Tuesday, February 3, 2026

ਫਾਜ਼ਿਲਕਾ ਨੂੰ ਵਿਕਾਸ ਪੱਖੋਂ ਨਮੂਨੇ ਦਾ ਜਿਲ੍ਹਾ ਬਣਾਇਆ ਜਾਵੇਗਾ – ਜਿਆਣੀ

ਸ਼ਹਿਰ ਦੀਆਂ ਸਾਰੀਆਂ ਸੜਕਾਂ ਹੋਣਗੀਆਂ ਸੀ.ਸੀ. ਫਲੋਰਿੰਗ, ਨਵਾਂ ਬਾਈਪਾਸ ਬਣੇਗਾ

PPN0904201513

ਫਾਜ਼ਿਲਕਾ, 9 ਅਪ੍ਰੈਲ (ਵਿਨੀਤ ਅਰੋੜਾ) – ਕੈਬਿਨੈਟ ਮੰਤਰੀ ਚੋ. ਸੁਰਜੀਤ ਕੁਮਾਰ ਜਿਆਣੀ ਵੱਲੋਂ ਫਾਜ਼ਿਲਕਾ ਸ਼ਹਿਰ ਅਤੇ ਜਿਲ੍ਹਾ ਵਾਸੀਆਂ ਨੂੰ ਮੁੱਢਲੇ ਢਾਂਚੇ ਦੇ ਵਿਕਾਸ, ਬਿਜਲੀ, ਸੀਵਰੇਜ ਤੇ ਵਾਟਰ ਸਪਲਾਈ, ਸੜਕਾਂ, ਸਿੱਖਿਆ ਆਦਿ ਸਬੰਧੀ ਸਹੂਲਤਾਂ ਵਿਚ ਵਾਧਾ ਕਰਨ ਅਤੇ ਨਵੀਆਂ ਯੋਜਨਾਂਵਾ ਉਲੀਕਣ ਲਈ ਡੀ.ਸੀ. ਦਫ਼ਤਰ ਮੀਟਿੰਗ ਹਾਲ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਜਿਸ ਵਿਚ ਡਿਪਟੀ ਕਮਿਸ਼ਨਰ ਸ. ਰਵਿੰਦਰ ਸਿੰਘ ਆਈ.ਏ.ਐਸ., ਕੈਪਟਨ ਮਨੀਸ਼ ਕੁਮਾਰ ਓ.ਐਸ.ਡੀ. ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ, ਸ. ਚਰਨਦੇਵ ਸਿੰਘ ਮਾਨ ਵਧੀਕ ਡਿਪਟੀ ਕਮਿਸ਼ਨਰ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਭਾਗ ਲਿਆ । ਮੀਟਿੰਗ ਨੂੰ ਸੰਬੋਧਨ ਕਰਦਿਆਂ ਕੈਬਿਨੈਟ ਮੰਤਰੀ ਚੋ. ਸੁਰਜੀਤ ਕੁਮਾਰ ਜਿਆਣੀ ਨੇ ਕਿਹਾ ਕਿ ਫਾਜ਼ਿਲਕਾ ਨੂੰ ਸੂਬੇ ਵਿਚ ਨਮੂਨੇ ਦਾ ਸ਼ਹਿਰ ਬਣਾਇਆ ਜਾਵੇਗਾ ਅਤੇ ਇੱਥੋਂ ਦੇ ਵਸਨੀਕਾਂ ਨੂੰ ਹਰ ਤਰ੍ਹਾਂ ਦੀਆਂ ਆਧੂਨਿਕ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ । ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਸ਼ਹਿਰ ਵਿੱਚੋਂ ਡੇਅਰੀਆਂ, ਮੀਟ ਸ਼ਾਪ, ਟਰੱਕ ਯੂਨੀਅਨ ਆਦਿ ਨੂੰ ਬਾਹਰ ਲੈ ਜਾਣ ਲਈ 15 ਦਿਨਾਂ ਦੇ ਅੰਦਰ ਅੰਦਰ ਪਲਾਨ ਤਿਆਰ ਕੀਤਾ ਜਾਵੇ । ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਸਾਰੀਆਂ ਸੜਕਾਂ ਤੇ ਬਜਾਰ ਸੀ.ਸੀ. ਫਲੋਰਿੰਗ ਨਾਲ ਬਨਣਗੇ ਅਤੇ ਸੀਵਰੇਜ ਸਮੱਸਿਆ ਦੇ ਪੱਕੇ ਹੱਲ ਲਈ ਨਗਰ ਕੌਂਸਲ ਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਪਲਾਨ ਤਿਆਰ ਕਰਕੇ ਰਿਪੋਰਟ ਦੇਣ ਦੀ ਹਦਾਇਤ ਕੀਤੀ ਗਈ ਹੈ । ਉਨ੍ਹਾਂ ਕਿਹਾ ਕਿ ਸ਼ਹਿਰ ਦੇ ਟਰੈਫਿਕ ਸਮੱਸਿਆ ਦੇ ਹੱਲ ਲਈ 5 ਕਰੋੜ 48 ਲੱਖ ਰੁਪਏ ਦੀ ਲਾਗਤ ਨਾਲ ਨਵਾਂ ਅਤਿ ਆਧੁਨਿਕ ਬੱਸ ਅੱਡੇ ਦੀ ਉਸਾਰੀ ਦਾ ਕੰਮ ਸ਼ੁਰੂ ਹੋ ਗਿਆ ਹੈ ਅਤੇ ਟਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਫਾਜ਼ਿਲਕਾ ਵਿਖੇ ਬਾਈਪਾਸ ਦਾ ਨਿਰਮਾਨ ਵੀ ਜਲਦੀ ਸ਼ੁਰੂ ਕਰਵਾਇਆ ਜਾਵੇਗਾ । ਇਸ ਤੋਂ ਇਲਾਵਾ ਸ਼ਹਿਰ ਨੂੰ ਨਿਰਵਿਘਨ ਬਿਜਲੀ ਸਪਲਾਈ ਲਈ ਸੈਣੀਆਂ ਰੋਡ ਤੇ 66 ਕੇ.ਵੀ. ਦਾ ਨਵਾਂ ਬਿਜਲੀ ਗਰਿਡ ਬਣ ਕੇ ਤਿਆਰ ਹੋ ਚੁੱਕਾ ਹੈ ।

     ਸ਼੍ਰੀ ਜਿਆਣੀ ਨੇ ਅੱਗੇ ਦੱਸਿਆ ਕਿ ਫਾਜ਼ਿਲਕਾ ਵਿਖੇ ਲੜਕੀਆਂ ਦੇ ਨਵੇਂ ਡਿਗਰੀ ਕਾਲਜ ਦਾ ਨਿਰਮਾਨ ਵੀ ਜਲਦ ਸ਼ੁਰੂ ਹੋਵੇਗਾ ਜਿਸ ਵਿਚ ਲੜਕੀਆਂ ਲਈ ਵਧੀਆ ਹੋਸਟਲ ਦਾ ਪ੍ਰਬੰਧ ਵੀ ਹੋਵੇਗਾ । ਇਸ ਤੋਂ ਇਲਾਵਾ ਸ਼ਹਿਰ ਵਿਚ ਹੀ ਕੰਮ ਕਾਜੀ ਔਰਤਾਂ ਅਤੇ ਪੜ੍ਹਣ ਵਾਲੀਆਂ ਲੜਕੀਆਂ ਲਈ ਵਧੀਆ ਹੋਸਟਲ ਦਾ ਨਿਰਮਾਨ ਵੀ ਕਰਵਾਈਆ ਜਾਵੇਗਾ । ਉਨ੍ਹਾਂ ਇਹ ਵੀ ਦੱਸਿਆ ਕਿ ਸ਼ਹਿਰ ਦੇ ਸੀਵਰੇਜ ਦੇ ਪਾਣੀ ਨੂੰ ਸਾਫ ਕਰਨ ਲਈ ਨਵਾਂ ਵਾਟਰ ਟਰੀਟਮੈਂਟ ਪਲਾਂਟ ਵੀ ਲਗਾਇਆ ਜਾਵੇਗਾ ਅਤੇ ਪੁਰਾਣੇ ਦੀ ਮੁਰੰਮਤ ਕੀਤੀ ਜਾਵੇਗੀ । ਉਨ੍ਹਾਂ ਇਹ ਵੀ ਦੱਸਿਆ ਕਿ ਫਾਜ਼ਿਲਕਾ ਵਿਖੇ ਸਰਕਟ ਹਾਊਸ ਦੀ ਉਸਾਰੀ ਵੀ ਜਲਦੀ ਸ਼ੁਰੂ ਹੋ ਜਾਵੇਗੀ । ਸ਼੍ਰੀ ਜਿਆਣੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਫਾਜ਼ਿਲਕਾ ਦੇ ਵਿਕਾਸ ਲਈ ਪੈਸੇ ਦੀ ਕੋਈ ਕਮੀ ਨਹੀ ਆਉਣ ਦਿੱਤੀ ਜਾਵੇਗੀ ਤੇ ਫਾਜ਼ਿਲਕਾ ਹਰ ਖੇਤਰ ਵਿਚ ਵਿਕਾਸ ਦੀਆਂ ਸਿਖਰਾਂ ਨੂੰ ਛੂਹੇਗਾ । ਉਨ੍ਹਾਂ ਕਿਹਾ ਕਿ ਸਾਰੇ ਵਿਕਾਸ ਕਾਰਜ 1 ਤੋਂ ਡੇਢ ਸਾਲ ਦੇ ਅੰਦਰ ਪੂਰੇ ਕਰ ਲਏ ਜਾਣਗੇ । ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ 15 ਦਿਨਾਂ ਦੇ ਅੰਦਰ ਅੰਦਰ ਸਾਰੇ ਕੰਮਾਂ ਸਬੰਧੀ ਰਿਪੋਰਟ ਤਿਆਰ ਕਰਕੇ ਦੇਣ ਤਾਂ ਜੋ ਇਨ੍ਹਾਂ ਵਿਕਾਸ ਕਾਰਜਾਂ ਦਾ ਕੰਮ ਜਲਦੀ ਤੋਂ ਜਲਦੀ ਸ਼ੁਰੂ ਕਰਵਾਇਆ ਜਾ ਸਕੇ ।
ਡਿਪਟੀ ਕਮਿਸ਼ਨਰ ਸ. ਰਵਿੰਦਰ ਸਿੰਘ ਨੇ ਸ਼੍ਰੀ ਜਿਆਣੀ ਨੂੰ ਵਿਸ਼ਵਾਸ਼ ਦਵਾਇਆ ਕਿ ਜਿਲ੍ਹਾ ਪ੍ਰਸ਼ਾਸਨ ਵੱਲੋਂ ਫਾਜ਼ਿਲਕਾ ਜਿਲ੍ਹੇ ਦੇ ਵਿਕਾਸ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾਵੇਗਾ । ਉਨ੍ਹਾਂ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਮੰਤਰੀ ਜੀ ਦੀਆਂ ਹਦਾਇਤਾਂ ਅਨੁਸਾਰ ਸ਼ਹਿਰ ਦੇ ਮਾਸਟਰ ਪਲਾਨ ਸਬੰਧੀ 15 ਦਿਨਾਂ ਦੇ ਅੰਦਰ ਅੰਦਰ ਰਿਪੋਰਟ ਦੇਣ । ਉੱਪ ਮੁੱਖ ਮੰਤਰੀ ਜੀ ਦੇ ਓ.ਐਸ. ਡੀ. ਸ਼੍ਰੀ ਮਨੀਸ਼ ਕੁਮਾਰ ਨੇ ਇਸ ਮੌਕੇ ਵਿਸ਼ਵਾਸ਼ ਦਵਾਇਆ ਕਿ ਫਾਜ਼ਿਲਕਾ ਦੇ ਵਿਕਾਸ ਲਈ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਵੱਲੋਂ ਹਰ ਤਰ੍ਹਾਂ ਦੀ ਵਿੱਤੀ ਮਦਦ ਪ੍ਰਦਾਨ ਕੀਤੀ ਜਾਵੇਗੀ ਤੇ ਇਨ੍ਹਾਂ ਕੰਮਾਂ ਲਈ ਫੰਡਾਂ ਦੀ ਕੋਈ ਕਮੀ ਨਹੀ ਆਉਣ ਦਿੱਤੀ ਜਾਵੇਗੀ । ਵਧੀਕ ਡਿਪਟੀ ਕਮਿਸ਼ਨਰ ਸ. ਚਰਨਦੇਵ ਸਿੰਘ ਮਾਨ ਨੇ ਵੀ ਸ਼ਹਿਰ ਦੇ ਵਿਕਾਸ ਸਬੰਧੀ ਆਪਣੇ ਸੁਝਾਅ ਰੱਖੇ ।
ਇਸ ਮੀਟਿੰਗ ਵਿਚ ਸ਼੍ਰੀ ਰਾਕੇਸ਼ ਧੂੜੀਆ ਪ੍ਰਧਾਨ ਕੌਂਸਲ ਫਾਜ਼ਿਲਕਾ, ਸ਼੍ਰੀ ਸੁਭਾਸ਼ ਖਟਕ ਐਸ.ਡੀ.ਐਮ. ਫਾਜ਼ਿਲਕਾ, ਸ. ਗੁਰਜੀਤ ਸਿੰਘ ਐਸ.ਡੀ.ਐਮ. ਜਲਾਲਾਬਾਦ, ਸ. ਕੁਲਪ੍ਰੀਤ ਸਿੰਘ ਸਹਾਇਕ ਕਮਿਸ਼ਨਰ, ਸ਼੍ਰੀ ਬਲਜੀਤ ਸਹੋਤਾ ਤੋ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜਰ ਸਨ ।

Check Also

ਨਗਰ ਨਿਗਮ ਵਲੋਂ ਸ਼ਹਿਰ ਦੇ ਪ੍ਰਮੁੱਖ ਖੇਤਰਾਂ ਵਿੱਚ ਵੱਡੇ ਪੱਧਰ ’ਤੇ ਐਂਟੀ-ਇੰਕਰੋਚਮੈਂਟ ਮੁਹਿੰਮ

ਅੰਮ੍ਰਿਤਸਰ, 30 ਜਨਵਰੀ (ਜਗਦੀਪ ਸਿੰਘ) – ਸ਼ਹਿਰ ਵਿੱਚ ਸੁਚਾਰੂ ਟ੍ਰੈਫਿਕ ਵਿਵਸਥਾ, ਲੋਕ ਸੁਵਿਧਾ, ਪੈਦਲ ਯਾਤਰੀਆਂ …

Leave a Reply