ਸੰਭਾਵਿਤ ਹੜ੍ਹਾਂ ਦੀ ਸਥਿਤੀ ਨਾਲ ਨਿਪਟਣ ਲਈ 22 ਮੈਡੀਕਲ ਟੀਮਾਂ ਦਾ ਗਠਨ ਕੀਤਾ ਗਿਆ
ਫਾਜ਼ਿਲਕਾ, 5 ਜੁਲਾਈ ( ਵਨੀਤ ਅਰੋੜਾ) – ਜ਼ਿਲ੍ਹੇ ਵਿਚ ਸੰਭਾਵਿਤ ਹੜ੍ਹਾਂ ਤੋਂ ਬਚਾਓ ਦੀਆਂ ਤਿਆਰੀਆਂ ਸਬੰਧੀ ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਡਿਪਟੀ ਕਮਿਸ਼ਨਰ ਸ. ਰਵਿੰਦਰ ਸਿੰਘ ਆਈ.ਏ.ਐਸ. ਦੀ ਪ੍ਰਧਾਗਨਗੀ ਵਿਚ ਹੋਈ। ਮੀਟਿੰਗ ਵਿਚ ਸਿਹਤ ਵਿਭਾਗ ਦੇ ਜ਼ਿਲ੍ਹੇ ਦੇ ਸਮੂਹ ਅਧਿਕਾਰੀ ਹਾਜਰ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਸ. ਰਵਿੰਦਰ ਸਿੰਘ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਜ਼ਿਲ੍ਹੇ ਵਿਚ ਸੰਭਾਵਿਤ ਹੜ੍ਹਾਂ ਦੌਰਾਨ ਲੋਕਾਂ ਨੂੰ ਸਿਹਤ ਸਬੰਧੀ ਸਹੂਲਤਾਂ ਪ੍ਰਦਾਨ ਕਰਨ ਲਈ ਪ੍ਰਬੰਧ ਮੁਕੰਮਲ ਕਰ ਲਏ ਜਾਣ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਹੜ੍ਹਾਂ ਦੀ ਸਥਿਤੀ ਦੌਰਾਨ ਕਿਸੇ ਵੀ ਅਣਸੁਖਾਂਵੀ ਘਟਨਾ ਨਾਲ ਨਜਿੱਠਣ ਲਈ ਮੈਡੀਕਲ ਟੀਮਾਂ ਦਾ ਗਠਨ ਕੀਤਾ ਜਾਵੇ। ਇਹ ਟੀਮਾਂ ਪਿੰਡਾਂ ਵਿਚ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨਗੀਆਂ। ਉਨ੍ਹਾਂ ਕਿਹਾ ਕਿ ਹੜ੍ਹਾਂ ਦੌਰਾਨ ਲੋਕਾਂ ਨੂੰ ਕਲੋਰੀਨ ਦੀਆਂ ਗੋਲੀਆਂ ਦੀ ਵੰਡ ਕਰਨ ਤੋਂ ਇਲਾਵਾ ਲੋਕਾਂ ਨੂੰ ਕਲੋਰਾਈਡ ਯੁਕਤ ਸਾਫ਼ ਪਾਣੀ ਪੀਣ ਦੀ ਸਲਾਹ ਦਿੱਤੀ ਜਾਵੇ। ਅਤੇ ਮੱਛਰ ਅਤੇ ਮਲੇਰੀਆ ਤੋਂ ਬਚਾਓ ਲਈ ਪ੍ਰਭਾਵਿਤ ਇਲਾਕਿਆਂ ਲਈ ਫੋਗਿੰਗ ਮਸ਼ੀਨਾਂ ਦਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਹੜ੍ਹਾਂ ਦੇ ਖੜ੍ਹੇ ਪਾਣੀ ਤੋਂ ਮਲੇਰੀਆ ਜਾਂ ਹੋਰ ਬਿਮਾਰੀ ਫੈਲਣ ਦਾ ਖਤਰਾ ਨਾ ਬਣੇ। ਉਨ੍ਹਾਂ ਨਾਲ ਹੀ ਕਿਹਾ ਜ਼ਿਲ੍ਹੇ ਦੇ ਸਭ ਤੋਂ ਵੱਧ ਸੰਭਾਵਿਤ ਹੜ੍ਹਾਂ ਵਾਲੇ ਪਿੰਡਾਂ ਵਿਚ ਰੂਰਲ ਮੈਡੀਕਲ ਅਫ਼ਸਰ ਦੀ ਸਹਾਇਤਾ ਨਾਲ ਸਿਹਤ ਕਮੇਟੀਆਂ ਦਾ ਗਠਨ ਕੀਤਾ ਜਾਵੇ ਤਾਂ ਕਿ ਲੋਕਾਂ ਨੂੰ ਹੜ੍ਹਾਂ ਦੀ ਸਥਿਤੀ ਨਾਲ ਨਿਪਟਣ ਲਈ ਮੁਢੱਲੀ ਸਹਾਇਤਾ ਸਬੰਧੀ ਜਾਣਕਾਰੀ ਦਿੱਤੀ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦੇ ਵੱਖ ਵੱਖ ਬਲਾਕਾਂ ਫਾਜ਼ਿਲਕਾ, ਅਬੋਹਰ, ਜਲਾਲਾਬਾਦ ਅਤੇ ਬੱਲੂਆਣਾ ਹਲਕਿਆਂ ਵਿਚ ਸਲੱਮ ਖੇਤਰਾਂ ਵਿਚ ਐਸ.ਐਮ.ਓ ਵੱਲੋਂ ਲੋਕਾਂ ਨਾਲ ਮੀਟਿੰਗਾਂ ਕਰਕੇ ਲੋਕਾਂ ਨੂੰ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਉਹ ਆਪਣੇ ਪੱਧਰ ਤੇ ਵੀ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਸੰਭਾਵਿਤ ਹੜ੍ਹ ਖੇਤਰਾਂ ਦਾ ਦੌਰਾ ਕਰਨਗੇ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਰੂਰਲ ਮੈਡੀਕਲ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਸਿਹਤ ਵਿਭਾਗ ਦੇ ਚੱਲ ਰਹੇ ਸਾਰੇ ਨੈਸ਼ਨਲ ਪ੍ਰੋਗਰਾਮਾਂ ਵਿਚ ਸਹਿਯੋਗ ਦੇਣ।
ਇਸ ਮੌਕੇ ਸਿਵਲ ਸਰਜਨ ਡਾ. ਵਾਈ. ਕੇ. ਗੁਪਤਾ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਹੜ੍ਹਾਂ ਦੀ ਸਥਿਤੀ ਨਾਲ ਨਿਪਟਣ ਲਈ 22 ਮੈਡੀਕਲ ਟੀਮਾਂ ਦਾ ਗਠਨ ਕੀਤਾ ਜਾ ਚੁੱਕਿਆ ਹੈ ਜਿੰਨ੍ਹਾਂ ਨੂੰ ਲੋੜ ਪੈਣ ਤੇ ਕਿਸੇ ਵੀ ਖੇਤਰ ਵਿਚ ਭੇਜਿਆ ਜਾ ਸਕਦਾ ਹੈ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿਚ ਓ.ਆਰ.ਐਸ. ਦੇ ਪੈਕੇਟ ਅਤੇ ਕਲੋਰੀਨ ਦੀਆਂ ਗੋਲੀਆਂ ਪਹੁੰਚਾ ਦਿੱਤੀਆਂ ਗਈਆਂ ਹਨ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀ ਸੁਮਿਤ ਜਾਰੰਗਲ, ਐਸ.ਡੀ.ਐਮ ਸ਼੍ਰੀ ਸੁਭਾਸ਼ ਖੱਟਕ, ਨੋਡਲ ਅਫ਼ਸਰ ਡਾ. ਰਾਜੇਸ਼ ਸ਼ਰਮਾ, ਜ਼ਿਲ੍ਹਾ ਐਪੀਡੀਮਾਲੋਜਿਸਟ ਡਾ. ਯੁਵਰਾਜ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਲਾਲ ਚੰਦ ਅਤੇ ਸਮੂਹ ਐਸ.ਐਮ.ਓ ਤੋਂ ਇਲਾਵਾ ਆਰਐਮਓ ਹਾਜਰ ਸਨ।
Punjab Post Daily Online Newspaper & Print Media
