ਇਸ ਮੁਸ਼ਕਿਲ ਘੜੀ ਵਿਚ ਪੰਜਾਬ ਸਰਕਾਰ ਪੂਰੀ ਤਰ੍ਹਾਂ ਕਿਸਾਨਾਂ ਦੇ ਨਾਲ – ਬਾਦਲ

ਫ਼ਾਜ਼ਿਲਕਾ, 12 ਅਪ੍ਰੈਲ (ਵਿਨੀਤ ਅਰੋੜਾ)- ਮੁੱਖ ਮੰਤਰੀ ਸਰਦਾਰ ਪਰਕਾਸ਼ ਸਿੰਘ ਬਾਦਲ ਵੱਲੋਂ ਅੱਜ ਫ਼ਾਜ਼ਿਲਕਾ ਜਿਲ੍ਹੇ ਦੇ ਅਰਨੀਵਾਲਾ ਬਲਾਕ ਦੇ ਪਿੰਡ ਢਿੱਪਾਂ ਵਾਲੀ ਆਦਿ ਮੀਂਹ,ਸੇਮ ਅਤੇ ਗੜਿਆਂ ਤੋਂ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ ਅਤੇ ਪੀੜਿਤ ਕਿਸਾਨਾਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ । ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸ. ਰਵਿੰਦਰ ਸਿੰਘ, ਸ. ਜਸਕਿਰਨ ਸਿੰਘ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਸਮੇਤ ਵੱਡੀ ਗਿਣਤੀ ਵਿਚ ਅਧਿਕਾਰੀ ਹਾਜ਼ਰ ਸਨ ।
ਮੁੱਖ ਮੰਤਰੀ ਸ. ਪਰਕਾਸ ਸਿੰਘ ਬਾਦਲ ਨੇ ਮੀਂਹ, ਗੜਿਆਂ, ਹਨੇਰੀ ਅਤੇ ਸੇਮ ਤੋਂ ਪ੍ਰਭਾਵਿਤ ਕਿਸਾਨਾਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਤੇ ਕਿਹਾ ਕਿ ਇਸ ਮੁਸ਼ਕਿਲ ਦੀ ਘੜੀ ਵਿਚ ਪੰਜਾਬ ਸਰਕਾਰ ਪੂਰੀ ਤਰ੍ਹਾਂ ਕਿਸਾਨਾਂ ਦੇ ਨਾਲ ਹੈ । ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਆਦੇਸ਼ ਦਿੱਤੇ ਕਿ ਪ੍ਰਭਾਵਿਤ ਕਿਸਾਨਾਂ ਦੀਆਂ ਫ਼ਸਲਾਂ ਦੀ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇ ਤਾਂ ਜੋ ਉਨ੍ਹਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾ ਸਕੇ । ਇਲਾਕਾ ਨਿਵਾਸੀਆਂ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਸੇਮ ਦੀ ਮਾਰ ਅਤੇ ਛੱਪੜਾਂ ਦੇ ਓਵਰ ਫਲੋ ਹੋਣ ਕਾਰਨ ਉਨ੍ਹਾਂ ਦੀਆਂ ਫ਼ਸਲਾਂ ਦਾ ਵੱਡੀ ਪੱਧਰ ਤੇ ਨੁਕਸਾਨ ਹੋ ਰਿਹਾ ਹੈ । ਮੁੱਖ ਮੰਤਰੀ ਨੇ ਸਕੱਤਰ ਸਿੰਚਾਈ ਵਿਭਾਗ ਨੂੰ ਆਦੇਸ਼ ਦਿੱਤੇ ਕਿ ਉਹ ਸੇਮ, ਮੀਂਹ ਪ੍ਰਭਾਵਿਤ ਇਲਾਕਿਆਂ ਦਾ ਤੁਰੰਤ ਦੌਰਾ ਕਰਨ ਅਤੇ ਪ੍ਰਭਾਵਿਤ ਇਲਾਕਿਆਂ ਦੇ ਕਿਸਾਨਾਂ ਦੀ ਸਲਾਹ ਨਾਲ ਸੇਮ ਦੇ ਖ਼ਾਤਮੇ ਲਈ ਮਾਸਟਰ ਪਲਾਨ ਤਿਆਰ ਕਰਕੇ ਇਸ ਸਮੱਸਿਆ ਦਾ ਸਥਾਈ ਹੱਲ ਲੱਭਣ । ਮੁੱਖ ਮੰਤਰੀ ਨੇ ਵਿੱਤ ਕਮਿਸ਼ਨਰ ਮਾਲ ਨੂੰ ਵੀ ਆਦੇਸ਼ ਦਿੱਤੇ ਕਿ ਸੇਮ ਤੋਂ ਪ੍ਰਭਾਵਿਤ ਕਿਸਾਨਾਂ ਦੀ ਰਹਿੰਦੀ ਮੁਆਵਜ਼ਾ ਰਾਸੀ ਤੁਰੰਤ ਜਾਰੀ ਕੀਤੀ ਜਾਵੇ ਅਤੇ ਗੜਿਆਂ ਤੇ ਮੀਂਹ ਤੋਂ ਪ੍ਰਭਾਵਿਤ ਫ਼ਸਲਾਂ ਦੀ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇ । ਇਸ ਮੌਕੇ ਮੁੱਖ ਮੰਤਰੀ ਦੇ ਨਾਲ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ, ਸ. ਸਤਨਾਮ ਸਿੰਘ ਢਿੱਪਾਂਵਾਲੀ ਤੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਮੌਜੂਦ ਸਨ ।
Punjab Post Daily Online Newspaper & Print Media