Friday, March 27, 2026

ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਨਮਾਨ

ਸਿੱਖ ਮਸਲਿਆਂ ਸਬੰਧੀ ਪ੍ਰਧਾਨ ਸ਼ੋ੍ਰਮਣੀ ਕਮੇਟੀ ਨੇ ਮੰਤਰੀ ਨੂੰ ਸੌਂਪਿਆ ਪੱਤਰ

ਸ. ਬਾਦਲ, ਹਰਸਿਮਰਤ ਬਾਦਲ, ਰਾਜਪਾਲ ਸੋਲੰਕੀ, ਕਮਲ ਸ਼ਰਮਾ ਤੇ ਵਿਜੈ ਸਾਂਪਲਾ ਵੀ ਪੁੱਜੇ

PPN2403201514
ਅੰਮ੍ਰਿਤਸਰ, 23 ਮਾਰਚ (ਗੁਰਪ੍ਰੀਤ ਸਿੰਘ) – ਦੇਸ਼ ਦੇ ਮਾਣਯੋਗ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਦਾਮੋਦਰ ਦਾਸ ਮੋਦੀ ਰੂਹਾਨੀਅਤ ਦੇ ਘਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੂਰੀ ਸ਼ਰਧਾ ਭਾਵਨਾ ਨਾਲ ਨਤਮਸਤਿਕ ਹੋਏ।ਉਨ੍ਹਾਂ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ, ਕੇਂਦਰੀ ਫੂਡ ਪੋ੍ਰਸੈਸਿੰਗ ਮੰਤਰੀ ਸ੍ਰੀ ਮਤੀ ਹਰਸਿਮਰਤ ਕੌਰ ਬਾਦਲ, ਪੰਜਾਬ ਦੇ ਰਾਜਪਾਲ ਕਪਤਾਨ ਸਿੰਘ ਸੋਲੰਕੀ, ਸ੍ਰੀ ਕਮਲ ਸ਼ਰਮਾ ਪ੍ਰਧਾਨ ਭਾਰਤੀ ਜਨਤਾ ਪਾਰਟੀ ਪੰਜਾਬ ਅਤੇ ਸਮਾਜਿਕ, ਨਿਆਂ ਤੇ ਰੋਜ਼ਗਾਰ ਮੰਤਰੀ ਸ੍ਰੀ ਵਿਜੈ ਸਾਂਪਲਾ ਆਦਿ ਮੌਜੂਦ ਸਨ।ਉਨ੍ਹਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸਿਰੋਪਾਓ ਭੇਟ ਕੀਤਾ।
ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼ੋ੍ਰਮਣੀ ਕਮੇਟੀ ਵੱਲੋਂ ਸ. ਪਰਕਾਸ਼ ਸਿੰਘ ਬਾਦਲ ਸਰਪ੍ਰਸਤ ਸ਼ੋ੍ਰਮਣੀ ਅਕਾਲੀ ਦਲ ਤੇ ਮੁੱਖ ਮੰਤਰੀ ਪੰਜਾਬ ਅਤੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਕਮੇਟੀ  ਨੇ ਮਾਣਯੋਗ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਦਾਮੋਦਰ ਦਾਸ ਮੋਦੀ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ, ਲੋਈ, ਸਿਰੋਪਾਓ ਤੇ ਇਤਿਹਾਸਕ ਕਿਤਾਬਾਂ ਦਾ ਸੈਟ ਦੇ ਕੇ ਸਨਮਾਨਿਤ ਕੀਤਾ।ਉਨ੍ਹਾਂ ਦੇ ਨਾਲ ਆਏ ਮੰਤਰੀ ਮੰਡਲ ਦੇ ਸਾਥੀਆਂ ਨੂੰ ਵੀ ਲੋਈ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਇਸ ਤੋਂ ਪਹਿਲਾ ਚੌਂਕ ਘੰਟਾ ਘਰ ਵਾਲੇ ਪਾਸੇ ਡਿਓੜੀ ਦੇ ਬਾਹਰ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਦਾਮੋਦਰ ਦਾਸ ਮੋਦੀ ਅਤੇ ਉਨ੍ਹਾਂ ਦੇ ਨਾਲ ਆਏ ਮੰਤਰੀ ਮੰਡਲ ਦੇ ਸਾਥੀ ਮੰਤਰੀਆਂ ਦਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਕਮੇਟੀ ਨੇ ਫੁੱਲਾਂ ਦਾ ਗੁਲਦਸਤਾ ਦੇ ਕੇ ਸਨਮਾਨਿਤ ਕੀਤਾ।ਇਸ ਸਮੇਂ ਸ.ਬਿਕਰਮ ਸਿੰਘ ਮਜੀਠੀਆ ਕੈਬਨਿਟ ਮੰਤਰੀ ਪੰਜਾਬ, ਸ. ਵਿਰਸਾ ਸਿੰਘ ਵਲਟੋਹਾ, ਸ. ਰਜਿੰਦਰ ਸਿੰਘ ਮਹਿਤਾ ਅੰਤ੍ਰਿੰਗ ਕਮੇਟੀ ਮੈਂਬਰ ਤੇ ਸ. ਦਲਮੇਘ ਸਿੰਘ ਸਕੱਤਰ ਵੀ ਨਾਲ ਮੌਜੂਦ ਸਨ।
