Tuesday, February 3, 2026

ਏੇ.ਡੀ.ਸੀ ਦੀ ਪ੍ਰਧਾਨਗੀ ਵਿਚ ਅਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਸਭਿਆਚਾਰਕ ਪ੍ਰੋਗਰਾਮ ਤੇ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਹੋਣਗੀਆਂ ਖਿੱਚ ਦਾ ਕੇਂਦਰ – ਮਾਨ

PPN2307201507

ਫਾਜ਼ਿਲਕਾ, 23 ਜੁਲਾਈ (ਵਿਨੀਤ ਅਰੋੜਾ) – 15 ਅਗਸਤ ਅਜ਼ਾਦੀ ਦਿਵਸ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪੂਰੀ ਸ਼ਰਧਾ,ਉਤਸ਼ਾਹ ਅਤੇ ਦੇਸ਼ ਭਗਤੀ ਦੇ ਜ਼ਜਬੇ ਨਾਲ ਮਨਾਇਆ ਜਾਵੇਗਾ ਅਤੇ ਇਹ ਸਮਾਗਮ ਨਵੀਂ ਅਨਾਜ ਮੰਡੀ ਫਾਜਿਲਕਾ ਵਿਖੇ ਆਯੋਜਿਤ ਕੀਤਾ ਜਾਵੇਗਾ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਸ. ਚਰਨਦੇਵ ਸਿੰਘ ਮਾਨ ਨੇ ਦਿੱਤੀ ।
ਵਧੀਕ ਡਿਪਟੀ ਕਮਿਸ਼ਨਰ ਸ. ਮਾਨ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਅਜ਼ਾਦੀ ਦਿਵਸ ਦੇ ਮੌਕੇ ਤੇ ਕੀਤੇ ਜਾਣ ਵਾਲੇ ਸਮਾਗਮ ਵਿਚ ਸੌਂਪੇਂ ਗਏ ਕੰਮ ਨੂੰ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣ। ਉਨ੍ਹਾ ਦੱਸਿਆ ਕਿ ਅਜ਼ਾਦੀ ਦਿਵਸ ਦੇ ਸਮਾਰੋਹ ਵਿਚ ਪੰਜਾਬ ਪੁਲਿਸ ਅਤੇ ਅਰਧ-ਸੈਨਿਕ ਬਲ, ਸਕਾਉਟ ਐਂਡ ਗਾਈਡ ਅਤੇ ਐਨ.ਸੀ.ਸੀ ਕੈਡਿੱਟਾ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ ਅਤੇ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਦੇਸ਼ ਭਗਤੀ ਨੂੰ ਦਰਸ਼ਾਉਦਾਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ ਅਤੇ ਵੱਖ-ਵੱਖ ਵਿਭਾਗਾਂ ਵਲੋਂ ਕੀਤੀ ਗਈ ਪ੍ਰਗਤੀ ਨੂੰ ਦਰਸਾਉਂਦੀਆਂ ਝਾਕੀਆਂ ਵੀ ਕੱਢੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ 13 ਅਗਸਤ ਨੂੰ ਨਵੀਂ ਅਨਾਜ ਮੰਡੀ ਫਾਜਿਲਕਾ ਵਿਖੇ ਫੁੱਲ ਡਰੈਸ ਰਿਹਰਸਲ ਕੀਤੀ ਜਾਵੇਗੀ ਅਤੇ ਅਜ਼ਾਦੀ ਦਿਵਸ ਦੇ ਮੌਕੇ ਤੇ ਸੁਤੰਤਰਤਾ ਸੰਗਰਾਮੀਆਂ, ਖੇਡਾਂ, ਸਿੱਖਿਆ ਤੇ ਹੋਰ ਖੇਤਰਾਂ ਵਿਚ ਵਿਸ਼ੇਸ਼ ਪ੍ਰਾਪਤੀਆਂ ਕਰਨ ਵਾਲਿਆਂ ਤੋ ਇਲਾਵਾ ਮਿਹਨਤ, ਲਗਨ ਨਾਲ ਅਤੇ ਉਚ ਪ੍ਰਾਪਤੀਆਂ ਕਰਨ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਇਸ ਸਬੰਧੀ ਅਰਜੀਆਂ 10 ਅਗਸਤ ਤੱਕ ਡਿਪਟੀ ਕਮਿਸ਼ਨਰ ਦਫਤਰ ਵਿਚ ਜਮ੍ਹਾਂ ਕਰਵਾਈਆਂ ਜਾਣ ਤਾਂ ਜੋ ਇਸ ਤੇ ਕਾਰਵਾਈ ਕੀਤੀ ਜਾ ਸਕੇ ।
ਵਧੀਕ ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਰਾਸ਼ਟਰੀ ਝੰਡਾ ਲਹਿਰਾਉਣ ਤੋਂ ਪਹਿਲਾਂ ਮੁੱਖ ਮਹਿਮਾਨ ਅੰਤਰ ਰਾਸ਼ਟਰੀ ਸਰਹੱਦ ਤੇ ਸਥਿਤ ਆਸਫਵਾਲਾ ਵਿਖੇ ਸ਼ਹੀਦਾਂ ਦੀ ਸਮਾਧ ਵਿਖੇ ਸ਼ਰਧਾ ਦੇ ਫੁੱਲ ਭੇਟ ਕਰਨਗੇ । ਇਸ ਲਈ ਸ਼ਹੀਦਾਂ ਦੀ ਸਮਾਧ ਆਸਫ਼ਵਾਲਾ ਨੂੰ ਵੀ ਵਧੀਆ ਤਰੀਕੇ ਨਾਲ ਸਜਾਇਆ ਜਾਵੇ।ਉਨ੍ਹਾਂ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਗਮ ਵਾਲੀ ਥਾਂ ਤੇ ਸਾਫ਼ ਸਫ਼ਾਈ ਦਾ ਪ੍ਰਬੰਧ ਕੀਤਾ ਜਾਵੇ। ਇਸ ਤੋਂ ਇਲਾਵਾ ਪੀਣ ਵਾਲੇ ਪਾਣੀ ਅਤੇ ਛਾਂ ਦੇ ਪ੍ਰਬੰਧਾਂ ਤੋ ਇਲਾਵਾ ਬਿਜਲੀ ਆਦਿ ਦੇ ਪ੍ਰਬੰਧ ਵੀ ਚੰਗੇ ਤਰੀਕੇ ਨਾਲ ਕੀਤੇ ਜਾਣ ਤਾਂ ਕਿ ਕਿਸੇ ਵੀ ਕਿਸਮ ਦੀ ਕੋਈ ਦਿੱਕਤ ਨਾ ਆਵੇ। ਉਨ੍ਹਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਅਜਾਦੀ ਸਮਾਰੋਹ ਵਿਚ ਆਉਣ ਵਾਲੇ ਲੋਕਾਂ ਅਤੇ ਵੀ.ਆਈ.ਪੀ. ਲਈ ਵਿਸ਼ੇਸ਼ ਟਰੈਫਿਕ ਰੂਟ ਬਣਾਏ ਜਾਣ ਅਤੇ ਪਾਰਕਿੰਗ ਲਈ ਪਹਿਲਾਂ ਹੀ ਥਾਵਾਂ ਨਿਸ਼ਚਤ ਕੀਤੀਆਂ ਜਾਣ ਤਾਂ ਜੋ ਕਿਸੇ ਤਰ੍ਹਾਂ ਦੀ ਟ੍ਰੈਫਿਕ ਦੀ ਸਮੱਸਿਆ ਪੇਸ਼ ਨਾ ਆਵੇ।ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜਿਲ੍ਹਾ ਪੱਧਰੀ ਅਜਾਦੀ ਸਮਾਗਮ ਵਿੱਚ ਵੱਧ ਤੋ ਵੱਧ ਸਿਰਕਤ ਕਰਨ।
ਮੀਟਿੰਗ ਦੌਰਾਨ ਐਸ.ਡੀ.ਐਮ. ਫਾਜ਼ਿਲਕਾ ਸ਼੍ਰੀ ਸੁਭਾਸ਼ ਖੱਟਕ, ਸਹਾਇਕ ਕਮਿਸ਼ਨਰ ਸ. ਕੁਲਪ੍ਰੀਤ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਸ. ਪਰਮਜੀਤ ਸਿੰਘ, ਡੀ.ਐਸ.ਪੀ. ਸ. ਬਲਜੀਤ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਸੁਖਬੀਰ ਸਿੰਘ ਬੱਲ, ਡਿਪਟੀ ਡਾਇਰੈਕਟਰ ਬਾਗਬਾਨੀ ਡਾ. ਜਸਪਾਲ ਸਿੰਘ, ਜ਼ਿਲ੍ਹਾ ਮੰਡੀ ਅਫ਼ਸਰ ਸ. ਮਨਜੀਤ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਸ. ਬਲਵੰਤ ਸਿੰਘ ਆਦਿ ਹਾਜਰ ਸਨ।

Check Also

ਨਗਰ ਨਿਗਮ ਵਲੋਂ ਸ਼ਹਿਰ ਦੇ ਪ੍ਰਮੁੱਖ ਖੇਤਰਾਂ ਵਿੱਚ ਵੱਡੇ ਪੱਧਰ ’ਤੇ ਐਂਟੀ-ਇੰਕਰੋਚਮੈਂਟ ਮੁਹਿੰਮ

ਅੰਮ੍ਰਿਤਸਰ, 30 ਜਨਵਰੀ (ਜਗਦੀਪ ਸਿੰਘ) – ਸ਼ਹਿਰ ਵਿੱਚ ਸੁਚਾਰੂ ਟ੍ਰੈਫਿਕ ਵਿਵਸਥਾ, ਲੋਕ ਸੁਵਿਧਾ, ਪੈਦਲ ਯਾਤਰੀਆਂ …

Leave a Reply