ਪਠਾਨਕੋਟ, 2 ਮਈ (ਪ.ਪ) – ਜ਼ਿਲ੍ਹੇ ਅੰਦਰ ਵੱਖ ਵੱਖ ਮੰਡੀਆਂ ਵਿੱਚ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦ ਕੀਤੀ ਗਈ ਕਣਕ ਦੀ 84 ਲੱਖ ਰੁਪਏ ਦੀ ਅਦਾਇਗੀ ਕਿਸਾਨਾਂ ਨੂੰ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਅੱਜ ਆਪਣੀ ਰਿਹਾਇਸ਼ ਵਿਖੇ ਕਣਕ ਦੀ ਖਰੀਦ ਸਬੰਧੀ ਵੱਖ ਵੱਖ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਵਸ਼੍ਰੀ ਅਮਿਤ ਮਹਾਜਨ ਐਸ.ਡੀ.ਐਮ. ਪਠਾਨਕੋਟ, ਮੰਗਲ ਦਾਸ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਅਤੇ ਵੱਖ ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਜ਼ਿਲ੍ਹੇ ਅੰਦਰ 1 ਮਈ, 2015 ਤੱਕ ਵੱਖ ਵੱਖ ਮੰਡੀਆਂ ਵਿੱਚ 5872 ਮੀਟਰਿਕ ਟਨ ਕਣਕ ਦੀ ਆਮਦ ਹੋਈ। ਜਿਸ ਵਿਚੋਂ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ 4177 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੀ ਗਈ ਕਣਕ ਵਿਚੋਂ ਪਨਗ੍ਰੇਨ ਨੇ 2385 ਮੀਟਰਿਕ ਟਨ, ਐਫ.ਸੀ.ਆਈ. ਨੇ 885 ਮੀਟਰਿਕ ਟਨ, ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਨੇ 604 ਮੀਟਰਿਕ ਟਨ, ਪਨਸਪ 173 ਮੀਟਰਿਕ ਟਨ ਅਤੇ ਮਾਰਕਫੈਡ ਨੇ 130 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੀ ਗਈ ਕਣਕ ਵਿਚੋਂ 632 ਮੀਟਰਿਕ ਟਨ ਕਣਕ ਦੀ ਚੁਕਾਈ ਕਰ ਦਿੱਤੀ ਗਈ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਖਰੀਦ ਕੀਤੀ ਗਈ ਕਣਕ ਦੀ ਚੁਕਾਈ 48 ਘੰਟਿਆਂ ਵਿੱਚ ਕਰਨ ਅਤੇ ਕਿਸਾਨਾਂ ਨੂੰ ਅਦਾਇਗੀ ਵੀ ਨਾਲੋਂ ਨਾਲ ਕਰਨ ਨੂੰ ਯਕੀਨੀ ਬਣਾਉਣ।
Punjab Post Daily Online Newspaper & Print Media