
ਪਠਾਨਕੋਟ, 27 ਅਪ੍ਰੈਲ (ਪੱਤਰ ਪ੍ਰੇਰਕ) – ਸ਼੍ਰੀ ਐਸ.ਆਰ. ਲੱਧੜ ਆਈ.ਏ.ਐਸ ਡਾਇਰੈਕਟਰ ਕਮ ਸਕੱਤਰ ਉਦਯੋਗ ਤੇ ਕਾਮਰਸ ਵਿਭਾਗ ਪੰਜਾਬ ਨੇ ਅੱਜ ਜ਼ਿਲ੍ਹਾ ਪਠਾਨਕੋਟ ਦੀ ਕਾਨਵਾਂ ਅਤੇ ਤਾਰਾਗੜ੍ਹ ਮੰਡੀ ਦਾ ਦੌਰਾ ਕੀਤਾ ਅਤੇ ਕਣਕ ਦੀ ਖਰੀਦ ਸਬੰਧੀ ਕੀਤੇ ਗਏ ਪ੍ਰਬੰਧਾਂ ਦਾ ਜਾਇਜਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਸ਼੍ਰੀ ਲੱਧੜ ਨੇ ਵੱਖ ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਨਿਰਧਾਰਤ ਮਾਪਦੰਡਾਂ ਅਨੁਸਾਰ ਕਣਕ ਦੀ ਖਰੀਦ ਕਰਨ। ਉਨ੍ਹਾਂ ਕਿਹਾ ਕਿ ਬੇਮੌਸਮੀ ਬਰਸਾਤ ਕਾਰਨ ਕਣਕ ਦੀ ਫਸਲ ਦੇ ਬਦਰੰਗ ਹੋਣ, ਦਾਣਾ ਸੁੰਗੜ ਜਾਣ, ਟੋਟਾ ਅਤੇ ਨਮੀ ਦੇ ਨਿਰਧਾਰਤ ਮਾਪਦੰਡਾਂ ਵਿੱਚ ਹੋਰ ਛੋਟ ਲੈਣ ਲਈ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਕੋਲ ਅਸਰਦਾਰ ਢੰਗ ਨਾਲ ਮਸਲਾ ਉਠਾਇਆ ਗਿਆ। ਜਿਸ ਸਬੰਧੀ ਆਉਂਦੇ ਇੱਕ ਦੋ ਦਿਨਾਂ ਵਿੱਚ ਨਿਰਧਾਰਤ ਮਾਪਦੰਡਾਂ ਵਿੱਚ ਹੋਰ ਨਰਮੀ ਦੇ ਫੈਸਲੇ ਦੀ ਉਮੀਦ ਹੈ ਅਤੇ ਮੰਡੀਆਂ ਵਿੱਚ ਆਈ ਸਾਰੀ ਕਣਕ ਦੀ ਫਸਲ ਨੂੰ ਖਰੀਦ ਏਜੰਸੀਆਂ ਵੱਲੋਂ ਖਰੀਦ ਲਿਆ ਜਾਵੇਗਾ। ਉਨ੍ਹਾਂ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਕਣਕ ਸਾਫ਼ ਅਤੇ ਸੁੱਕਾ ਕੇ ਲਿਆਉਣ। ਉਨ੍ਹਾਂ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਕਿਹਾ ਕਿ ਉਹ ਕਣਕ ਦੀ ਸਫ਼ਾਈ ਨੂੰ ਯਕੀਨੀ ਬਣਾਉਣ ਅਤੇ ਪੱਖਾ ਚੰਗੀ ਤਰ੍ਹਾ ਲਗਵਾਉਣ ਤਾਂ ਜੋ ਕਿਸਾਨ ਨੂੰ ਆਪਣੀ ਕਣਕ ਵੇਚਣ ਅਤੇ ਏਜੰਸੀਆਂ ਨੂੰ ਖਰੀਦ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਇਸ ਮੌਕੇ ਸ਼੍ਰੀ ਲੱਧੜ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ। ਉਨ੍ਹਾਂ ਨੇ ਨਿਰਧਾਰਤ ਮਾਪਦੰਡਾਂ ਵਿੱਚ ਆਉਂਦੀ ਕਣਕ ਦੀਆਂ ਢੇਰੀਆਂ ਦੀ ਮੌਕੇ ‘ਤੇ ਹੀ ਖਰੀਦ ਵੀ ਕਰਵਾਈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 26 ਅਪ੍ਰੈਲ ਤੱਕ 1165 ਮੀਟਰਿਕ ਟਨ ਕਣਕ ਵੱਖ ਵੱਖ ਮੰਡੀਆਂ ਵਿੱਚ ਆਈ ਸੀ। ਜਿਸ ਵਿੱਚੋਂ ਪਨਗ੍ਰੇਨ ਨੇ 98 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਖਰੀਦ ਏਜੰਸੀ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਜਿਹੜੀ ਕਣਕ ਨਿਰਧਾਰਤ ਮਾਪਦੰਡਾਂ ਵਿੱਚ ਆਉਂਦੀ ਹੈ, ਉਸ ਦੀ ਤੁਰੰਤ ਖਰੀਦ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਹਨ ਅਤੇ ਬਾਰਦਾਨੇ ਦੀ ਵੀ ਕੋਈ ਕਮੀ ਨਹੀਂ ਹੈ। ਇਸ ਮੌੇਕੇ ਹੋਰਨਾਂ ਤੋਂ ਇਲਾਵਾ ਸਰਵਸ਼੍ਰੀ, ਅਮਿਤ ਮਹਾਜਨ ਐਸ.ਡੀ.ਐਮ ਪਠਾਨਕੋਟ, ਮੰਗਲ ਦਾਸ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ, ਹਰਵਿੰਦਰ ਸਿੰਘ ਜ਼ਿਲ੍ਹਾ ਮੰਡੀ ਅਫ਼ਸਰ, ਦਿਨੇਸ਼ ਤ੍ਰਿਪਾਠੀ ਜ਼ਿਲ੍ਹਾ ਮੈਨੇਜਰ ਐਫ.ਸੀ.ਆਈ., ਡਾ. ਕੇਵਲ ਕ੍ਰਿਸ਼ਨ ਸਹਾਇਕ ਮੈਨੇਜਰ ਪੰਜਾਬ ਰਾਜ ਵੇਅਰਹਾਉਸਿੰਗ ਕਾਰਪੋਰੇਸ਼ਨ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ
ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …
Punjab Post Daily Online Newspaper & Print Media