Tuesday, November 24, 2026

ਛੇਵੀਂ ਵਾਰ ਲਗਾਤਾਰ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) -ਸ਼੍ਰੋਮਣੀ ਕਮੇਟੀ ਦੇ ਛੇਵੀਂ ਵਾਰ ਲਗਾਤਾਰ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲੰਮੇ ਅਰਸੇ ਤੋਂ ਸਿੱਖ ਸੰਸਥਾ ਨਾਲ ਜੁੜੇ ਹੋਏ ਹਨ।1956 ਵਿੱਚ ਜਨਮੇ ਐਡਵੋਕੇਟ ਹਰਜਿੰਦਰ ਸਿੰਘ ਬੀ.ਏ ਐਲ.ਐਲ.ਬੀ ਪਾਸ ਹਨ ਅਤੇ ਚਾਰ ਦਹਾਕਿਆਂ ਤੋਂ ਵਕਾਲਤ ਦੇ ਪੇਸ਼ੇ ਨਾਲ ਜੁੜੇ ਹੋਏ ਹਨ।ਉਹ 1996 ਵਿਚ ਪਹਿਲੀ ਵਾਰ ਸ਼੍ਰੋਮਣੀ ਕਮੇਟੀ ਦੇ ਮੈਂਬਰ ਬਣੇ ਅਤੇ ਉਦੋਂ ਤੋਂ ਹੁਣ ਤੱਕ ਲਗਾਤਾਰ ਮੈਂਬਰ ਬਣਦੇ ਰਹੇ।ਉਹ ਧਰਮ ਪ੍ਰਚਾਰ ਦੇ ਮੈਂਬਰ ਵੀ ਰਹੇ ਅਤੇ ਅੰਤ੍ਰਿੰਗ ਮੈਂਬਰ ਵੀ ਬਣੇ।ਐਡਵੋਕੇਟ ਧਾਮੀ 2019 ਵਿੱਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਚੁਣੇ ਗਏ, ਜਿਸ ਮਗਰੋਂ 2020 ਵਿੱਚ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਦੇ ਪ੍ਰਬੰਧਕੀ ਅਹੁੱਦੇ ’ਤੇ ਸੇਵਾ ਨਿਭਾਈ।ਉਸ ਮਗਰੋਂ ਨਵੰਬਰ 2021 ਵਿੱਚ ਪਹਿਲੀ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣੇ ਅਤੇ ਹੁਣ ਇਸ ਅਹੁੱਦੇ ‘ਤੇ ਲਗਾਤਾਰ ਛੇਵੀਂ ਵਾਰ ਚੁਣੇ ਗਏ ਹਨ।ਉਹ ਸਿੱਖ ਸਰੋਕਾਰਾਂ ਦੀ ਡੂੰਘੀ ਪਕੜ ਰੱਖਦੇ ਹਨ ਅਤੇ ਇੱਕ ਦਿਆਨਤਦਾਰ ਆਗੂ ਵਜੋਂ ਜਾਣੇ ਜਾਂਦੇ ਹਨ।ਉਹ ਸਿੱਖ ਸੰਘਰਸ਼ ਦੇ ਯੋਧਿਆਂ ਦੇ ਕੇਸਾਂ ਦੀ ਪੈਰਵਾਈ ਵੀ ਕਰਦੇ ਰਹੇ ਹਨ।
ਐਡਵੋਕੇਟ ਧਾਮੀ ਨੂੰ ਆਪਣੇ ਕਾਰਜਕਾਲ ਦੌਰਾਨ ਸਿੱਖ ਧਰਮ ਇਤਿਹਾਸ ਦੀਆਂ ਕਈ ਸ਼ਤਾਬਦੀਆਂ ਵੀ ਮਨਾਉਣ ਦਾ ਵੀ ਮੌਕਾ ਮਿਲਿਆ।ਉਨ੍ਹਾਂ ਨੇ ਪ੍ਰਧਾਨਗੀ ਦੀ ਅਹਿਮ ਜ਼ਿੰਮੇਵਾਰੀ ਨਿਭਾਉਂਦਿਆਂ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵਿੱਤੀ ਮਜ਼ਬੂਤੀ ਲਈ ਵਿਸ਼ੇਸ਼ ਤਵੱਜੋ ਦਿੱਤੀ। ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਨੌਜਵਾਨਾਂ ਨੂੰ ੳੱਚ ਪ੍ਰਸ਼ਾਸ਼ਕੀ ਸੇਵਾਵਾਂ ਲਈ ਉਤਸ਼ਾਹਿਤ ਅਤੇ ਤਿਆਰ ਕਰਨ ਵੱਲ ਉਨ੍ਹਾਂ ਨੇ ਖਾਸ ਧਿਆਨ ਦਿੱਤਾ, ਜਿਸ ਸਦਕਾ ਨਿਸਚੈ ਪ੍ਰਸ਼ਾਸਕੀ ਸੇਵਾਵਾਂ ਅਕੈਡਮੀ ਹੋਂਦ ਵਿੱਚ ਆਈ।ਇਹ ਯੋਗ ਵਿਦਿਆਰਥੀ ਨੂੰ ਮੁਫਤ ਵਿਚ ਤਿਆਰੀ ਕਰਵਾਉਣ ਦਾ ਕਾਰਜ਼ ਕਰ ਰਹੀ ਹੈ।ਐਡਵੋਕੇਟ ਧਾਮੀ ਦੀ ਇਹ ਵੀ ਖਾਸੀਅਤ ਹੈ ਕਿ ਉਹ ਸਿੱਖ ਜਥੇਬੰਦੀਆਂ ਨਾਲ ਹਮੇਸ਼ਾਂ ਤਾਲਮੇਲ ਵਿੱਚ ਰਹਿੰਦੇ ਹਨ, ਜਿਸ ਸਦਕਾ ਉਨ੍ਹਾਂ ਨੂੰ ਸਾਰੀਆਂ ਹੀ ਪੰਥਕ ਜਥੇਬੰਦੀਆਂ ਤੇ ਸੰਸਥਾਵਾਂ ਭਰਵਾਂ ਸਹਿਯੋਗ ਦਿੰਦੀਆਂ ਹਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …