ਬਟਾਲਾ, 6 ਮਈ (ਨਰਿੰਦਰ ਬਰਨਾਲ) – ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਰਾਜ ਸਰਕਾਰ ਵੱਲੋਂ ਵੱਖ-ਵੱਖ ਯੋਜਨਾਵਾਂ ਚਲਾ ਕੇ ਇਨ੍ਹਾਂ ਕਮਜੋਰ ਵਰਗਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਯਤਨ ਕੀਤੇ ਜਾ ਰਹੇ ਹਨ। ਸੂਬਾ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗਾਂ ਦੀ ਭਲਾਈ ਲਈ ਸਾਲ 2014-15 ਦੌਰਾਨ 819 ਕਰੋੜ ਰੁਪਏ ਖਰਚ ਕੀਤੇ ਗਏ ਹਨ। ਇਹ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਮੁੱਖ ਸੰਸਦੀ ਸਕੱਤਰ ਸ. ਦੇਸਰਾਜ ਸਿੰਘ ਧੁੱਗਾ ਨੇ ਦੱਸਿਆ ਕਿ ਰਾਜ ਸਰਕਾਰ ਵੱਲੋਂ 278 ਕਰੋੜ ਰੁਪਏ ਘੱਟ ਗਿਣਤੀ ਵਰਗਾਂ ਲਈ ਬਹੁ-ਖੇਤਰੀ ਵਿਕਾਸ ਪ੍ਰੋਗਰਾਮ, ਜਿਸ ਵਿਚ ਘੱਟ ਗਿਣਤੀ ਵਿਦਿਆਰਥੀਆਂ ਦੇ ਵਜ਼ੀਫੇ ਅਤੇ ਘੱਟ ਗਿਣਤੀ ਕੇਂਦਰਿਤ ਬਲਾਕਾਂ ਦੇ ਬੁਨਿਆਦੀ ਢਾਂਚੇ ਦਾ ਵਿਕਾਸ ਸ਼ਾਮਲ ਹੈ ਉੱਪਰ ਖਰਚੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ 255 ਕਰੋੜ ਰੁਪਏ ਅਨੁਸੂਚਿਤ ਜਾਤੀਆਂ ਦੇ ਵਿਕਾਸ ਅਤੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਵਜ਼ੀਫੇ ਲਈ ਖਰਚੇ ਜਾ ਰਹੇ ਹਨ।
ਮੁੱਖ ਸੰਸਦੀ ਸਕੱਤਰ ਸ੍ਰੀ ਦੇਸਰਾਜ ਸਿੰਘ ਧੁੱਗਾ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 75.40 ਕਰੋੜ ਰੁਪਏ ਪਛੜੀਆਂ ਸ਼੍ਰੇਣੀਆਂ ਦੇ ਵਿਕਾਸ ਲਈ ਖਰਚੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਐਸ.ਸੀ./ਬੀ.ਸੀ/ਈਸਾਈ ਲੜਕੀਆਂ ਨੂੰ ਵਿਆਹ ਸਮੇਂ ਪ੍ਰਤੀ ਲਾਭਪਾਤਰੀ 15000/-ਰੁਪਏ ਸ਼ਗਨ ਦਿੱਤਾ ਜਾ ਰਿਹਾ ਹੈ ਅਤੇ ਸਾਲ 2014-15 ਦੌਰਾਨ 90 ਕਰੋੜ ਰੁਪਏ ਸ਼ਗਨ ਸਕੀਮ ‘ਤੇ ਖਰਚੇ ਗਏ ਹਨ। ਇਸ ਤੋਂ ਇਲਾਵਾ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਦੇ ਪਿੰਡਾਂ ਵਿਚ ਬੁਨਿਆਦੀ ਢਾਂਚੇ ਦੇ ਵਿਕਾਸ ਲਈ 50 ਕਰੋੜ ਰੁਪਏ ਖਰਚੇ ਜਾ ਰਹੇ ਹਨ। ਸ. ਧੁੱਗਾ ਨੇ ਕਿਹਾ ਕਿ ਅਨਸੂਚਿਤ ਜਾਤੀ ਦੇ ਪਰਿਵਾਰਾਂ ਨੂੰ ਸੂਬਾ ਸਰਕਾਰ ਵੱਲੋਂ 200 ਯੂਨਿਟ ਪ੍ਰਤੀ ਮਹੀਨਾ ਮੁਫਤ ਬਿਜਲੀ ਦਿੱਤੀ ਜਾ ਰਹੀ ਹੈ ਜੋ ਕਿ ਅਨਸੂਚਿਤ ਜਾਤੀਆਂ ਲਈ ਇੱਕ ਹੋਰ ਵੱਡੀ ਰਾਹਤ ਹੈ।
ਸ. ਦੇਸਰਾਜ ਸਿੰਘ ਧੁੱਗਾ ਨੇ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ ਜਿਥੇ ਪਿਛਲੇ 8 ਸਾਲ ਤੋਂ ਗਰੀਬ ਲੋਕਾਂ ਨੂੰ ਸਸਤਾ ਆਟਾ-ਦਾਲ ਦੇਣ ਦੀ ਯੋਜਨਾ ਪੂਰੀ ਸਫਲਤਾ ਨਾਲ ਚੱਲ ਰਹੀ ਹੈ, ਜਿਸ ਤਹਿਤ ਕਰੀਬ 30 ਲੱਖ ਪਰਿਵਾਰਾਂ ਦਾ ਪੇਟ ਭਰਿਆ ਜਾ ਰਿਹਾ ਹੈ। ਸ. ਧੁੱਗਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨੀਲਾ ਕਾਰਡ ਧਾਰਕਾਂ ਨੂੰ ਸਸਤਾ ਆਟਾ-ਦਾਲ ਦੇਣ ਦੇ ਨਾਲ ਉਨ੍ਹਾਂ ਲਈ ਮੁਫਤ ਇਲਾਜ ਸਹੂਲਤ ਵੀ ਸ਼ੁਰੂ ਕੀਤੀ ਹੈ ਜਿਸ ਤਹਿਤ ਨੀਲਾ ਕਾਰਡ ਧਾਰਕ ਪਰਿਵਾਰ ਦਾ ਭਗਤ ਪੂਰਨ ਸਿੰਘ ਸਿਹਤ ਬੀਮਾਂ ਯੋਜਨਾ ਤਹਿਤ ਮੁਫਤ ਇਲਾਜ ਕੀਤਾ ਜਾਂਦਾ ਹੈ।
Punjab Post Daily Online Newspaper & Print Media