
ਨਵੀਂ ਦਿੱਲੀ, 5 ਫਰਵਰੀ (ਅੰਮ੍ਰਿਤ ਲਾਲ ਮੰਨਣ) – ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਾਲਕਾ ਜੀ ਤੋਂ ਭਾਰਤੀ ਜਨਤਾ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਂਝੇ ਉਮੀਦਵਾਰ ਹਰਮੀਤ ਸਿੰਘ ਕਾਲਕਾ ਦੇ ਹੱਕ ਵਿੱਚ ਵਿਸ਼ਾਲ ਜਨਸਭਾ ਨੂੰ ਸੰਬੋਧਿਤ ਕੀਤਾ। ਉਨ੍ਹਾਂ ਤੋਂ ਪਹਿਲਾਂ ਮਸ਼ਹੂਰ ਕਮੇਡੀਅਨ ਰਾਜੂ ਸ੍ਰੀਵਾਸਤਵ ਨੇ ਦਿੱਲੀ ਵਿਖੇ ਭਾਜਪਾ ਨੂੰ ਵੋਟਾਂ ਦੇਕੇ ਦਿੱਲੀ ਵਿੱਚ ਵਿਕਾਸ ਲਿਆਉਣ ਲਈ ਜ਼ਰੂਰੀ ਦੱਸਿਆ। ਹਰਸਿਮਰਤ ਨੇ ਦਿੱਲੀ ਵਿੱਚ ਕੰਮ ਕਾਜੀ ਬੀਬੀਆਂ ਦੀ ਵੱਡੀ ਤਦਾਦ ਦਾ ਜ਼ਿਕਰ ਕਰਦੇ ਹੋਏ ਦਿੱਲੀ ਵਿਖੇ 40 ਸਾਲ ਦੇ ਪ੍ਰਸ਼ਾਸਨਿਕ ਤਜਰਬੇ ਵਾਲੇ ਕਿਰਨ ਬੇਦੀ ਨੂੰ ਬੀਬੀਆਂ ਦੀ ਸੁਰੱਖਿਆ ਮਜ਼ਬੂਤ ਕਰਨ ਲਈ ਮੁੱਖ ਮੰਤਰੀ ਦੇ ਤੌਰ ‘ਤੇ ਲਿਆਉਣ ਵਾਸਤੇ ਕਾਲਕਾ ਨੂੰ ਵੋਟਾਂ ਪਾਉਣ ਦੀ ਵੀ ਅਪੀਲ ਕੀਤੀ। ਕਿਰਨ ਬੇਦੀ ਦੀ ਈਮਾਨਦਾਰ ਛਵੀ ਦੀ ਗੱਲ ਕਰਦੇ ਹੋਏ ਉਨ੍ਹਾਂ ਨੇ ਦਿੱਲੀ ਤੋਂ ਭ੍ਰਿਸ਼ਟਾਚਾਰ ਹਟਾਉਣ ਅਤੇ ਪਾਰਦਰਸ਼ੀ ਪ੍ਰਸ਼ਾਸਨ ਤੇ ਈਗਵਰਨੈਸ ਲਿਆਉਣ ਵਾਸਤੇ ਭਾਜਪਾ ਨੂੰ ਜਿਤਾਉਣ ਦੀ ਗੱਲ ਵੀ ਕਹੀ। ਦਿੱਲੀ ਦੇ ਲੋਕਾਂ ਨੂੰ ਝੂਠੇ ਸੁਪਨੇ ਦਿਖਾਕੇ ਵੋਟਾਂ ਮੰਗਣ ਵਾਲੇ ਵਿਰੋਧੀ ਆਗੂਆਂ ਤੋਂ ਸੁਚੇਤ ਰਹਿਣ ਦੀ ਵੀ ਉਨ੍ਹਾਂ ਨੇ ਬੇਨਤੀ ਕੀਤੀ। ਅਕਾਲੀ ਦਲ ਦੀ ਦਿੱਲੀ ਇਕਾਈ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਦਿੱਲੀ ਦੇ ਸੁਨਹਿਰੇ ਭਵਿੱਖ ਵਾਸਤੇ ਕੇਂਦਰ ਸਰਕਾਰ ਨਾਲ ਸਹਿਯੋਗ ਕਰਨ ਵਾਲੀ ਭਾਜਪਾ ਦੀ ਸੂਬਾ ਸਰਕਾਰ ਬਣਾਉਣ ਦੀ ਮੌਜ਼ੂਦ ਹਜ਼ਾਰਾਂ ਲੋਕਾਂ ਨੂੰ ਅਪੀਲ ਕੀਤੀ। ਇਸ ਮੌਕੇ ਭਾਜਪਾ ਦੇ ਚਾਰਾਂ ਮੰਡਲਾਂ ਦੇ ਪ੍ਰਧਾਨ ਅਤੇ ਅਹੁਦੇਦਾਰ ਸਾਹਿਬਾਨਾਂ ਤੋਂ ਇਲਾਵਾ ਸਾਬਕਾ ਆਮ ਆਦਮੀ ਪਾਰਟੀ ਦੇ ਉਮੀਦਵਾਰ ਧਰਮਬੀਰ ਵੀ ਮੌਜ਼ੂਦ ਸਨ।
Punjab Post Daily Online Newspaper & Print Media