ਅੰਮ੍ਰਿਤਸਰ, 25 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ
ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਸਮੂਹ ਸਿੱਖ ਜਗਤ ਅਤੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਵੱਲੋਂ ਦਰਸਾਏ ਸਰਬਸਾਂਝੀਵਾਲਤਾ, ਬਰਾਬਰਤਾ ਅਤੇ ਮਾਨਵਤਾ ਦੀ ਭਲਾਈ ਦੇ ਮਾਰਗ ਉੱਤੇ ਚੱਲਣ ਦੀ ਪ੍ਰੇਰਣਾ ਕੀਤੀ ਹੈ।
ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਸਮੂਹ ਸਿੱਖ ਜਗਤ ਅਤੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਵੱਲੋਂ ਦਰਸਾਏ ਸਰਬਸਾਂਝੀਵਾਲਤਾ, ਬਰਾਬਰਤਾ ਅਤੇ ਮਾਨਵਤਾ ਦੀ ਭਲਾਈ ਦੇ ਮਾਰਗ ਉੱਤੇ ਚੱਲਣ ਦੀ ਪ੍ਰੇਰਣਾ ਕੀਤੀ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਸਮੁੱਚੀ ਮਾਨਵਤਾ ਦੇ ਸਰਬਸਾਂਝੇ ਰਹਿਬਰ ਹਨ, ਜਿਨ੍ਹਾਂ ਦੀ ਵਿਚਾਰਧਾਰਾ ਅਤੇ ਜੀਵਨ ਸੇਧ ਸਮੁੱਚੇ ਸੰਸਾਰ ਲਈ ਚਾਨਣ-ਮੁਨਾਰਾ ਹੈ।ਗੁਰੂ ਸਾਹਿਬ ਨੇ ਆਪਣੇ ਇਲਾਹੀ ਉਪਦੇਸ਼ਾਂ ਰਾਹੀਂ ਮਨੁੱਖਤਾ ਨੂੰ ਜਾਤ-ਪਾਤ, ਊਚ-ਨੀਚ, ਵਹਿਮਾਂ-ਭਰਮਾਂ ਅਤੇ ਸਮਾਜਿਕ ਵਿਤਕਰਿਆਂ ਤੋਂ ਉਪਰ ਉਠ ਕੇ ਆਪਸੀ ਪ੍ਰੇਮ, ਸਤਿਕਾਰ ਅਤੇ ਸਾਂਝੀਵਾਲਤਾ ਨਾਲ ਜੀਵਨ ਬਤੀਤ ਕਰਨ ਦਾ ਸੰਦੇਸ਼ ਦਿੱਤਾ।ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਦੱਬੇ-ਕੁਚਲੇ ਅਤੇ ਲਤਾੜੇ ਜਾ ਰਹੇ ਵਰਗਾਂ ਦੀ ਆਵਾਜ਼ ਬਣ ਕੇ ਮਨੁੱਖੀ ਬਰਾਬਰਤਾ ਅਤੇ ਹੱਕ-ਸੱਚ ਦੀ ਪੈਰਵੀ ਕੀਤੀ।
ਉਨ੍ਹਾਂ ਕਿਹਾ ਕਿ ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ ਦਾ ਸਿਧਾਂਤ ਮਨੁੱਖ ਨੂੰ ਅਧਿਆਤਮਕ ਜੀਵਨ ਦੇ ਨਾਲ-ਨਾਲ ਸਮਾਜਿਕ ਜ਼ਿੰਮੇਵਾਰੀਆਂ ਨਿਭਾਉਣ ਦੀ ਵੀ ਸੇਧ ਦਿੰਦਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀ ਬਾਣੀ ਅਤੇ ਜੀਵਨ ਰਾਹੀਂ ਮਨੁੱਖਤਾ ਨੂੰ ਸੱਚ, ਸੇਵਾ, ਨਿਮਰਤਾ, ਦਇਆ ਅਤੇ ਪਰਉਪਕਾਰ ਦੇ ਗੁਣ ਧਾਰਨ ਕਰਨ ਦਾ ਸੰਦੇਸ਼ ਦਿੱਤਾ, ਜਿਸ ਦੀ ਅੱਜ ਵੀ ਵਿਸ਼ਵ ਪੱਧਰ ’ਤੇ ਵੱਡੀ ਪ੍ਰਸੰਗਿਕਤਾ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦਾ ਅਸਲ ਮਹੱਤਵ ਗੁਰੂ ਸਾਹਿਬ ਦੀ ਬਾਣੀ ਅਤੇ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਅਤੇ ਉਨ੍ਹਾਂ ਦੇ ਸਰਬਕਾਲੀ ਫਲਸਫੇ ਨੂੰ ਘਰ-ਘਰ ਅਤੇ ਸੰਸਾਰ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਵਿੱਚ ਹੈ।
Punjab Post Daily Online Newspaper & Print Media