ਇਸ ਮੌਕੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਕਮੇਟੀ ਨੇ ਮਾਣਯੋਗ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਦਾਮੋਦਰ ਦਾਸ ਮੋਦੀ ਨੂੰ ਮੰਗ ਪੱਤਰ ਸੌਂਪਦਿਆਂ ਕਿਹਾ ਕਿ ਜੂਨ 1984 ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਤੇ ਫੌਜੀ ਹਮਲੇ ਸਮੇਂ ਸਿੱਖ ਰੈਫਰੈਂਸ ਲਾਇਬ੍ਰੇਰੀ ਵਿੱਚੋਂ ਜ਼ਰੂਰੀ ਦਸਤਾਵੇਜ਼ ਅਤੇ ਹੋਰ ਅਹਿਮ ਸਮਾਨ ਜੋ ਫੌਜ ਆਪਣੇ ਨਾਲ ਲੈ ਗਈ ਸੀ ਉਹ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵਾਪਸ ਕੀਤਾ ਜਾਵੇ।ਇਸ ਦੇ ਨਾਲ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੋ ਹੁਣ ਪਾਕਿਸਤਾਨ ਵਿੱਚ ਹੈ ਦੇ ਦਰਸ਼ਨ ਦੀਦਾਰ ਕਰਨ ਲਈ ਲਾਂਘੇ ਦਾ ਪ੍ਰਬੰਧ ਕੀਤਾ ਜਾਵੇ।ਪੱਤਰ ਵਿੱਚ ਅੱਗੇ ਇਹ ਵੀ ਕਿਹਾ ਗਿਆ ਕਿ ਜਿਹੜੇ ਸਿੱਖ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ ਜੋ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਹਨ ਉਨ੍ਹਾਂ ਨੂੰ ਰਿਹਾਅ ਕੀਤਾ ਜਾਵੇ।ਉਨ੍ਹਾਂ ਹੋਰ ਕਿਹਾ ਕਿ ਵਿਦੇਸ਼ਾਂ ਵਿੱਚ ਵੱਸਦੇ ਸਿੱਖ ਭਾਈਚਾਰੇ ਨੂੰ ਦਸਤਾਰ ਤੇ ਕ੍ਰਿਪਾਨ ਪਹਿਨਣ ਸਮੇਂ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਗਲਤ ਪਹਿਚਾਣ ਕਰਕੇ ਸਿੱਖਾਂ ਉਪਰ ਹੋ ਰਹੇ ਹਮਲਿਆਂ ਸਬੰਧੀ ਵਿਦੇਸ਼ੀ ਸਰਕਾਰਾਂ ਨਾਲ ਸੰਪਰਕ ਕਰਕੇ ਹਮਲੇ ਰੋਕਣ ਸਬੰਧੀ ਠੋਸ ਕਾਰਵਾਈ ਅਤੇ ਸਿੱਖਾਂ ਦੇ ਧਾਰਮਿਕ ਚਿੰਨ੍ਹਾਂ ‘ਤੇ ਲੱਗੀ ਰੋਕ ਨੂੰ ਹਟਵਾਇਆ ਜਾਵੇ।ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਹਵਾਈ ਅੱਡੇ ਤੋਂ ਵਾਇਆ ਦਿੱਲੀ ਪਟਨਾ ਸਾਹਿਬ ਤੀਕ ਹਵਾਈ ਸੇਵਾ ਸ਼ੁਰੂ ਕੀਤੀ ਜਾਵੇ ਅਤੇ ਜੂਨ ਮਹੀਨੇ ਵਿੱਚ ਸ਼ੋ੍ਰਮਣੀ ਕਮੇਟੀ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ 350 ਸਾਲਾ ਸਥਾਪਨਾ ਦਿਵਸ ਮਨਾਉਣ ਸਬੰਧੀ ਮਦਦ ਕੀਤੀ ਜਾਵੇ।
ਇਸ ਮੌਕੇ ਭਾਈ ਰਾਮ ਸਿੰਘ ਤੇ ਭਾਈ ਮਨਜੀਤ ਸਿੰਘ ਮੈਂਬਰ ਸ਼ੋ੍ਰਮਣੀ ਕਮੇਟੀ, ਸ. ਗੁਰਬਚਨ ਸਿੰਘ ਮੁੱਖ ਸੂਚਨਾ ਅਧਿਕਾਰੀ, ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ, ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ, ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਬਿਅੰਤ ਸਿੰਘ ਅਨੰਦਪੁਰੀ, ਸੁਖਰਾਜ ਸਿੰਘ ਐਡੀਸ਼ਨਲ ਮੈਨੇਜਰ ਆਦਿ ਹਾਜ਼ਰ ਸਨ।

Check Also

ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …

Leave a Reply