਸਿੰਘ ਨੇ ਪਹਿਲਾ, ਕਾਕਾ ਕੁਲਜੀਤ ਸਿੰਘ ਨੇ ਦੂਜਾ ਅਤੇ ਕਾਕਾ ਸਹਿਜਪ੍ਰੀਤ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸੁਰਜੀਤ ਸਿੰਘ ਤੁਗਲਵਾਲ, ਮੈਂਬਰ ਗੁਰਨਾਮ ਸਿੰਘ ਜੱਸਲ, ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ, ਨਰੇਸ਼ ਮਹਾਜਨ, ਓ.ਐਸ.ਡੀ ਸਤਬੀਰ ਸਿੰਘ, ਨਿੱਜੀ ਸਕੱਤਰ ਸਾਹਬਾਜ਼ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ. ਹਰਭਜਨ ਸਿੰਘ ਵਕਤਾ, ਸ੍ਰੀ ਦਰਬਾਰ ਸਾਹਿਬ ਦੇ ਜਰਨਲ ਮੈਨੇਜਰ ਮੇਜ਼ਰ ਸਿੰਘ ਅਰਜਨ ਮਾਂਗਾ, ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ, ਸੂਬੇਦਾਰ ਸੁਖਜਿੰਦਰ ਸਿੰਘ ਕਾਦੀਆਂ, ਪ੍ਰਿੰਸੀਪਲ ਹਰਵਿੰਦਰ ਕੌਰ ਕਾਦੀਆਂ, ਬੀਬੀ ਬਲਜੀਤ ਕੌਰ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …