
ਨਵੀਂ ਦਿੱਲੀ, 21 ਫਰਵਰੀ (ਅੰਮ੍ਰਿਤ ਲਾਲ ਮੰਨਣ) – ਸਨ ਫਾਉਂਡੇਸ਼ਨ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਨਸ਼ਾ ਮੁੱਕਤ ਸਮਾਜ ਦੀ ਸਿਰਜਨਾ ਲਈ ਵਿਸ਼ੇਸ਼ ਕੀਰਤਨ ਸਮਾਗਮ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਕਰਵਾਇਆ ਗਿਆ। ਜਿਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਪੰਥਕ ਵਿਚਾਰਾਂ ਦੇ ਸਮੇਂ ਦੌਰਾਨ ਤਕਰੀਰ ਕਰਦੇ ਹੋਏ ਨਸ਼ੇ ਨੂੰ ਸਮਾਜ ਦਾ ਸਭ ਤੋਂ ਵੱਡਾ ਦੁਸ਼ਮਣ ਦੱਸਿਆ। ਉਨ੍ਹਾਂ ਨੇ ਗੁਰਮਤਿ ਦਾ ਧਾਰਨੀ ਹੋ ਕੇ ਸੰਗਤਾਂ ਨੂੰ ਨਾਮ ਸਿਮਰਨ ਅਤੇ ਬਾਣੀ ਦਾ ਨਿਤਨੇਮੀ ਹੋਣ ਦਾ ਵੀ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਕੋਈ ਵੀ ਧਰਮ ਨਸ਼ੇ ਦਾ ਸਮਰਥਣ ਨਹੀਂ ਕਰਦਾ ਸਗੋਂ ਨਸ਼ਿਆਂ ਦੇ ਖਿਲਾਫ ਹੀ ਗੁਰੂਆਂ ਅਤੇ ਮਹਾਪੁਰਸ਼ਾਂ ਵੱਲੋਂ ਆਵਾਜ਼ ਚੁੱਕੀ ਗਈ ਸੀ।
ਸਨ ਫਾਉਂਡੇਸ਼ਨ ਤੇ ਮਾਤਾ ਸੁੰਦਰੀ ਕਾਲਜ ਦੇ ਚੇਅਰਮੈਨ ਵਿਕ੍ਰਮਜੀਤ ਸਿੰਘ ਸਾਹਨੀ ਨੇ ਨਸ਼ੇ ਨੂੰ ਸੇਹਤ ਅਤੇ ਦਿਮਾਗ ਵਾਸਤੇ ਵਿਨਾਸ਼ਕਾਰੀ ਦੱਸਦੇ ਹੋਏ ਨਸ਼ੇ ਦੀ ਆਦਤ ਤੋਂ ਦੇਸ਼ ਦੇ ਨੌਜਵਾਨਾਂ ਨੂੰ ਮੁਕਤ ਕਰਵਾਕੇ ਤੰਦਰੁਸਤ ਜੀਵਨ ਜਿਉਣ ਲਈ ਜ਼ੋਰ ਦਿੱਤਾ। ਨਿਰੋਗ ਅਤੇ ਖੁਸ਼ਹਾਲ ਸਮਾਜ ਦੀ ਸਿਰਜਨਾ ਲਈ ਨਸ਼ੇ ਰੂਪੀ ਕੋੜ ਦੇ ਖਾਤਮੇ ਦਾ ਵੀ ਸਾਹਨੀ ਨੇ ਸੱਦਾ ਦਿੱਤਾ।
ਸਟੇਜ ਸਕੱਤਰ ਦੀ ਸੇਵਾ ਦਿੱਲੀ ਕਮੇਟੀ ਦੇ ਸੀਨੀਅਰ ਮੈਂਬਰ ਕੁਲਮੋਹਨ ਸਿੰਘ ਵੱਲੋਂ ਬਾਖੁਬੀ ਨਿਭਾਈ ਗਈ। ਪੰਥ ਪ੍ਰਸਿੱਧ ਰਾਗੀ ਭਾਈ ਮਨਪ੍ਰੀਤ ਸਿੰਘ ਕਾਨਪੁਰੀ, ਭਾਈ ਤਜਿੰਦਰ ਸਿੰਘ ਖੱਨੇ ਵਾਲੇ, ਭਾਈ ਅਮਰਜੀਤ ਸਿੰਘ ਪਟਿਆਲੇ ਵਾਲੇ, ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ ਤੇ ਭਾਈ ਨਿਰਮਲ ਸਿੰਘ ਖਾਲਸਾ ਸਣੇ ਦਿੱਲੀ ਕਮੇਟੀ ਦੇ ਰਾਗੀ ਜਥਿਆਂ ਨੇ ਵੀ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਦਿੱਲੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਵਿੰਦਰ ਸਿੰਘ ਖੁਰਾਨਾ, ਧਰਮ ਪ੍ਰਚਾਰ ਮੁੱਖੀ ਪਰਮਜੀਤ ਸਿੰਘ ਰਾਣਾ, ਦਿੱਲੀ ਕਮੇਟੀ ਮੈਂਬਰ ਪਰਮਜੀਤ ਸਿੰਘ ਚੰਢੋਕ, ਅਮਰਜੀਤ ਸਿੰਘ ਪਿੰਕੀ ਅਤੇ ਇੰਦਰਜੀਤ ਸਿੰਘ ਮੌਂਟੀ ਵੀ ਮੌਜੂਦ ਸਨ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media