ਸਿੱਖਿਆ ਦੇ ਨਾਲ ਵਿਦਿਆਰਥੀ ਆਪਣੇ ਸੱਭਿਅਚਾਰ ਤੇ ਭਾਸ਼ਾ ਨਾਲ ਜੁੜਣਗੇ – ਡਾ. ਬਰਾੜ

ਅੰਮ੍ਰਿਤਸਰ, 22 ਮਾਰਚ (ਪ੍ਰੀਤਮ ਸਿੰਘ) – ਖਾਲਸਾ ਕਾਲਜ ਫਾਰ ਵੂਮੈਨ ਵਿਖੇ ਅੱਜ ਸਾਲਾਨਾ ਕਾਨਵੋਕੇਸ਼ਨ ਦੌਰਾਨ 1026 ਵਿਦਿਆਰਥਣਾਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ। ਇਸ ਕਾਨਵੋਕੇਸ਼ਨ ਦੇ ਪ੍ਰਧਾਨਗੀ ਭਾਸ਼ਣ ਦੌਰਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਅਜਾਇਬ ਸਿੰਘ ਬਰਾੜ ਨੇ ਸਿੱਖਿਆ ਦੇ ਨਾਲ ਵਿਦਿਆਰਥੀ ਆਪਣੇ ਸੱਭਿਆਚਾਰ ਤੇ ਭਾਸ਼ਾ ਨਾਲ ਜੁੜਨ। ਇਸ ਮੌਕੇ ਉਨ੍ਹਾਂ ਦੇ ਨਾਲ ਕਾਨਵੋਕੇਸ਼ਨ ਦੀ ਪ੍ਰਧਾਨਗੀ ਕਰਦੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਵਿਦਿਆਰਥਣਾਂ ਨੂੰ ਉਚ ਸਿੱਖਿਆ ਹਾਸਲ ਕਰਕੇ ਦੇਸ਼ ਸੇਵਾ ਲਈ ਅਰਪਿਤ ਹੋਣ ਦਾ ਸੱਦਾ ਦਿੱਤਾ।
ਕਾਨਵੋਕੇਸ਼ਨ ਦੌਰਾਨ ਗ੍ਰੈਜ਼ੂਏਟ, ਪ੍ਰਫੈਸ਼ਨਲ ਡਿਗਰੀਆਂ ਆਦਿ ਨਾਲ ਸਬੰਧਿਤ ਵਿਦਿਆਰਥਣਾਂ ਨੂੰ ਡਿਗਰੀਆਂ ਦੇਣ ਤੋਂ ਇਲਾਵਾ ਅਕਾਦਮਿਕ, ਖੇਡਾਂ ਅਤੇ ਸੱਭਿਆਚਾਰਕ ਮੁਕਾਬਲਿਆਂ ਵਿੱਚ ਅਵੱਲ ਰਹਿਣ ਵਾਲੀਆਂ ਵਿਦਿਆਰਥਣਾਂ ਨੂੰ ਤਮਗੇ ਦੇ ਕੇ ਨਿਵਾਜਿਆ ਗਿਆ। ਡਾ. ਬਰਾੜ ਨੇ ਆਪਣੇ ਭਾਸ਼ਣ ਵਿੱਚ ਕਿਹਾ ਕਿ ਅੱਜ ਮੁਕਾਬਲਾ ਵਿਸ਼ਵ ਪੱਧਰ ਦਾ ਅਤੇ ਸਹੀ ਵਿੱਦਿਆ ਹਾਸਲ ਕਰਕੇ ਵਿਦਿਆਰਥਣਾਂ ਉਚੇ ਮੁਕਾਮਾਂ ‘ਤੇ ਪਹੁੰਚ ਸਕਦੀਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਵਿੱਦਿਆ ਹਾਸਲ ਕਰਕੇ ਲੜਕੀਆਂ ਸਮਾਜ ਵਿੱਚ ਆਪਣਾ ਲੋੜੀਂਦਾ ਮਾਣ ਸਨਮਾਨ ਹਾਸਲ ਕਰ ਸਕਦੀਆਂ ਹਨ।
ਕਾਲਜ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਨੇ ਆਏ ਹੋਏ ਮੁੱਖ ਮਹਿਮਾਨਾਂ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਫ਼ੁੱਲਾਂ ਦੇ ਗੁਲਦਸਤੇ ਭੇਟ ਕੀਤੇ। ਸਮਾਗਮ ਦੀ ਸ਼ੁਰੂਆਤ ਵਿਦਿਆਰਥਣਾਂ ਦੁਆਰਾ ਸ਼ਬਦ ਗਾਇਨ ਕਰਕੇ ਕੀਤਾ ਗਿਆ। ਇਸ ਤੋਂ ਪਹਿਲਾਂ ਡਾ. ਮਾਹਲ ਨੇ ਕਾਲਜ ਦੀ ਸਾਲਾਨਾ ਰਿਪੋਰਟ ਪੇਸ਼ ਕਰਦਿਆਂ ਸੰਸਥਾ ਵੱਲੋਂ ਵੱਖ ਵੱਖ ਖੇਤਰਾਂ ਵਿੱਚ ਹਾਸਲ ਕੀਤੀਆਂ ਉਪਲਬੱਧੀਆਂ ਦਾ ਵਿਸਥਾਰ ਪੂਰਵਕ ਜ਼ਿਕਰ ਕੀਤਾ।
ਇਸ ਮੌਕੇ ਕੌਂਸਲ ਦੇ ਉਪ ਪ੍ਰਧਾਨ ਸ: ਚਰਨਜੀਤ ਸਿੰਘ ਚੱਢਾ, ਜੁਆਇੰਟ ਸਕੱਤਰ ਸ: ਅਜ਼ਮੇਰ ਸਿੰਘ ਹੇਰ, ਸ: ਸਰਦੂਲ ਸਿੰਘ ਮੰਨਣ, ਖ਼ਾਲਸਾ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਡਾ. ਸੁਰਿੰਦਰਪਾਲ ਕੌਰ ਢਿੱਲੋਂ, ਖ਼ਾਲਸਾ ਕਾਲਜ ਪਬਲਿਕ ਸਕੂਲ ਡਾ. ਸਰਵਜੀਤ ਕੌਰ ਬਰਾੜ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਪ੍ਰਿੰਸੀਪਲ ਸ੍ਰੀਮਤੀ ਦੇਵਿੰਦਰ ਕੌਰ ਸੰਧੂ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰ: ਤੇਜਿੰਦਰ ਕੌਰ ਬਿੰਦਰਾ ਤੋਂ ਇਲਾਵਾ ਸਮੂੰਹ ਸਟਾਫ਼ ਅਤੇ ਵੱਡੀ ਸੰਖਿਆਂ ਵਿੱਚ ਵਿਦਿਆਰਥੀ ਹਾਜ਼ਰ ਸਨ।
Punjab Post Daily Online Newspaper & Print Media